5 Dariya News

ਐਮ. ਪੀ ਮਨੀਸ਼ ਤਿਵਾੜੀ ਨੇ ਹੜ ਰੋਕੂ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

5 Dariya News

ਬਲਾਚੌਰ 06-Aug-2020

ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਬਲਾਚੌਰ ਵਿਖੇ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਅਗਾਊਂ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਹਾਜ਼ਰੀ ਵਿਚ ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਨਾਲ ਇਨਾਂ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਇਸ ਦੌਰਾਨ ਉਨਾਂ ਡਰੇਨੇਜ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਤਲੁਜ ਦਰਿਆ ਅਤੇ ਧੁੱਸੀ ਬੰਨ ’ਤੇ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਬਿਓਰਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਪਿਛਲੇ ਸਾਲ ਬਲਾਚੌਰ ਸਬ-ਡਵੀਜ਼ਨ ਦੇ ਹੜਾਂ ਨਾਲ ਪ੍ਰਭਾਵਿਤ ਹੋਏ ਬੇਲਾ ਤਾਜੋਵਾਲ, ਦੁਗਰੀ, ਖੋਜਾ ਬੇਟ ਅਤੇ ਹੋਰਨਾਂ ਸੰਵੇਦਨਸ਼ੀਲ ਇਲਾਕਿਆਂ ਵਿਚ ਖਾਸ ਚੌਕਸੀ ਵਰਤੀ ਜਾਵੇ ਅਤੇ ਕਿਸੇ ਵੀ ਹੰਗਾਮੀ ਹਾਲਤ ਵਿਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਨੇ ਦੱਸਿਆ ਕਿ ਸਬ-ਡਵੀਜ਼ਨ ਬਲਾਚੌਰ ਵਿਚ ਹੜਾਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਬੰਨਾਂ ਦੀ ਨਿਗਰਾਨੀ ਵਿਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ।

ਇਸ ਦੌਰਾਨ ਸ੍ਰੀ ਮਨੀਸ਼ ਤਿਵਾੜੀ ਨੇ ਸਬ-ਡਵੀਜ਼ਨ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੋਵਿਡ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮਾਂਬੱਧ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਕੋਵਿਡ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤੀਆਂ ਜਾਣ ਅਤੇ ਇਸ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੌਰਾਨ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਪਹਿਲੇ ਫੇਜ਼ ਵਿਚ ਸੀਵਰੇਜ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਦੂਜੇ ਫੇਜ਼ ਦੀ ਪਰਪੋਜ਼ਲ ਬਣਾ ਕੇ ਭੇਜ ਦਿੱਤੀ ਗਈ ਹੈ। ਸ੍ਰੀ ਤਿਵਾੜੀ ਨੇ ਪਹਿਲੇ ਫੇਜ਼ ਦਾ ਕੰਮ ਜਲਦ ਮੁਕੰਮਲ ਕਰਨ ਅਤੇ ਦੂਜੇ ਫੇਜ਼ ਦੀ ਪ੍ਰਵਾਨਗੀ ਲੈ ਕੇ ਕੰਮ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਇਸੇ ਤਰਾਂ ਉਨਾਂ ਜਲ ਸਪਲਾਈ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੋਂ ਵੀ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਲਈ। ਇਸ ਮੌਕੇ ਮਿਊਂਸਪਲ ਕਮੇਟੀ ਬਲਾਚੌਰ ਦੇ ਪ੍ਰਧਾਨ ਟਿੰਕੂ ਘਈ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਬੀ. ਡੀ. ਪੀ. ਓ ਦਰਸ਼ਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।