5 Dariya News

ਜ਼ਿਲ੍ਹਾ ਮੋਗਾ ਲਈ 10 ਨਵੇਂ ਬੱਸ ਪਰਮਿਟ ਜਾਰੀ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਂ ਉੱਤੇ ਖੜ੍ਹਾ ਕਰਨ ਲਈ ਹਰ ਮੌਕਾ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ

5 Dariya News

ਮੋਗਾ 24-Feb-2021

ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ ਬੱਸ ਪਰਮਿਟ ਵੰਡੇ ਗਏ। ਇਸ ਉਪਰਾਲੇ ਤਹਿਤ ਅੱਜ ਜ਼ਿਲ੍ਹਾ ਮੋਗਾ ਦੇ 10 ਨੌਜਵਾਨਾਂ ਨੂੰ ਵੀ ਇਹ ਪਰਮਿਟ ਜਾਰੀ ਕੀਤੇ ਗਏ। ਇਸ ਮੁਹਿੰਮ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਆਨਲਾਈਨ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਹੋਰ ਵੀ ਪੰਜ ਹਾਈ ਟੈੱਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਸ਼ਿਰਕਤ ਕੀਤੀ ਜਦਕਿ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭਾਂਗੇਰੀਆ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਇਹ ਪਰਮਿਟ ਨੌਜਵਾਨਾਂ ਨੂੰ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਫ਼ਰ ਦੌਰਾਨ ਔਰਤਾਂ ਅਤੇ ਬੱਚਿਆਂ ਨੂੰ ਸੁਰੱਖਿਆ ਦੇਣ ਲਈ ਸਰਕਾਰੀ ਬੱਸਾਂ ਨੂੰ ਜੀ ਪੀ ਆਰ ਐੱਸ ਪ੍ਰਣਾਲੀ ਯੁਕਤ ਕੀਤਾ ਗਿਆ ਹੈ। ਇਸ ਪ੍ਰਣਾਲੀ ਨਾਲ ਹੁਣ ਬੱਸਾਂ ਦੀ ਲੋਕੇਸ਼ਨ ਪਤਾ ਲੱਗਦੀ ਰਹੇਗੀ।ਸਮਾਗਮ ਦੌਰਾਨ ਦੱਸਿਆ ਗਿਆ ਕਿ ਹੁਣ ਟਰਾਂਸਪੋਰਟ ਵਿਭਾਗ ਦੀਆਂ 95 ਫੀਸਦੀ ਸੇਵਾਵਾਂ ਆਨਲਾਈਨ ਹੋ ਗਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਵਿਭਾਗ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨਾਗਰਿਕ ਨੂੰ ਹਰੇਕ ਤਰ੍ਹਾਂ ਦੀ ਸੇਵਾ ਉਹਨਾਂ ਦੇ ਘਰਾਂ ਤੱਕ ਮਿਲੇ। ਅੱਜ ਜੌ ਬੱਸ ਪਰਮਿਟ ਜਾਰੀ ਕੀਤੇ ਗਏ ਹਨ ਉਹ ਵੀ ਲੋੜਵੰਦ ਅਤੇ ਯੋਗ ਨੌਜਵਾਨਾਂ ਨੂੰ ਹੀ ਜਾਰੀ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਲਾਭਪਾਤਰੀ ਨੌਜਵਾਨਾਂ ਨੂੰ ਬੱਸ ਪਰਮਿਟ ਵੰਡਣ ਦੀ ਰਸਮ ਵੀ ਨਿਭਾਈ ਗਈ। ਇਹਨਾਂ ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।