ਮਿਸ਼ਨ ਫ਼ਤਹਿ ਅਧੀਨ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਟੈਸਟਿੰਗ ਕੈਂਪ ਲਗਾਉਣ ਲਈ ਅੱਗੇ ਆਉਣ : ਡਾ: ਸੰਜੀਵ
ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨੈਣਾ ਦੇਵੀ ਮੰਦਰ ਸਰਹਿੰਦ ਸ਼ਹਿਰ ਵਿਖੇ ਲਗਾਇਆ ਕੋਰੋਨਾ ਟੈਸਟਿੰਗ ਕੈਂਪ
5 Dariya News
ਫ਼ਤਹਿਗੜ੍ਹ ਸਾਹਿਬ 04-Oct-2020
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਅਧੀਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਕੋਰੋਨਾ ਟੈਸਟਿੰਗ ਦੇ ਕੈਂਪ ਲਗਾਉਣ ਲਈ ਅੱਗੇ ਆਉਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਛੇਤੀ ਕੋਰੋਨਾ ਮੁਕਤ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਨੈਣਾਂ ਦੇਵੀ ਮੰਦਰ ਵਿਖੇ ਲਗਾਏ ਕੋਰੋਨਾ ਟੈਸਟਿੰਗ ਕੈਂਪ ਦਾ ਜਾਇਜਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਸਮੁੱਚੇ ਸਮਾਜ ਦੇ ਸਾਹਮਣੇ ਇੱਕ ਚੁਣੋਤੀ ਬਣ ਕੇ ਉਭਰੀ ਹੈ ਅਤੇ ਇਸ ਦਾ ਅੰਤ ਵੀ ਸਭ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ। ਇਥੇ ਵਰਨਣਯੋਗ ਹੈ ਕਿ ਇਸ ਕੈਂਪ ਵਿੱਚ 150 ਤੋਂ ਵੱਧ ਵਿਅਕਤੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਸ ਵਿੱਚੋਂ ਸਿਰਫ 01 ਟੈਸਟ ਹੀ ਪੋਜੇਟਿਵ ਆਇਆ ਜਿਸ ਨੂੰ ਐਸ.ਡੀ.ਐਮ. ਨੇ ਕੋਰੋਨਾ ਕਿੱਟ ਭੇਂਟ ਕੀਤੀ। ਡਾ. ਸੰਜੀਵ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜਰੂਰੀ ਹੈ ਕਿਉਂਕਿ ਜੇਕਰ ਅਸੀਂ ਮਿਲ ਜੁਲ ਕੇ ਇਸ ਖ਼ਤਰਨਾਕ ਮਹਾਂਮਾਰੀ ਦਾ ਟਾਕਰਾ ਕਰਾਂਗੇ ਤਾਂ ਜਿੱਤ ਜਿਆਦਾ ਦੂਰ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ ਅਤੇ ਜਿਹੜੇ ਦੁਕਾਨਦਾਰਾਂ ਦਾ ਟੈਸਟ ਨੈਗੇਟਿਵ ਆਉਂਦਾ ਹੈ ਉਸ ਦੁਕਾਨਦਾਰ ਦੇ ਬਾਹਰ ਕੋਰੋਨਾ ਮੁਕਤ ਦਾ ਸਟਿੱਕਰ ਲਗਾਇਆ ਜਾਂਦਾ ਹੈ ਤਾਂ ਜੋ ਪਤਾ ਚੱਲ ਸਕੇ ਕਿ ਕਿਸ-ਕਿਸ ਦਾ ਟੈਸਟ ਹੋ ਚੁੱਕਾ ਹੈ।ਐਸ.ਡੀ.ਐਮ. ਨੇ ਜਿ਼ਲ੍ਹੇਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਮਹਾਂਮਾਰੀ ਦਾ ਜਲਦੀ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੇ ਘਰੋਂ ਬਾਹਰ ਨਿਕਲਣ ਸਮੇਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਸਾਬਣ ਜਾਂ ਸੈਨੀਟਾਈਜ਼ਰ ਨਾਲ ਵਾਰ-ਵਾਰ ਸਾਫ ਕਰਨੇ ਅਤੇ ਇੱਕ ਦੂਜੇ ਨਾਲੋਂ ਘੱਟ ਤੋਂ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ ਵਰਗੀਆਂ ਸਾਵਧਾਨੀਆਂ ਅਪਣਾ ਕੇ ਅਸੀਂ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ. ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।