5 Dariya News

ਸਮਾਰਟ ਵਿਲੇਜ ਸਕੀਮ ਤਹਿਤ ਜਿ਼ਲ੍ਹੇ ਦੇ 38 ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ’ਤੇ ਖਰਚੇ ਜਾਣਗੇ 4.04 ਕਰੋੜ ਰੁਪਏ : ਕੁਲਜੀਤ ਸਿੰਘ ਨਾਗਰਾ

ਮੁੱਖ ਮੰਤਰੀ ਪੰਜਾਬ ਤੇ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਮਾਰਟ ਵਿਲੇਜ ਸਕੀਮ ਦੇ ਦੂਜੇ ਗੇੜ ਦੀ ਕੀਤੀ ਵਰਚੂਅਲੀ ਸ਼ੁਰੂਆਤ : ਡਾ. ਅਮਰ ਸਿੰਘ

5 Dariya News

ਫ਼ਤਹਿਗੜ੍ਹ ਸਾਹਿਬ 17-Oct-2020

ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਦੇ 38 ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ’ਤੇ 4.04 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਸ ਰਕਮ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ।ਇਹ ਜਾਣਕਾਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਸਕੀਮ ਦੇ ਦੂਜੇ ਪੜਾਅ ਦੀ ਵਰਚੂਅਲੀ ਸ਼ੁਰੂਆਤ ਕਰਨ ਉਪਰੰਤ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੇ ਫੇਜ ਤਹਿਤ 8.50 ਕਰੋੜ ਦੀ ਲਾਗਤ ਨਾਲ ਪਿੰਡਾਂ ਵਿੱਚ ਕੰਮ ਕਰਵਾਏ ਗਏ ਸਨ ਅਤੇ ਹੁਣ 2700 ਕਰੋੜ ਰੁਪਏ ਨਾਲ ਪੂਰੇ ਪੰਜਾਬ ਦੇ ਪਿੰਡਾਂ ਨੂੰ ਹੋਰ ਵੀ ਸੁੰਦਰ ਬਣਾਇਆ ਜਾਵੇਗਾ।ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਦੂਜੇ ਪੜਾਅ ਅਧੀਨ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਜੋ ਕੁਝ ਪਿੰਡਾਂ ਦੇ ਲੋਕ ਕਹਿਣਗੇ ਉਹ ਕੰਮ ਵੀ ਕਰਵਾਏ ਜਾਣਗੇ। ਉਨ੍ਹਾਂ ਸਮੂਹ ਵਿਧਾਇਕਾਂ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਤਹਿਤ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਦੇ ਦੱਸਣ ਅਨੁਸਾਰ ਸਾਰੇ ਕੰਮ ਕਰਵਾਏ ਜਾਣਗੇ।ਵਿਧਾਇਕ ਨਾਗਰਾ ਨੇ ਕਿਹਾ ਕਿ ਇਸ ਵਾਰ ਇੱਕ ਨਿਵੇਕਲੀ ਗੱਲ ਵੇਖਣ ਨੂੰ ਮਿਲੀ ਹੈ ਕਿ ਅਧਿਕਾਰੀਆਂ ਤੇ ਰਾਜਸੀ ਆਗੂਆਂ ਨੇ ਇਹ  ਕਸਮ ਖਾਈ ਹੈ ਕਿ ਲੋਕਾਂ ਦੀ ਖੂਨ ਪਸੀਨੇ ਦਾ ਪੈਸਾ ਪਿੰਡ ਦੇ ਵਿਕਾਸ ਕਾਰਜਾਂ ’ਤੇ ਹੀ ਲਗਾਇਆ ਜਾਵੇਗਾ ਅਤੇ ਇਸ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਮਨ ਵਿੱਚ ਅਜੇ ਵੀ ਕੋਈ ਅਜਿਹੀ ਗੱਲ ਹੈ ਤਾਂ ਉਹ ਇਸ ਗੱਲ ਨੂੰ ਸਮਝ ਲਵੇ ਕਿ ਲੋਕਾਂ ਦੇ ਖੂਨ ਪਸੀਨੇ ਦਾ ਪੈਸਾ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰ ਇੱਕ ਉਹ ਕੰਮ ਕੀਤਾ ਜਾਵੇਗਾ ਜੋ ਪਿੰਡਾਂ ਲਈ ਲੋੜੀਂਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਹਿਲੀ ਵਾਰ ਹੋਇਆ ਹੈ ਕਿ ਪਿੰਡਾਂ ਦੇ ਸਰਪੰਚ, ਪੰਚ, ਜਿ਼ਲ੍ਹਾ ਪ੍ਰੀਸਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਅਤੇ ਖਾਸ ਕਰ ਕੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਾਂਦਾ ਹੈ ਜਿਨ੍ਹਾਂ ਦੀ ਅਗਵਾਈ ਹੇਠ ਇਸ ਜਿ਼ਲ੍ਹੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।ਇਸ ਮੌਕੇ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਅਧੀਨ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2700 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਪੂਰੇ ਪੰਜਾਬ ਵਿੱਚ 45000 ਕੰਮ ਕੀਤੇ ਜਾਣਗੇ।ਇਸ ਸਕੀਮ  ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੇ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡਾਂ ਵਿੱਚ ਸਟੇਡੀਅਮ, ਕਮਿਊਨਿਟੀ ਸੈਂਟਰ, ਧਰਮਸ਼ਾਲਾਵਾਂ, ਸਮਸ਼ਾਨਘਾਟ, ਗੰਦੇ ਪਾਣੀ ਦੀ ਨਿਕਾਸੀ, ਸਮਾਰਟ ਸਕੂਲ, ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ, ਸਮਾਰਟ ਸਕੂਲ, ਸਿਹਤ ਕੇਂਦਰਾਂ ਨੂੰ ਮਜਬੂਤ ਕਰਨਾ, ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕਰਨੀ ਆਦਿ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨਾਲ ਪਿੰਡਾਂ ਦੀ ਸ਼ਾਨੋ ਸ਼ੌਕਤ ਹੋਰ ਵਧੇਰੇ ਸੁੰਦਰ ਬਣੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਦੂਜੇ ਪੜਾਅ ਅਧੀਨ ਪਿੰਡਾਂ ਦੇ ਸਾਰੇ ਕੰਮ ਕਰਵਾਏ ਜਾਣਗੇ ਜਿਵੇਂ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ, ਪਿੰਡਾਂ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨੀਆਂ, ਪਿੰਡਾਂ ਵਿੱਚ ਪਾਰਕ ਬਣਾਉਣ ਤੇ ਸਟਰੀਟ ਲਾਈਟਾਂ ਲਗਵਾਉਣ ਵਰਗੇ ਕੰਮਾਂ ’ਤੇ 2700 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਮੌਕੇ ਐਸ.ਪੀ. (ਐਚ) ਸ਼੍ਰੀ ਹਰਪਾਲ ਸਿੰਘ, ਡੀ.ਐਸ.ਪੀ. ਸ਼੍ਰੀ ਪ੍ਰਿਥਵੀ ਸਿੰਘ ਚਾਹਲ ਤੇ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਨੇਤਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।