ਵਿਸ਼ੇਸ਼ ਇਜਲਾਸ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਮੂਹਰੇ ਧਰਨੇ 'ਤੇ ਬੈਠੇ 'ਆਪ' ਵਿਧਾਇਕ
ਕਿਸਾਨੀ ਸੰਘਰਸ਼ ਨੂੰ ਅਣਗੌਲਿਆ ਕਰਨ ਦੀ ਗ਼ਲਤੀ ਨਾ ਕਰੇ ਮੁੱਖ ਮੰਤਰੀ-'ਆਪ'
5 Dariya News
ਚੰਡੀਗੜ੍ਹ 09-Oct-2020
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਵਿਚਾਰ-ਚਰਚਾ ਕਰਕੇ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਤਾਂ ਕਿ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਜਲਦ ਕੋਈ ਹੱਲ ਲੱਭਿਆ ਜਾ ਸਕੇ।ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਮੂਹਰੇ ਲਗਾਏ ਧਰਨੇ ਨੂੰ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਧਰਨੇ ਵਿਚ ਪਾਰਟੀ ਆਗੂ ਰਾਜ ਲਾਲੀ ਗਿੱਲ ਅਤੇ ਗੋਵਿੰਦਰ ਮਿੱਤਲ ਵੀ ਸ਼ਾਮਲ ਸਨ।ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਕੈਪਟਨ ਹੁਣ ਪੰਜਾਬ ਵਿਚ ਰੈਲੀਆਂ ਕਰਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਇਹ ਚੰਗੀ ਤਰਾਂ ਸਮਝ ਲੈਣ ਕਿ ਪੰਜਾਬ ਦੀ ਜਨਤਾ ਹੁਣ ਤੁਹਾਡੀਆਂ ਸਿਆਸੀ ਚਾਲਾਂ ਵਿਚ ਨਹੀਂ ਆਵੇਗੀ, ਕਿਉਂਕਿ ਪੰਜਾਬ ਦੀ ਜਨਤਾ ਸੂਝਵਾਨ ਅਤੇ ਜਾਗਰੂਕ ਹੋ ਗਈ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਪਹਿਲੇ ਦਿਨ ਤੋਂ ਹੀ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧੀ ਕਰਦੀ ਆਈ ਹੈ ਅਤੇ ਉਸ ਸਮੇਂ ਤੱਕ ਵਿਰੋਧ ਕਰਦੀ ਰਹੇਗੀ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ।'ਆਪ' ਵਿਧਾਇਕਾਂ ਨੇ ਕਿਹਾ, ''ਪੰਜਾਬੀਓ ਤੁਸੀਂ ਆਮ ਆਦਮੀ ਪਾਰਟੀ ਦੀ ਡਿਊਟੀ ਪੰਜਾਬ ਦੀ ਵਿਧਾਨ ਸਭਾ ਵਿਚ ਲਗਾਈ ਹੈ ਤਾਂ ਕਿ ਤੁਹਾਡੇ ਦੁੱਖ-ਦਰਦ ਅਤੇ ਸਮੱਸਿਆਵਾਂ ਨੂੰ ਅਸੀ ਵਿਧਾਨ ਸਭਾ ਰਾਹੀਂ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਸਕੀਏ। ਉਸੇ ਤਹਿਤ ਅੱਜ ਪੰਜਾਬ ਦੇ ਕਿਸਾਨਾਂ, ਖੇਤ-ਮਜ਼ਦੂਰਾਂ, ਮੁਨੀਮਾਂ, ਆੜ੍ਹਤੀਆਂ, ਟਰਾਂਸਪੋਰਟਰਾਂ, ਛੋਟੇ ਦੁਕਾਨਦਾਰਾਂ ਆਦਿ ਵਰਗਾਂ ਵੱਲੋਂ ਕੀਤੀ ਗਈ ਮੰਗ ਕਿ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਬੁਲਾਈ ਜਾਵੇ ਨੂੰ 'ਆਪ' ਵਿਧਾਇਕਾਂ ਨੇ ਆਪਣੀ ਡਿਊਟੀ ਸਮਝਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੇ ਕੰਨਾਂ ਤੱਕ ਤੁਹਾਡੀ ਮੰਗ ਨੂੰ ਪਹੁੰਚਾਉਣ ਲਈ ਵਿਧਾਨ ਸਭਾ ਦੇ ਬਾਹਰ ਧਰਨਾ ਲਾ ਕੇ ਬੈਠੇ ਹਾਂ।'''ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕਮਜ਼ੋਰ ਅਤੇ 'ਤਾਰਪੀਡੋ' ਕਰਨ ਲਈ ਕੈਪਟਨ-ਬਾਦਲ-ਮੋਦੀ ਇੱਕ ਯੋਜਨਾ ਦੇ ਤਹਿਤ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਗੁਮਰਾਹ ਕਰਨ ਦੀਆਂ ਗੁੱਝੀਆਂ ਚਾਲਾਂ ਚੱਲ ਰਹੇ ਹਨ, ਪਰੰਤੂ 'ਆਪ' ਇਨ੍ਹਾਂ ਕਿਸਾਨ ਵਿਰੋਧੀ ਪਾਰਟੀਆਂ ਦੀ ਨਾਕਾਮ ਕੋਸ਼ਿਸ਼ਾਂ ਨੂੰ ਕਿਸੀ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਵੇਗੀ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਮੂਹ ਲੀਡਰਸ਼ਿਪ ਅਤੇ ਵਲੰਟੀਅਰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਜਨ ਸਭਾਵਾਂ ਆਦਿ ਕਰਕੇ ਲੋਕਾਂ ਨੂੰ ਕੈਪਟਨ-ਬਾਦਲ-ਮੋਦੀ ਵੱਲੋਂ ਕੀਤੀ ਜਾ ਰਹੀ ਵੋਟ ਬੈਂਕ ਦੀ ਗੰਦੀ ਰਾਜਨੀਤੀ ਤੋਂ ਜਾਣੂ ਕਰਵਾ ਰਹੀ ਹੈ।