ਭਗਵਾਨ ਵਾਲਮੀਕਿ ਦੇ ਜਨਮ ਦਿਨ ਮੌਕੇ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਲਾਂਚ
ਜ਼ਿਲੇ ਵਿਚ ਸ਼ਰਧਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਨ
5 Dariya News
ਫਾਜ਼ਿਲਕਾ 31-Oct-2020
ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਇਕ ਆਨ ਲਾਈਨ ਸਮਾਗਮ ਦੌਰਾਨ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ। ਇਹ ਸਮਾਗਮ ਫਾਜ਼ਿਲਕਾ ਜ਼ਿਲਾ ਸਦਰ ਮੁਕਾਮ ਤੋਂ ਇਲਾਵਾਂ ਜ਼ਿਲੇ ਵਿਚ ਦੋ ਦਰਜਨ ਤੋਂ ਵਧੇਰੇ ਥਾਂਵਾਂ ਤੇ ਸਿੱਧਾ ਪ੍ਰਸਾਰਿਤ ਕੀਤਾ ਗਿਆ ਜਿੱਥੇ ਸੰਗਤਾਂ ਨੇ ਸ੍ਰੀ ਰਾਮ ਤੀਰਥ ਅੰਮਿ੍ਰਤਸਰ ਸਾਹਿਬ ਤੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਸਬੰਧੀ ਹੋਏ ਸਮਾਗਮ ਨੂੰ ਵੇਖਿਆ। ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਤੋਂ ਅਤੇ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਨੇ ਰਾਜ ਦੇ ਵੱਖ ਵੱਖ ਸ਼ਹਿਰਾਂ ਤੋਂ ਆਨਲਾਈਨ ਸ਼ਿਰਕਤ ਕੀਤੀ।ਇਸ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸਨ, ਨਗਰ ਸੁਧਾਰ ਟਰੱਸ਼ਟ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਸੇਠੀ, ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ੍ਰੀ ਰੂਬੀ ਗਿੱਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ: ਬਰਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਤਹਿਸੀਲ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਸ੍ਰੀ ਠਾਕਰ ਦਾਸ ਪ੍ਰਧਾਨ ਰਿਟਾਇਰਡ ਐਸ.ਸੀ.ਬੀਸੀ. ਵੇਲਫੇਅਰ ਕਮੇਟੀ, ਸ੍ਰੀ ਫਤਿਹ ਚੰਦ ਮੀਤ ਪ੍ਰਧਾਨ ਭਗਵਾਨ ਵਾਲਮੀਕਿ ਸਭਾ ਨੇ ਸ਼ਿਰਕਤ ਕੀਤੀ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਰਾਮ ਤੀਰਥ ਵਿਖੇ ਹੋਣ ਵਾਲੇ 50 ਕਰੋੜ ਤੋਂ ਵੱਧ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਜਿਸ ਵਿਚ ਭਗਵਾਨ ਵਾਲਮੀਕਿ ਜੀ ਦੇ ਜੀਵਨ ਸਿਧਾਂਤ ਨੂੰ ਦਰਸਾਉਂਦੇ ਪਨੋਰਮਾ ਦਾ ਨਿਰਮਾਣ ਵੀ ਕੀਤਾ ਜਾਵੇਗਾ। ਇਸੇ ਤਰਾਂ ਉਨਾਂ ਨੇ ਇੱਥੇ ਬਣੇ ਸਰਕਾਰੀ ਆਈਟੀਆਈ ਦਾ ਵੀ ਉਦਘਾਟਨ ਕੀਤਾ। ਇਸੇ ਤਰਾਂ ਉਨਾਂ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਵੀ ਕੀਤੀ।ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕ ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਦੀ ਪੜਾਈ ਲਈ ਵਜੀਫਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਇਸ ਤੇ ਪੰਜਾਬ ਸਰਕਾਰ 550 ਕਰੋੜ ਰੁਪਏ ਖਰਚ ਕਰੇਗੀ ਅਤੇ ਰਾਜ ਦੇ 3 ਲੱਖ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਇਸਦਾ ਲਾਭ ਹੋਵੇਗਾ। ਉਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਲਾਭ ਲੈਣ ਲਈ ਮਾਪਿਆਂ ਦੀ ਆਮਦਨ ਦੀ ਹੱਦ ਵੀ 2.5 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ। ਇਸ ਤਹਿਤ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ਵਿਚ ਪੜਨ ਵਾਲੇ ਵਿਦਿਆਰਥੀਆਂ ਲਾਭ ਲੈ ਸਕਣਗੇ।