ਹੱਥੀ ਕਿਰਤ ਕਰਨ ਵਾਲਿਆਂ ਦੀ ਮੰਗ ਹਮੇਸ਼ਾ ਰਹਿੰਦੀ ਹੈ ਬਰਕਰਾਰ : ਸਾਧੂ ਸਿੰਘ ਧਰਮਸੋਤ
ਸਵੈ ਰੁਜ਼ਗਾਰ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ
5 Dariya News
ਨਾਭਾ/ਪਟਿਆਲਾ 07-Dec-2020
ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਕੋਰੋਨਾ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਡੀ ਪੱਧਰ 'ਤੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਆਈ.ਟੀ.ਆਈ. ਨਾਭਾ (ਲੜਕੇਿਆਂ) ਵਿਖੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ 50 ਲਾਭਪਾਤਰੀਆਂ ਨੂੰ ਵਿਸ਼ੇਸ਼ ਟੂਲ ਕਿੱਟਾਂ ਵੰਡੇ ਜਾਣ ਦੀ ਪ੍ਰਕਿਰਿਆ ਸ਼ੁਰੂ ਕਰਵਾਉਣ ਮੌਕੇ ਕੀਤਾ।ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਸੰਕਟ ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਜਾਰੀ ਹਨ, ਜਿਨ੍ਹਾਂ ਤਹਿਤ ਇਹ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਨੇ ਟੂਲ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਟੂਲ ਕਿੱਟਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਇਸ ਸਾਲ ਨਾਭਾ ਦੀਆਂ ਦੋਨਾਂ ਆਈ.ਟੀ.ਆਈਜ਼. 'ਚ ਪੜ੍ਹੇ ਸਾਰੇ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਜਾਣਗੀਆਂ। ਇਸ ਮੌਕੇ 42 ਵਿਦਿਆਰਥੀਆਂ ਨੂੰ ਵੈਲਡਿੰਗ ਸੈਟ ਅਤੇ 8 ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।ਇਸ ਮੌਕੇ ਸਮਾਜ ਕਲਿਆਣ ਕੇਂਦਰੀ ਗਦਾਈਆਂ ਤੋਂ ਸਿਲਾਈ-ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ 24 ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕਰਦਿਆ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਭਰ ਬਣਾਉਣ ਲਈ ਅਜਿਹੇ ਕੋਰਸ ਕਾਫ਼ੀ ਸਾਰਥਕ ਸਿੱਧ ਹੋ ਰਹੇ ਹਨ, ਇਸ ਨਾਲ ਸਵੈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੱਥੀ ਕਿਰਤ ਕਰਨ ਵਾਲਿਆਂ ਦੀ ਹਮੇਸ਼ਾ ਹੀ ਮੰਗ ਬਣੀ ਰਹਿੰਦੀ ਹੈ ਅਤੇ ਆਈ.ਟੀ.ਆਈਜ਼ ਇਸ ਮੰਗ ਨੂੰ ਪੂਰਾ ਕਰਨ ਲਈ ਚੰਗਾ ਰੋਲ ਨਿਭਾਅ ਰਹੀਆਂ ਹਨ।ਇਸ ਮੌਕੇ ਪੱਤਰਕਾਰਾਂ ਵੱਲੋਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨੀ ਸੰਘਰਸ਼ 'ਚ ਸਮਾਜ ਦਾ ਹਰੇਕ ਵਰਗ ਸ਼ਾਮਲ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਂ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਚੁੱਕੀ ਹੈ।ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਦੁੱਲਦੀ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਪ੍ਰਿੰਸੀਪਲ ਆਈ.ਟੀ.ਆਈਂ. (ਲੜਕੇ) ਅਵਤਾਰ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. (ਲੜਕੀਆਂ) ਕੰਵਲਜੀਤ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਨੀਤਾ ਵਾਲੀਆ ਵੀ ਹਾਜ਼ਰ ਸਨ।