5 Dariya News

ਹੜ੍ਹ ਸੁਰੱਖਿਆ ਪ੍ਰਬੰਧ ਅਗਲੇ ਹਫ਼ਤੇ ਮੁਕੰਮਲ ਹੋ ਜਾਣਗੇ-ਡਿਪਟੀ ਕਮਿਸ਼ਨਰ

ਜ਼ਿਲ੍ਹੇ 'ਚ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ

5 Dariya News

ਜਲੰਧਰ 11-Jul-2020

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਦਰਿਆ ਸਤਲੁਜ ਦੇ ਨਾਲ-ਨਾਲ ਸਾਰੇ ਹੜ੍ਹ ਸੁਰੱਖਿਆ ਪ੍ਰਬੰਧ ਅਗਲੇ ਹਫ਼ਤੇ ਦੇ ਅਖੀਰ ਤੱਕ ਮੁਕੰਮਲ ਹੋ ਜਾਣਗੇ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੜ੍ਹ ਸੁਰੱਖਿਆ ਦੇ ਕੰਮ ਚੋਮੋ ਅਤੇ ਜੰਡੂ ਸਿੰਗਾ ਡਰੇਨਾਂ ਦੀ ਸਫ਼ਾਈ ਤੋਂ ਇਲਾਵਾ ਮਿਊਂਵਾਲ, ਮਾਊ ਸਾਹਿਬ, ਲਸਾੜਾ, ਇਸਮਾਇਲਪੁਰ, ਜਾਨੀਆਂ ਵਿਖੇ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਕੰਮ ਕਰਵਾਉਣ ਵਾਲੀ ਏਜੰਸੀ ਵਲੋਂ ਦਰਿਆ ਸਤਲੁਜ ਦੇ ਨਾਲ-ਨਾਲ ਸਾਰੀਆਂ ਨਾਜ਼ੁਕ ਥਾਵਾਂ ਦੀ ਨਿਰੰਤਰ ਨਜ਼ਰਸਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟਾਂ ਵਲੋਂ ਰੋਜ਼ਾਨਾਂ ਦੇ ਅਧਾਰ 'ਤੇ ਹੜ੍ਹ ਸੁਰੱਖਿਆ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਕੰਮ ਅਗਲੇ ਹਫ਼ਤੇ ਤੱਕ ਮੁਕੰਮਲ ਹੋ ਜਾਣਗੇ। ਸ੍ਰੀ ਥੋਰੀ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਕਿਸੇ ਵੀ ਪ੍ਰਕਾਰ ਦੀ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੰਟਰੋਲ ਰੂਮ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਮਲੇ ਦੀਆਂ ਡਿਊਟੀਆਂ ਸਬੰਧੀ ਰੋਸਟਰ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਵਿਖੇ ਤਾਇਨਾਤ ਅਮਲੇ ਦੀ ਨਜ਼ਰਸਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਸਾਮੀ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਮੀ ਮੌਸਮ ਦੌਰਾਨ ਕਿਸੇ ਵੀ ਅਣਕਿਆਸੀ ਸਥਿਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਲੋੜ ਪੈਂਦੀ ਹੈ ਤਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਸਥਾਨਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਵਲੋਂ ਡਰੇਨਜ਼, ਨਗਰ ਨਿਗਮ ਅਤੇ ਪੁਲਿਸ ਵਿਭਾਗ ਵਲੋਂ ਹੜ੍ਹ ਆਉਣ ਦੀ ਸੂਰਤ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।ਇਸ ਮੌਕੇ ਐਸ.ਡੀ.ਆਰ.ਐਫ.ਪੰਜਾਬ ਦੇ ਇੰਚਾਰਜ ਆਈ.ਜੀ. ਸ੍ਰੀ ਐਮ.ਐਫ.ਫਰੂਕੀ, ਕਮਿਸ਼ਨਰ ਨਗਰ ਨਿਗਮ ਸ੍ਰੀ ਕਰਨੇਸ਼ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।