5 Dariya News

ਸਮਾਰਟ ਰਾਸ਼ਨ ਕਾਰਡ ਜਨਤਕ ਵੰਡ ਪ੍ਰਣਾਲੀ ਵਿਚਲਾ ਇਨਕਲਾਬੀ ਕਦਮ : ਕੁਲਜੀਤ ਸਿੰਘ ਨਾਗਰਾ

ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ

5 Dariya News

ਫ਼ਤਹਿਗੜ੍ਹ ਸਾਹਿਬ 12-Sep-2020

ਪੰਜਾਬ ਸਰਕਾਰ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨਾਲ ਮਿਸ਼ਨ ਫ਼ਤਹਿ ਤਹਿਤ ਜੰਗ ਲੜ ਰਹੀ ਹੈ, ਉਥੇ ਸੂਬੇ ਦੇ ਵਿਕਾਸ ਦੇ ਕਾਰਜ ਵੀ ਬੇਰੋਕ ਜਾਰੀ ਹਨ, ਜਿਨ੍ਹਾਂ ਦੀ ਲੜੀ ਤਹਿਤ ਲੋੜਵੰਦਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਸਬੰਧੀ ਇਨਕਲਾਬੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਗਈ ਹੈ, ਜੋ ਲਾਭਪਾਤਰੀਆਂ ਲਈ ਵੱਡੀ ਸਹੂਲਤ ਸਾਬਤ ਹੋਣ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਨਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬੱਚਤ ਭਵਨ ਵਿਖੇ ਜਿ਼ਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕਾਰਡ ਵੰਡਣ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿ਼ਰਕਤ ਕਰਦਿਆਂ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਇਸ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਕਾਰਡਾਂ ਦੀ ਸੰਭਾਲ ਸਬੰਧੀ ਤੇ ਕਈ ਕਿਸਮ ਦੀਆਂ ਦੁਚਿੱਤੀਆਂ ਸਮੇਤ ਵੱਖ ਵੱਖ ਮੁਸ਼ਕਲਾਂ ਦਰਪੇਸ਼ ਸਨ, ਜਿਨ੍ਹਾਂ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਦਾ ਯਤਨਸ਼ੀਲ ਰਹੀ ਹੈ ਤੇ ਹੁਣ ਅਜਿਹੀਆਂ ਮੁਸ਼ਕਲਾਂ ਦਾ ਹੱਲ ਕਰਦਿਆਂ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ। ਇਨ੍ਹਾਂ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਲਾਭਪਾਤਰੀ ਇਸ ਕਾਰਡ ਸਦਕਾ ਪੰਜਾਬ ਵਿੱਚੋਂ ਕਿਤੋਂ ਵੀ ਸਸਤੇ ਰਾਸ਼ਨ ਦਾ ਲਾਭ ਹਾਸਲ ਕਰ ਸਕਦਾ ਹੈ। ਇਨ੍ਹਾਂ ਕਾਰਡਾਂ ਸਦਕਾ ਅਯੋਗ ਲਾਭਪਾਤਰੀਆਂ ਵੱਲੋਂ ਸਕੀਮ ਦੀ ਦੁਰਵਰਤੋਂ ਦੇ ਖਦਸ਼ੇ ਮੁੱਕ ਗਏ ਹਨ।

ਸ. ਨਾਗਰਾ ਨੇ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਸਮੇਤ ਪੂਰੇ ਜਿ਼ਲ੍ਹੇ ਵਿੱਚ 79 ਹਜ਼ਾਰ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਜਾਣੇ ਹਨ, ਜਿਨ੍ਹਾਂ ਦਾ 03 ਲੱਖ ਤੋਂ ਵੱਧ ਵਿਅਕਤੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਮਾਰਟ ਰਾਸ਼ਨ ਕਾਰਡ ਹਾਸਲ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਨਾ ਹੀ ਇਨ੍ਹਾਂ ਦੀ ਵਰਤੋਂ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਭਰੋਸਾ ਦਿਵਾਇਆ ਕਿ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰਾਸ਼ਨ ਦੀ ਵੰਡ ਵੇਲੇ ਵੀ ਲਾਭਪਾਤਰੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਮਾਗਮ ਦੌਰਾਨ ਮੌਕੇ ’ਤੇ ਸਮਾਰਟ ਰਾਸ਼ਨ ਕਾਰਡਾਂ ਦੀ ਵਰਤੋਂ ਕਰਦਿਆਂ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵੀ ਕੀਤੀ ਗਈ।ਇਸ ਮੌਕੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ੍ਰੀ ਸੁਭਾਸ਼ ਸੂਦ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਏਐਡਐਸਓ ਕੇਵਲ ਸਿੰਘ ਤੇ ਬਿਕਰਮ ਸਿੰਘ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀ ਹਾਜ਼ਰ ਸਨ।