ਜ਼ਿਲਾ ਪ੍ਰਸ਼ਾਸਨ ਵਲੋਂ ਕਾਦੀਆਂ ਵਿਖੇ ਮਿਲਾਵਟੀ ਵਸਤਾਂ ਖਿਲਾਫ ਜਾਗਰੂਕਤਾ ਰੈਲੀ
ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਅਨਸਰਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ - ਡਾ. ਸ਼ਾਮ ਸਿੰਘ
5 Dariya News
ਬਟਾਲਾ/ਕਾਦੀਆਂ 21-Nov-2020
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਮਿਲਾਵਟੀ ਵਸਤਾਂ ਤੋਂ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਕਾਦੀਆਂ ਵਿਖੇ ਜਾਗਰੂਕਤਾ ਰੈਲੀ ਕੀਤੀ ਗਈ। ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਨੇ ਕੀਤੀ।ਪਸ਼ੂ ਹਸਪਤਾਲ ਕਾਦੀਆਂ ਤੋਂ ਸ਼ੁਰੂ ਹੋਈ ਇਹ ਮੁਹਿੰਮ ਕਾਦੀਆਂ ਦੇ ਵੱਖ-ਵੱਖ ਬਜ਼ਾਰਾਂ ਵਿੱਚ ਗਈ ਜਿਥੇ ਆਮ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਬਾਰੇ ਜਾਗਰੂਕ ਕੀਤਾ ਗਿਆ। ਡਾ. ਸ਼ਾਮ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸ਼ੁੱਧ ਦੁੱਧ ਅਤੇ ਦੁੱਧ ਪਦਾਰਥ ਹਰੇਕ ਨਾਗਰਿਕ ਦਾ ਅਧਿਕਾਰ ਹੈ। ਉਨਾਂ ਕਿਹਾ ਕਿ ਲਿਫ਼ਾਫਾ ਬੰਦ ਦੁੱਧ ਹਮੇਸ਼ਾਂ ਭਰੋਸੇਯੋਗ ਕੰਪਨੀਆਂ ਦਾ ਖਰੀਦਣਾ ਚਾਹੀਦਾ ਹੈ ਅਤੇ ਦੁੱਧ ਦੀ ਪੇਕਿੰਗ ਅਤੇ ਐਕਸਪਾਈਰੀ ਡੇਟ ਜਰੂਰ ਚੈੱਕ ਕਰਨੀ ਚਾਹੀਦੀ ਹੈ। ਡਾ. ਸ਼ਾਮ ਸਿੰਘ ਨੇ ਕਿਹਾ ਕਿ ਮਿਲਾਵਟੀ ਖਾਦ ਪਦਾਰਥ ਸਿਹਤ ਲਈ ਬਹੁਤ ਹਾਨੀਕਾਰਨ ਹਨ ਅਤੇ ਅਜਿਹੇ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਮਿਠਾਈ ਆਦਿ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਰਾਸਾਯਨਿਕ ਤੇ ਕਿ੍ਰਤਿ੍ਰਮ ਰੰਗਾਂ ਦਾ ਇਸਤੇਮਾਲ ਨਾ ਕੀਤਾ ਜਾਵੇ, ਇਨਾਂ ਦੀ ਵਰਤੋਂ ਕਰਨ ’ਤੇ ਮਨਾਹੀ ਹੈ ਕਿਉਂ ਜੋ ਜਿਆਦਾ ਮਾਤਰਾ ਵਿੱਚ ਰੰਗੀਨ ਮਿਠਾਈ ਸਿਹਤ ਦੇ ਲਈ ਹਾਨੀਕਾਰਕ ਹੈ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮਿਲਾਵਟ ਖੋਰਾਂ ਅਤੇ ਗਲਤ ਕੰਮ ਕਰਨ ਵਾਲਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਕਿਹਾ ਕਿ ਮਿਲਾਵਟ ਕਰਨਾ ਸਮਾਜ ਅਤੇ ਲੋਕਾਂ ਦੇ ਪ੍ਰਤੀ ਅਪਰਾਧ ਹੈ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਮਿਲਾਵਟ ਕਰਨ ਵਾਲੇ ਅਤੇ ਉਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਦਾ ਸਮਜਿਕ ਤੌਰ ਤੇ ਬਾਈਕਾਟ ਕੀਤਾ ਜਾਵੇ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਕਰਦਾ ਹੈ ਤਾਂ ਉਸਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।