5 Dariya News

ਮੰਡੀ ਗੋਬਿੰਦਗੜ੍ਹ ਵਿਖੇ ਮਜ਼ਦੂਰਾਂ ਦੀ ਕੁੱਟਮਾਰ ਸਬੰਧੀ ਫੈਲਾਈ ਗਈ ਅਫਵਾਹ: ਅਮਨੀਤ ਕੌਂਡਲ

ਸੋਸ਼ਲ ਮੀਡੀਆ 'ਤੇ ਗੁਮਰਾਹ ਕਰਨ ਵਾਲੀ ਜਾਣਕਾਰੀ ਸਾਂਝੀ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾ ਰਹੀ ਹੈ ਕਾਰਵਾਈ

5 Dariya News

ਫ਼ਤਹਿਗੜ੍ਹ ਸਾਹਿਬ 25-May-2020

ਜ਼ਿਲ੍ਹਾ ਪੁਲੀਸ ਮੁਖੀ  ਅਮਨੀਤ ਕੌਂਡਲ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਨਾਲ ਸਬੰਧਤ ਵੱਖ ਵੱਖ ਲੋਕਾਂ ਨੂੰ ਤੈਅ ਪ੍ਰਕਿਰਿਆ ਤਹਿਤ ਰੇਲ ਗੱਡੀਆਂ ਜਾਂ ਬੱਸਾਂ ਰਾਹੀਂ ਉਨ੍ਹਾਂ ਦੇ ਜੱਦੀ ਸੂਬਿਆਂ ਨੂੰ ਭੇਜਿਆ ਜਾ ਰਿਹਾ ਹੈ। ਪਰ ਕੁੱਝ ਲੋਕ ਇਸ ਸਬੰਧੀ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁਮਰਾਹ ਕਰਦੇ ਹਨ ਤੇ ਅੱਜ ਕਿਸੇ ਸ਼ਰਾਰਤੀ ਅਨਸਰ ਨੇ ਅਫਵਾਹ ਫੈਲਾ ਦਿੱਤੀ ਕਿ ਖਾਲਸਾ ਸਕੂਲ, ਮੰਡੀ ਗੋਬਿੰਦਗੜ੍ਹ ਤੋਂ ਬਿਹਾਰ ਲਈ ਬੱਸਾਂ ਜਾ ਰਹੀਆਂ ਹਨ, ਜਿਸ ਕਰ ਕੇ ਅੱਜ ਸਵੇਰੇ ਕਾਫੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਖਾਲਸਾ ਸਕੂਲ, ਮੰਡੀ ਗੋਬਿੰਦਗੜ੍ਹ ਦੇ ਮੈਦਾਨ ਵਿੱਚ ਇੱਕਠੇ ਹੋ ਗਏ, ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਸੂਬਿਆਂ ਲਈ ਇੱਥੋਂ ਕੋਈ ਬੱਸ ਜਾਂ ਰੇਲ ਗੱਡੀ ਨਹੀਂ ਜਾਣੀ ਤਾਂ ਪਰਵਾਸੀ ਮਜ਼ਦੂਰਾਂ ਨੇ ਉਥੇ ਨਾਅਰੇਬਾਜ਼ੀ ਕੀਤੀ, ਜਿਨ੍ਹਾਂ ਨੂੰ ਥਾਣਾ ਗੋਬਿੰਦਗੜ੍ਹ ਦੇ ਮੁੱਖ ਅਫ਼ਸਰ ਇੰਸ: ਮਹਿੰਦਰ ਸਿੰਘ ਨੇ ਸ਼ਾਂਤ ਕੀਤਾ। ਇਸ ਦੌਰਾਨ ਕੁਝ ਸ਼ਰਾਰਤੀ ਲੋਕਾਂ ਨੇ ਸ਼ਰਾਰਤ ਕਰਨ ਦੀ ਵੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ।ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਇਸ ਸਬੰਧੀ ਸੋਸ਼ਲ ਮੀਡੀਏ 'ਤੇ ਗੁਮਰਾਹ ਕਰਨ ਵਾਲੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਮਜ਼ਦੂਰਾਂ ਨੂੰ ਕੁੱਟਿਆ ਗਿਆ, ਪੁਲਿਸ ਵਾਹਨਾਂ ਦੀ ਭੰਨਤੋੜ ਹੋਈ ਤੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ। ਜਦੋਂ ਕਿ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਤੇ ਗੁਮਰਾਹ ਕਰਨ ਵਾਲੀ ਜਾਣਕਾਰੀ ਸਾਂਝੀ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ ਤੇ ਗੁਮਰਾਹ ਕਰਨ ਵਾਲੀ  ਜਾਣਕਾਰੀ ਸੋਸ਼ਲ ਮੀਡੀਆ 'ਤੇ ਪਾਉਣ ਸਬੰਧੀ ਪਹਿਲਾਂ ਵੀ ਕਈ ਕੇਸ ਦਰਜ ਕਰ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਡੀ.ਐਸ.ਪੀ. ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਮੌਕੇ ਉਤੇ ਹੀ ਬੱਸਾਂ ਦਾ ਪ੍ਰਬੰਧ ਕਰ ਕੇ 300 ਦੇ ਕਰੀਬ ਪਰਵਾਸੀ ਮਜ਼ਦੂਰਾਂ ਨੂੰ ਬਾਅਦ ਦੁਪਹਿਰ ਵਿਸ਼ੇਸ਼ ਵਾਹਨਾਂ ਰਾਹੀਂ ਅੰਬਾਲਾ ਰੇਲਵੇ ਸਟੇਸ਼ਨ ਪੁਚਾਇਆ ਗਿਆ, ਜਿੱਥੋਂ ਇਹ ਮਜ਼ਦੂਰ ਬਿਹਾਰ ਜਾਣਗੇ।