5 Dariya News

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਚੇਅਰਪਰਸਨ ਵਿਜੇ ਸਾਂਪਲਾ ਵੱਲੋਂ ਐਸ.ਸੀ. ਭਾਈਚਾਰੇ ਨੂੰ ਅਪੀਲ

ਕਿਹਾ! ਸਰਕਾਰ ਵੱਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲੈਣ ਵੱਧ ਤੋਂ ਵੱਧ ਲਾਹਾ

5 Dariya News

ਲੁਧਿਆਣਾ 12-Mar-2021

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਵਿਜੇ ਸਾਂਪਲਾ ਵੱਲੋਂ ਅੱਜ ਐਸ.ਸੀ. ਭਾਈਚਾਰੇ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਵੱਖ ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਸਰਕਾਰ ਦੀਆਂ ਕਈ ਯੋਜਨਾਵਾਂ ਜਿਵੇਂ ਐਸ.ਸੀ./ਐਸ.ਟੀ. ਹੱਬ, ਸਟੈਂਡ ਅਪ ਇੰਡੀਆ ਅਤੇ ਹੋਰ ਦਾ ਮੁੱਖ ਟੀਚਾ ਐਸ.ਸੀ. ਭਰਾਵਾਂ ਦੀ ਵਪਾਰ ਅਤੇ ਵਣਜ ਦੇ ਖੇਤਰ ਵਿਚ ਮਜ਼ਬੂਤੀ ਨੂੰ ਯਕੀਨੀ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਤਹਿਤ ਅਨੁਸੂਚਿਤ ਜਾਤੀ ਦੇ ਉੱਦਮੀਆਂ ਨੂੰ ਮਾਨ-ਸਨਮਾਨ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਲਈ, ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮੁੱਖ ਮੰਤਵ ਉਦਯੋਗ ਅਤੇ ਵਪਾਰ ਦੇ ਖੇਤਰ ਵਿਚ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕਮਿਸ਼ਨਰ ਵੱਲੋਂ ਐਸ.ਸੀ/ਐਸ.ਟੀ. ਲੋਕਾਂ ਨੂੰ ਆਸਾਨੀ ਨਾਲ ਸ਼ਿਕਾਇਤਾਂ ਦਰਜ ਕਰਾਉਣ ਲਈ ਆੱਨਲਾਈਨ ਪੋਰਟਲ ਵੀ ਲਾਂਚ ਕੀਤਾ ਜਾਵੇਗਾ ਤਾਂ ਜੋ ਹਰ ਸ਼ਿਕਾਇਤ ਦਾ ਇੱਕ ਤੈਅ ਸਮਾਂ-ਸੀਮਾ ਅਨੁਸਾਰ ਨਿਪਟਾਰਾ ਕੀਤਾ ਜਾ ਸਕੇ।ਸ੍ਰੀ ਸਾਂਪਲਾ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਕਾਲਜ ਵੱਲੋਂ ਸਕਾਲਰਸ਼ਿਪ ਦੀ ਅਦਾਇਗੀ ਨਾ ਕਰਨ ਦੇ ਅਧਾਰ 'ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਿਸੇ ਵੀ ਬੱਚੇ ਦਾ ਦਾਖਲਾ ਜਾਂ ਕਿਸੇ ਵਿਦਿਆਰਥੀ ਦੀ ਡਿਗਰੀ ਨਹੀਂ ਰੋਕੀ ਜਾ ਸਕਦੀ।ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ ਅਤੇ ਹੋਰ ਹਾਜ਼ਰ ਸਨ।