5 Dariya News

ਲੋਕਾਂ ਨੂੰ ਕਾਰਡ ਬਣਾਉਣ ਲਈ ਵਧੇਰੇ ਪ੍ਰੇਰਿਤ ਕਰੇਗੀ ਜਾਗਰੂਕਤਾ ਵੈਨ : ਅਰਵਿੰਦ ਪਾਲ ਸਿੰਘ ਸੰਧੂ

28 ਫਰਵਰੀ ਤੱਕ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ

5 Dariya News

ਫਾਜ਼ਿਲਕਾ 21-Feb-2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਦੇਨਜਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ 28 ਫਰਵਰੀ 2021 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਾਰਡ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜਾਗਰੂਕਤਾ ਵੈਨਾਂ ਵੀ ਚਲਾਈਆਂ ਗਈਆਂ ਹਨ। ਇਹ ਜਾਗਰੂਕਤਾ ਵੈਨ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਪਹੰੁਚ ਕੇ ਲੋਕਾਂ ਵਿਚ ਜਾਗਰੂਕਤਾ ਫੈਲਾਏਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।ਅੱਜ ਗਾਂਧੀ ਨਗਰ ਵਿਖੇ ਲੋਕਾਂ ਨੂੰ ਪ੍ਰੇਰਿਤ ਕਰਨ ਹਿੱਤ ਪਹੰੁਚੀ ਜਾਗਰੂਕਤਾ ਵੈਨ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਕਾਰਡ ਬਣਵਾਉਣਾ ਜ਼ਰੂਰੀ ਹੈ।ਇਸ ਮੌਕੇ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।ਇਸ ਤੋਂ ਇਲਾਵਾ ਸੇਵਾ ਕੇਂਦਰਾਂ ਅਤੇ ਮਾਰਕੀਟ ਕਮੇਟੀ ਵੀ ਪੁੱਜ ਕੇ ਲਾਭਪਾਤਰੀ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਡਾ. ਕਵਿਤਾ, ਸਿਹਤ ਵਰਕਰ ਰਵਿੰਦਰ ਸ਼ਰਮਾ ਅਤੇ ਹੋਰ ਪਤਵੰਤੇ ਸਜਨ ਮੌਜੂਦ ਸਨ।