5 Dariya News

ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਤੇ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ : ਹਰਕੇਸ਼ ਚੰਦ ਸ਼ਰਮਾ

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਕਿਸਮ ਦੀ ਦਿੱਕਤ

5 Dariya News

ਐਸ.ਏ.ਐਸ ਨਗਰ 05-Mar-2020

ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ, ਪੰਜਾਬ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫ਼ਤਰਾਂ ਵਿੱਚ ਬਕਾਇਆ ਕੰਮਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਸ਼੍ਰੀ ਮੱਛਲੀਕਲਾਂ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਕੇ ਅਤੇ ਜ਼ਿਲ੍ਹਾ ਸਮਾਜਕ ਸੁਰੱਖਿਆ ਵਿਭਾਗ ਅਤੇ ਪੇਂਡੂ ਤੇ ਪੰਚਾਇਤ ਵਿਕਾਸ ਵਿਭਾਗ ਦੇ ਦਫ਼ਤਰ ਵਿੱਚ ਜਾ ਕੇ ਲੋਕਾਂ ਦੇ ਬਕਾਇਆ ਕੰਮਾਂ ਦਾ ਨਿਪਟਾਰਾ ਕਰਵਾਇਆ, ਜਿਸ ਸਬੰਧੀ ਲੋਕਾਂ ਨੇ ਉਨ੍ਹਾਂ ਦਾ ਉਚੇਚੇ ਤੌਰ ਉਤੇ ਧੰਨਵਾਦ ਕੀਤਾ।ਇਸ ਮੌਕੇ ਸ਼੍ਰੀ ਮੱਛਲੀਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਮਾਹੌਲ ਮੁਹੱਈਆ ਕਰਵਾ ਰਹੀ ਹੈ। ਇਸ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕ ਜਿਹੜੇ ਵੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕਰਦੇ ਹਨ, ਉਹ ਫੌਰੀ ਮੁਕੰਮਲ ਹੋਣ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਆਖਿਆ ਕਿ ਜੇ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰੇਗਾ ਜਾਂ ਕਿਸੇ ਵੀ ਢੰਗ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸ਼੍ਰੀ ਮੱਛਲੀਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਕਰਾਰ ਵਚਨਬੱਧ ਹੈ, ਜਿਸ ਲਈ ਸਰਕਾਰ ਬਹੁਤ ਹੀ ਸੂਝਬੂਝ ਨਾਲ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਜ਼ੋਰਾ ਸਿੰਘ ਸਰਪੰਚ ਮਨੌਲੀ, ਗੁਰਵਿੰਦਰ ਸਿੰਘ ਸਰਪੰਚ ਨਡਿਆਲੀ, ਦਰਬਾਰਾ ਸਿੰਘ ਮਨੌਲੀ, ਗਿਆਨੀ ਗੁਰਮੇਲ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਭਜਨ ਸਿੰਘ, ਪੰਡਤ ਚਮਨ ਲਾਲ, ਸਮੇਤ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।