ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨ ਤੇ ਲੋਕ ਹਾਗਰੂਕਤਾ ਲਈ ਆਂਗਨਵਾੜੀ ਵਰਕਰਾਂ ਨੇ ਚਲਾਈ ਵਿਸ਼ੇਸ਼ ਮੁਹਿੰਮ
ਘਰ-ਘਰ ਜਾ ਕੇ ਮੂੰਹ ਤੇ ਮਾਸਕ ਲਾਉਣ, ਸਮਾਜਿਕ ਦੂਰੀ ਰੱਖਣ ਤੇ ਵਾਰ-ਵਾਰ ਹੱਥ ਧੋਣ ਲਈ ਕੀਤਾ ਪ੍ਰੇਰਿਤ
5 Dariya News
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 02-Jul-2020
ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਵਿਡ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਅੱਜ ਜ਼ਿਲ੍ਹੇ ਭਰ ’ਚ ਆਂਗਨਵਾੜੀ ਵਰਕਰਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਅਗਵਾਈ ’ਚ ਵਿਸ਼ੇਸ਼ ਮੁਹਿੰਮ ਚਲਾਈ।ਸੀ ਡੀ ਪੀ ਓ ਪੂਰਨ ਪੰਕਜ ਸ਼ਰਮਾ ਅਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਕੀਤੀਆਂ ਹਦਾਇਤਾਂ ਅਨੁਸਾਰ ਅੱਜ ਮਿਸ਼ਨ ਫ਼ਤਿਹ ਤਹਿਤ ਆਂਗਨਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਆਪਣੇ ਹੱਥ ਨੂ ਵਾਰ-ਵਾਰ ਧੋਣ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਉਨ੍ਹਾਂ ਘਰਾਂ ਜਿੱਥੇ 65 ਸਾਲ ਤੋਂ ਉੱਪਰ ਦੇ ਬਜ਼ੁਰਗ ਅਤੇ 10 ਸਾਲ ਤੋਂ ਘੱਟ ਦੇ ਬੱਚੇ, ਗਰਭਵਤੀ ਮਹਿਲਾਵਾਂ ਅਤੇ ਪੁਰਾਣੀਆਂ ਬਿਮਾਰੀਆਂ ਨਾਲ ਪੀੜਤ ਮੌਜੁਦ ਸਨ, ਨੂੰ ਕੋਵਿਡ ਦੌਰਾਨ ਘਰ ਤੋਂ ਬਹੁਤ ਹੀ ਜ਼ਰੂਰੀ ਹਾਲਤਾਂ ’ਚ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ।ਜ਼ਿਕਰਯੋਗ ਹੈ ਕਿ ਆਂਗਨਵਾੜੀ ਵਰਕਰਾਂ ਕੋਵਿਡ-19 ਖ਼ਿਲਾਫ਼ ਜੰਗ ਦੀ ਸ਼ੁਰੂਆਤ ਤੋਂ ਹੀ ਜ਼ਿਲ੍ਹੇ ’ਚ ਮਹੱਤਵਪੂਰਣ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਵੱਲੋਂ ਸ਼ੁਰੂਆਤੀ ਤੌਰ ’ਤੇ ਵਿਦੇਸ਼ ਤੋਂ ਪਰਤੇ ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕਰਨ ’ਚ ਜਿੱਥੇ ਮੋਹਰੀ ਭੂਮਿਕਾ ਨਿਭਾਈ ਗਈ ਉੱਥੇ ਬਾਅਦ ਵਿੱਚ ਲਾਕਡਾਊਨ ’ਚ ਮਿਲੀਆਂ ਛੋਟਾਂ ਅਤੇ ਅਨਲਾਕ ਪ੍ਰਕਿਰਿਆ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੇ ਕਿਸੇ ਵੀ ਪਿੰਡ ’ਚ ਆਉਣ ਵਾਲੇ ਵਿਅਕਤੀਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰੰਤਰ ਸੂਚਨਾ ਦਿੱਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਕੋਵਿਡ ਖ਼ਿਲਾਫ਼ ਲੜਾਈ ਦੀਆਂ ਜੰਗਜੂ ਕਰਾਰ ਦਿੰਦਿਆਂ ਕਿਹਾ ਕਿ ਅਸਲ ਲੜਾਈ ਜ਼ਮੀਨ ’ਤੇ ਲੜੀ ਜਾਂਦੀ ਹੈ ਅਤੇ ਇਹ ਵਰਕਰਾਂ ਸਾਡੀਆਂ ‘ਫੁੱਟ ਸੋਲਜਰ’ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਇਨ੍ਹਾਂ ਆਂਗਨਵਾੜੀ ਵਰਕਰਾਂ ਦੀਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਆਉਂਦੀਆਂ ਰਿਪੋਰਟਾਂ ਦਾ ਜਦੋਂ ਉਹ ਮੁਲਾਂਕਣ ਕਰਦੇ ਹਨ ਤਾਂ ਇਸ ਗੱਲ ’ਚ ਮਾਣ ਮਹਿਸੂਸ ਕਰਦੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਇਸ ਮਹਾਂਮਾਰੀ ਤੋਂ ਬਚਾਉਣ ’ਚ ਇਨ੍ਹਾਂ ਦਾ ਵਿਸ਼ੇਸ਼ ਯੋਗਾਦਨ ਰਿਹਾ ਹੈ।ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ’ਚ ਜਿਸ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਵਿਭਾਗ ਸਿਰ ਜੋੜ ਕੇ ਕੰਮ ਕਰ ਰਹੇ ਹਨ, ਉਸ ਤੋਂ ਉਨ੍ਹਾਂ ਨੂੰ ਪੂਰਣ ਵਿਸ਼ਵਾਸ਼ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਇਸ ਬਿਮਾਰੀ ਤੋਂ ਜਲਦ ਮੁਕਤ ਹੋਣ ’ਚ ਸਫ਼ਲਤਾ ਪ੍ਰਾਪਤ ਕਰ ਲਵੇਗਾ।