5 Dariya News

ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਨਾਲ ਸਿੱਖਿਆ ਖੇਤਰ ਦਾ ਮਿਆਰ ਵਧਿਆ : ਕੁਲਜੀਤ ਸਿੰਘ ਨਾਗਰਾ

ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ 1467 ਪੰਜਾਬ ਸਮਾਰਟ ਕਨੈਕਸਟ ਸਕੀਮ ਅਧੀਨ ਮੋਬਾਇਲ ਫੋਨ ਵੰਡੇ

5 Dariya News

ਫ਼ਤਹਿਗੜ੍ਹ ਸਾਹਿਬ 18-Dec-2020

ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ  ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਦੇ ਦੂਜੇ ਫੇਜ਼ ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਦਿਅਰਥੀਆਂ ਨੂੰ ਸਮਾਰਟ ਫੋਨ ਵੰਡਣ ਉਪਰੰਤ ਪਿੰਡ ਚਨਾਰਥਲ ਕਲਾਂ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਦੂਜੇ ਗੇੜ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਕਰੀਬ 1467 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ। ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਹਿਣੀ ਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੰਦਿਆਂ ਸਮਾਰਟ ਫੋਨ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਤੇ ਸਮਾਰਟ ਫੋਨਾਂ ਦਾ ਜ਼ਿੰਦਗੀ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਇਨ੍ਹਾਂ ਫੋਨਾਂ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਸਮਾਰਟ ਫੋਨ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। 

ਇਸੇ ਤਹਿਤ ਜ਼ਿਲ੍ਹੇ ਵਿੱਚ ਸੀਨੀਅਰ ਸੈਕੰਡਰੀ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਹੋਰ ਵਧੇਗੀ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ ਹੈ।ਸ. ਨਾਗਰਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਮਾਜ ਵਿੱਚ ਬਹੁਤ ਅਹਿਮ ਰੋਲ ਹੈ ਤੇ ਸਭ ਤੋਂ ਵਧੀਆ ਸਟਾਫ ਸਰਕਾਰੀ ਸਕੂਲਾਂ ਵਿੱਚ ਹੀ ਹੈ ਪਰ ਕੁਝ ਲੋਕ ਵੱਧ ਫੀਸਾਂ ਦੇ ਕੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜਦੇ ਹਨ, ਜਿੱਥੇ ਕਿ ਸਰਕਾਰੀ ਸਕੂਲਾਂ ਦੇ ਮੁਕਾਬਲੇ ਘੱਟ ਯੋਗਤਾ ਵਾਲਾ ਸਟਾਫ ਹੁੰਦਾ ਹੈ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ।ਹਲਕਾ ਵਿਧਾਇਕ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਫੋਨਾਂ ਦੀ ਸਕਾਰਾਤਮਕ ਵਰਤੋਂ ਕਰਦਿਆਂ ਪੜ੍ਹਾਈ ਵਿੱਚ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਤੇ ਭਵਿੱਖ ਨੂੰ ਸੁਨਹਿਰਾ ਬਨਾਉਣ।ਇਸ ਮੌਕੇ ਜਿ਼ਲ੍ਹਾ ਸਿੱ‌ਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਪ੍ਰਭਸਿਮਰਨ ਕੌਰ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਸ਼੍ਰੀ ਜਸਬੀਰ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਗੁਰਜਿੰਦਰ ਸਿੰਘ, ਸਕੂਲ ਦੀ ਪ੍ਰਿੰਸੀਪਲ ਡਾ. ਹਰਦੀਪ ਕੌਰ, ਪਿੰਡ ਦੇ ਸਰਪੰਚ ਸ. ਜਗਦੀਪ ਸਿੰਘ ਨੰਬਰਦਾਰ,   ਇੰਦਰਪਾਲ ਸਿੰਘ ਤੇ ਕੁਲਵੰਤ ਸਿੰਘ (ਸਾਰੇ ਪੰਚਾਇਤ ਮੈਂਬਰ), ਐਮ.ਐਲ.ਏ. ਸ. ਕੁਲਜੀਤ ਸਿੰਘ ਨਾਗਰਾ ਦੇ ਮੀਡੀਆ ਇੰਚਾਰਜ  ਪਰਮਵੀਰ ਸਿੰਘ ਟਿਵਾਣਾ, ਬਲਾਕ ਸੰਮਤੀ ਮੈਂਬਰ ਸ. ਲਖਵਿੰਦਰ ਸਿੰਘ ਲੱਖੀ,ਸਾਬਕਾ ਚੇਅਰਮੈਨ ਸ. ਪਰਮਪਾਲ ਸਿੰਘ, ਕਰਮਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਲਾਲ ਆਦਿ ਹਾਜ਼ਰ ਸਨ।