ਮਾਸਕ ਪਾਉਣ ’ਚ ਲੋਕ ਲਾਪਰਵਾਹੀ ਨਾ ਵਰਤਣ : ਐੱਸ.ਪੀ. ਰਵਿੰਦਰਪਾਲ ਸਿੰਘ ਸੰਧੂ
ਸੈਸ਼ਨ ਚੌਕ ’ਚ ਲੋੜਵੰਦਾਂ ਨੂੰ ਵੰਡੇ ਮਾਸਕ
5 Dariya News
ਹੁਸ਼ਿਆਰਪੁਰ 13-Mar-2021
ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ ਅਤੇ ਹੋਰ ਜ਼ਰੂਰੀ ਅਹਿਿਤਆਤ ਵਰਤਣ ਵਿਚ ਕੋਈ ਲਾਪਰਵਾਹੀ ਨਾ ਕੀਤੀ ਜਾਵੇ ਕਿਉਂਕਿ ਸਾਵਧਾਨੀਆਂ ਦੀ ਸਹੀ ਪਾਲਣਾ ਹੀ ਕੋਰੋਨਾ ਵਾਇਰਸ ਦੀ ਅਸਰਦਾਰ ਰੋਕਥਾਮ ਵਿਚ ਸਹਾਈ ਹੋ ਸਕਦੀ ਹੈ।ਸਥਾਨਕ ਸੈਸ਼ਨ ਚੌਕ ਵਿਚ ਲੋੜਵੰਦਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਮਾਸਕ ਵੰਡਦਿਆਂ ਐੱਸ.ਪੀ. (ਡੀ) ਰਵਿੰਦਰਪਾਲ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਵਾਇਰਸ ਨੂੰ ਹੋਰ ਫ਼ੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਥਾਵਾਂ ’ਤੇ ਮਾਸਕ ਨਾ ਪਾਉਣ ਵਾਲਿਆਂ ਦੇ 130 ਦੇ ਕਰੀਬ ਚਾਲਾਨ ਵੀ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਜਾਰੀ ਹੈ ਅਤੇ ਕਰਫ਼ਿਊ ਦੀ ਉਲੰਘਣਾ ਨਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਣ ਤੱਕ 45 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਸ ਮੌਕੇ ਡੀ.ਐੱਸ.ਪੀ. ਮਾਧਵੀ ਸ਼ਰਮਾ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।