5 Dariya News

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

5 Dariya News

ਜਲੰਧਰ 13-Oct-2020

ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ ਤਕਰੀਬਨ 96 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ 34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 33.04 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।ਇਸ ਦੇ ਨਾਲ ਹੀ ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਲਈ ਸੂਬੇ ਭਰ ਵਿੱਚ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 10.60 ਲੱਖ ਪਾਸ ਜਾਰੀ ਕੀਤੇ ਗਏ ਹਨ।ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਨਾਜ ਮੰਡੀਆਂ ਦੇ ਦੋ-ਦਿਨਾਂ ਦੌਰੇ ਤੋਂ ਬਾਅਦ ਮੰਡੀ ਬੋਰਡ ਦੇ ਸਕੱਤਰ ਨੇ ਕੋਵਿਡ -19 ਮਹਾਂਮਾਰੀ ਦੌਰਾਨ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਕਾਰਜਾਂ ’ਤੇ ਤਸੱਲੀ ਪ੍ਰਗਟਾਈ। ਰਾਜ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਪਿਛਲੇ ਸਾਲ ਦੇ 15.45 ਲੱਖ ਮੀਟ੍ਰਿਕ ਟਨ  ਦੇ ਮੁਕਾਬਲੇ 34.48 ਲੱਖ ਮੀਟ੍ਰਿਕ ਟਨ ਆਮਦ ਨਾਲ ਇਸ ਵਾਰ ਝੋਨੇ ਦੀ ਦੁੱਗਣੀ ਆਮਦ ਹੋਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਪਿਛਲੇ ਸਾਲ ਦੇ 14.79 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 33.04 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਸ ਤੋਂ ਪਹਿਲਾਂ ਖੰਨਾ, ਦੋਰਾਹਾ, ਸਾਹਨੇਵਾਲ (ਲੁਧਿਆਣਾ), ਜਲੰਧਰ, ਕਰਤਾਰਪੁਰ, ਕਪੂਰਥਲਾ ਅਤੇ ਫਗਵਾੜਾ ਵਿਖੇ ਆਪਣੀ ਫੇਰੀ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਸਕੱਤਰ ਮੰਡੀ ਬੋਰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਇਆ।ਸ੍ਰੀ ਰਵੀ ਭਗਤ ਨੇ ਬਾਜ਼ਾਰਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ।ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਕਰਕੇ ਬਣੇ ਮੌਜੂਦਾ ਹਾਲਾਤਾਂ ਦੇ ਬਾਵਜੂਦ, ਪੰਜਾਬ ਮੰਡੀ ਬੋਰਡ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਅਨਾਜ ਮੰਡੀਆਂ ਵਿੱਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਿਆਂ ਵਿੱਚ ਖਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ।ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਮਾਸਕਾਂ, ਪਾਣੀ, ਸਾਬਣਾਂ ਦੀ ਉਪਲਬਧਤਾ ਕੀਤੀ ਗਈ ਹੈ ਅਤੇ ਨਾਲ ਹੀ ਅਨਾਜ ਮੰਡੀਆਂ ਵਿਚ ਸਵੱਛਤਾ ਮੁਹਿੰਮ ਵੀ ਚਲਾਈ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਿਤ ਕੀਤਾ।