5 Dariya News

ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾ ਸਦਕਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਵਿੱਚ ਪਹੁੰਚੀ ਸੂਬਾ ਸਰਕਾਰ ਦੀ ਰਾਹਤ

ਗਰੀਬਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਉਣ ਲਈ ਵਿਧਾਇਕ ਲਾਡੀ ਨੇ ਖੁਦ ਸੰਭਾਲਿਆ ਮੋਰਚਾ

5 Dariya News

ਬਟਾਲਾ 11-Apr-2020

ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਪੰਜਾਬ ਸਰਕਾਰ ਵਲੋਂ ਹਰ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਕਰਫਿਊ ਵਿੱਚ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਰਾਜ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਹਰ ਜਰੂਰਤ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ। ਇਸ ਸੰਕਟ ਦੀ ਘੜ੍ਹੀ ਨਾਲ ਨਜਿੱਠਣ ਲਈ ਜਿਥੇ ਰਾਜ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ ਉਥੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਦੀ ਸਹਾਇਤਾ ਲਈ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਖੁਦ ਮੋਰਚਾ ਸੰਭਾਲਿਆ ਗਿਆ ਹੈ। ਸ. ਲਾਡੀ ਖੁਦ ਹਰ ਪਿੰਡ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਦਾ ਖਿਆਲ ਰੱਖ ਰਹੇ ਹਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਰਾਹਤ ਤਹਿਤ ਆਇਆ ਮੁਫ਼ਤ ਰਾਸ਼ਨ ਘਰ-ਘਰ ਤੱਕ ਪਹੁੰਚਾ ਰਹੇ ਹਨ। ਵਿਧਾਇਕ ਲਾਡੀ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ 80 ਫੀਸਦੀ ਪਿੰਡਾਂ ਵਿੱਚ ਪੰਜਾਬ ਸਰਕਾਰ ਦਾ ਮੁਫ਼ਤ ਰਾਸ਼ਨ ਪਹੁੰਚ ਚੁੱਕਾ ਹੈ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਉਹ ਆਪਣੇ ਪਰਿਵਾਰ ਰੂਪੀ ਹਲਕੇ ਦੇ ਨਿਵਾਸੀਆਂ ਦੀ ਹਰ ਜਰੂਰਤ ਤੇ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣ। ਉਨ੍ਹਾਂ ਕਿਹਾ ਕਿ ਭਾਂਵੇ ਇਸ ਸਮੇਂ ਸੰਕਟ ਦੀ ਘੜ੍ਹੀ ਹੈ ਪਰ ਉਹ ਆਪਣੇ ਹਲਕਾ ਵਾਸੀਆਂ ਨੂੰ ਯਕੀਨ ਦਿਵਾਉਣਾ ਚਾਹੁੰਦੇ ਹਨ ਕਿ ਉਹ ਬਿਲਕੁਲ ਵੀ ਨਾ ਘਬਰਾਉਣ, ਕਿਉਂਕਿ ਪੰਜਾਬ ਸਰਕਾਰ ਅਤੇ ਉਹ ਖੁਦ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਹਨ। ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿਚੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਲਿਸਟਾਂ ਬਣਾਈਆਂ ਗਈਆਂ ਹਨ ਅਤੇ ਹਰ ਲੋੜਵੰਦ ਦੇ ਘਰ ਤੱਕ ਮੁਫ਼ਤ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਇੱਕ ਵੀ ਪਰਿਵਾਰ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਆਸ ਪਾਸ ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਜੇਕਰ ਕੋਈ ਪਰਿਵਾਰ ਰਾਸ਼ਨ ਤੋਂ ਵਾਂਝਾ ਹੈ ਤਾਂ ਇਸ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।