5 Dariya News

ਮਿਸ਼ਨ ਫਤਿਹ; ਪਿੰਡਾਂ ’ਚ ਟੈਸਟਿੰਗ ਪ੍ਰਤੀ ਜਾਗਰੂਕਤਾ ਫੈਲਾਉਣ ’ਚ ਸਰਪੰਚਾਂ ਨੇ ਸੰਭਾਲੀ ਕਮਾਨ

ਸਰਪੰਚਾਂ ਵਲੋਂ ਚੁੱਕਿਆਂ ਗਿਆ ਕਦਮ ਕੋਰੋਨਾ ਦੇ ਫੈਲਾਅ ਨੂੰ ਰੋਕਣ ’ਚ ਹੋਵੇਗਾ ਕਾਰਗਰ ਸਾਬਤ : ਡਿਪਟੀ ਕਮਿਸ਼ਨਰ

5 Dariya News

ਹੁਸ਼ਿਆਰਪੁਰ 09-Sep-2020

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੀ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਵਿੱਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਉਥੇ ਇਸੇ ਲੜੀ ਵਿੱਚ ਪਿੰਡਾਂ ਦੇ ਸਰਪੰਚਾਂ ਨੇ ਵੀ ਕਮਾਨ ਸੰਭਾਲ ਕੇ ਲੋਕਾਂ ਨੂੰ ਟੈਸਟਿੰਗ ਪ੍ਰਤੀ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਹੀ ਕੋਰੋਨਾ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਪੰਚਾਂ ਵਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ ਜੋ ਕਿ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਵਿੱਚ ਕਾਰਗਰ ਸਾਬਤ ਹੋਵੇਗਾ।ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਸ਼ਾਸਨ ਵਲੋਂ ਘੋਸ਼ਿਤ ਹੋਣ ਵਾਲੇ ਕੰਟੇਨਮੈਂਟ ਜ਼ੋਨ, ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸੀਲਿੰਗ  ਦੀ ਪ੍ਰਕ੍ਰਿਆ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾ ਸਥਾਨਾਂ ਨੂੰ ਕੰਟੇਨਮੈਂਟ ਜ਼ੋਨ/ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ ਉਥੇ ਦੁਕਾਨਾਂ, ਪਾਰਕਾਂ, ਜਿੰਮ ਆਦਿ ਨੂੰ ਤੁਰੰਤ ਬੰਦ ਕਰਕੇ ਲੋਕਾਂ ਦੀ ਇਨ੍ਹਾਂ ਜ਼ੋਨਾਂ ਵਿੱਚ ਆਣ-ਜਾਣ ’ਤੇ ਪਾਬੰਦੀ ਲਗਾਈ ਜਾਵੇ ਤਾਂ ਜੋ  ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਜ਼ੋਨਾਂ ਵਿੱਚ ਤਿੰਨ ਦਿਨ ਦੇ ਅੰਦਰ ਪੂਰੀ ਸੈਂਪਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਐਸ.ਡੀ.ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੰਟੇਨਮੈਂਟ, ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਹੋਣ ’ਤੇ ਉਸ ਏਰੀਏ ਦੇ ਲੋਕਾਂ ਨੂੰ ਟੈਸਟਿੰਗ ਲਈ ਜਾਗਰੂਕ ਵੀ ਕਰਨ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਅਸੀਂ ਇਨ੍ਹਾਂ ਜ਼ੋਨਾਂ ਵਿੱਚ ਟੈਸਟਿੰਗ ਕਰਾਂਗੇ ਓਨੀ ਹੀ ਜਲਦੀ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਕੋਈ ਸੀਲਿੰਗ ਦੇ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਸਹਿਯੋਗ ਨਹੀਂ ਕਰਦਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਪਨੀਤ ਰਿਆਤ ਨੇ ਇਸ ਦੌਰਾਨ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਟੈਸਟਿੰਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਸਬੰਧੀ ਐਨ.ਜੀ.ਓਜ਼ ਦੀ ਸਹਾਇਤਾ ਲੈਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਤਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ  ਕਿ ਜ਼ਿਲ੍ਹੇ ਦੇ ਸਾਰੇ ਬੀ.ਡੀ.ਪੀ.ਓਜ਼ ਸਰਪੰਚਾਂ ਨਾਲ ਮਿਲ ਕੇ ਪਿੰਡਾਂ ਵਿੱਚ ਵੱਧ ਤੋਂ ਵੱਧ ਸੈਂਪਲਿੰਗ ਲਈ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਐਸ.ਪੀ ਪਰਮਿੰਦਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ , ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ  ਹੋਰ ਅਧਿਕਾਰੀ ਵੀ ਹਾਜ਼ਰ ਸਨ।