5 Dariya News

ਡੀ.ਸੀ. ਵੱਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੜਕੀਆਂ ਵਾਸਤੇ ਆਨਲਾਈਨ ਕੋਚਿੰਗ ਕਲਾਸਾਂ ਦੀ ਮੁੜ ਸ਼ੁਰੂਆਤ

ਵਿਦਿਆਰਥਣਾਂ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

5 Dariya News

ਜਲੰਧਰ 18-Feb-2021

‘ਬੇਟੀ ਪੜ੍ਹਾਓ-ਬੇਟੀ ਬਚਾਓ’ ਮੁਹਿੰਮ ਅਧੀਨ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਹੋਣਹਾਰ ਅਤੇ ਯੋਗ ਲੜਕੀਆਂ ਲਈ ਸਤੰਬਰ ਵਿੱਚ ਲਗਾਈਆਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅੱਜ ਮੁੜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਿੰਗ ਖੇਤਰ ਅਤੇ ਵੱਖ-ਵੱਖ ਸਰਕਾਰੀ ਨੌਕਰੀਆਂ ਸਬੰਧੀ ਪ੍ਰੀਖਿਆਵਾਂ ਦੀ ਤਿਆਰੀ ਲਈ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਲਾਸਾਂ ਵਿੱਚ ਕਰੀਬ 250 ਲੜਕੀਆਂ ਨੂੰ ਬੈਂਕਿੰਗ ਅਤੇ ਵੱਖ-ਵੱਖ ਸਰਕਾਰੀ ਨੌਕਰੀਆਂ ਸਬੰਧੀ ਪ੍ਰੀਖਿਆਵਾਂ ਲਈ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਚਿੰਗ ਕੋਰਸ ਦੀ ਮਿਆਦ 350 ਘੰਟੇ ਹੋਵੇਗੀ। ਉਨ੍ਹਾਂ ਦੱਸਿਆ ਕਿ ਹਫ਼ਤੇ ਵਿੱਚ ਦੋ ਦਿਨ ਵਿਦਿਆਰਥਣਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਰੱਖੇ ਗਏ ਹਨ, ਜਿਸ ਦੌਰਾਨ ਉਹ ਆਪਣੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੈਂਟਰ ਵਿਖੇ ਪਹੁੰਚ ਕਰ ਸਕਦੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਕਾਰਨ ਵਿਦਿਆਰਥਣਾਂ ਵੱਲੋਂ ਕੋਈ ਕਲਾਸ ਮਿਸ ਹੋ ਜਾਂਦੀ ਹੈ ਤਾਂ ਉਹ ਕਲਾਸ ਦੀ ਰਿਕਾਰਡ ਕੀਤੀ ਵੀਡੀਓ ਦੇਖ ਸਕਦੀਆਂ ਹਨ। 

ਉਨ੍ਹਾਂ ਦੱਸਿਆ ਕਿ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਵੱਖ-ਵੱਖ ਵਿਸ਼ੇ ਅਲੱਗ-ਅਲੱਗ ਮਾਹਰਾਂ ਵੱਲੋਂ ਪੜ੍ਹਾਏ ਜਾਣਗੇ ਅਤੇ ਸਮੇਂ-ਸਮੇਂ 'ਤੇ ਮੋਕ ਟੈਸਟ ਵੀ ਲਏ ਜਾਣਗੇ।ਉਨ੍ਹਾਂ ਕਿਹਾ ਕਿ ਲੜਕੀਆਂ ਦੀ ਸਫ਼ਲਤਾ ਲਈ ਸਿੱਖਿਆ ਇਕੋ ਇਕ ਕੁੰਜੀ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਨੂੰ ਯਕੀਨੀ ਬਣਾਉਣ ਵਾਸਤੇ ਖੁਦ ਨੂੰ ਸਸ਼ਕਤ ਬਣਾਉਣ ਲਈ ਅਜਿਹੇ ਕੋਰਸਾਂ ਨੂੰ ਅਪਣਾਉਣ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਕ ਪੜ੍ਹੀ ਲਿਖੀ ਔਰਤ ਸਮਾਜ ਵਿਚ ਨਾ ਸਿਰਫ਼ ਆਪਣੇ ਲਈ ਇਕ ਮਹੱਤਵਪੂਰਣ ਜਗ੍ਹਾ ਬਣਾ ਸਕਦੀ ਹੈ ਸਗੋਂ ਉਹ ਆਪਣੀ ਔਲਾਦ ਦੀ ਕਿਸਮਤ ਵੀ ਬਦਲ ਸਕਦੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ ਕਿਉਂਕਿ ਵੱਧ ਤੋਂ ਵੱਧ ਗਿਣਤੀ ਵਿੱਚ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ ਆਪਣੇ ਪਰਿਵਾਰਾਂ ਦਾ ਸਿਰ ਉੱਚਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੋਹ ਰਹੀਆਂ ਹਨ ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਾਜ਼ਰ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨਾਲ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਸਬੰਧੀ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥਣਾਂ ਨੂੰ ਇਨ੍ਹਾਂ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ, ਜਿਸ ਨਾਲ ਭਵਿੱਖ ਵਿੱਚ ਉਨ੍ਹਾਂ ਨੂੰ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਸਮਾਜ ਵਿੱਚ ਉਸਾਰੂ ਭੂਮਿਕਾ ਨਿਭਾ ਸਕਣਗੀਆਂ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਗੁਰਮਿੰਦਰ ਸਿੰਘ ਰੰਧਾਵਾ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ।