ਹਲਕਾ ਸ੍ਰੀ ਹਰਗੋਬਿੰਦਪੁਰ ਦੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਰਵਾਨਾ ਕੀਤੀ
ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਦੇ ਘਰ ਤੱਕ ਰਾਸ਼ਨ ਪਹੁੰਚਾ ਰਹੀ ਹੈ ਪੰਜਾਬ ਸਰਕਾਰ - ਵਿਧਾਇਕ ਲਾਡੀ
5 Dariya News
ਬਟਾਲਾ 10-Apr-2020
ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਰਾਹਤ ਤਹਿਤ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਅੱਜ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਲਈ ਰਾਹਤ ਦੇ 500 ਪੈਕਟ ਰਵਾਨਾ ਕੀਤੇ ਗਏ।ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਇਸ ਸਮੇਂ ਪੂਰੀ ਦੁਨੀਆਂ ਵਿੱਚ ਹਾਲਤ ਗੰਭੀਰ ਬਣੇ ਹੋਏ ਹਨ ਅਤੇ ਇਸ ਬਿਮਾਰੀ ਤੋਂ ਸੂਬਾ ਵਾਸੀ ਬਚੇ ਰਹਿਣ ਇਸ ਲਈ ਰਾਜ ਸਰਕਾਰ ਵਲੋਂ ਕਰਫਿਊ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰੋਬਾਰ ਬੰਦ ਹੋਣ ਕਾਰਨ ਕਈ ਪਰਿਵਾਰਾਂ ਨੂੰ ਖਾਣੇ ਦੀ ਸਮੱਸਿਆ ਆਈ ਹੈ ਜਿਸ ਨੂੰ ਦੂਰ ਕਰਨ ਲਈ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਲੋੜਵੰਦ ਦੇ ਘਰ ਤੱਕ ਰਾਸ਼ਨ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ, ਪ੍ਰਸ਼ਾਸਨ ਵਲੋਂ ਰੋਜ਼ਮਰਾਂ ਦੀਆਂ ਲੋੜਾਂ ਦਾ ਸਮਾਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਦੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਇੱਕ ਲਾਗ ਦੀ ਬਿਮਾਰੀ ਹੈ ਅਤੇ ਇਸਨੂੰ ਪੂਰੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰੀ ਮਨੁੱਖਤਾ ਇੱਕ ਅਜਿਹੇ ਦੁਸ਼ਮਣ ਨਾਲ ਲੜ੍ਹ ਰਹੀ ਹੈ ਜੋ ਦਿਖਾਈ ਵੀ ਨਹੀਂ ਦਿੰਦਾ ਅਤੇ ਇਸ ਜੰਗ ਨੂੰ ਜਿੱਤਣ ਲਈ ਆਪਣੇ ਘਰਾਂ ਅੰਦਰ ਰਹਿਣਾ, ਸਿਹਤ ਵਿਭਾਗ ਦੀਆਂ ਸਾਵਧਾਨੀ ਨੂੰ ਮੰਨਣਾ ਸਭ ਤੋਂ ਜਰੂਰੀ ਹੈ।