ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਚਾਲੂ ਮਾਲੀ ਸਾਲ ਦੌਰਾਨ 84 ਲੱਖ ਰੁਪਏ ਖਰਚ ਕੀਤੇ : ਬੀਬੀ ਰਾਮੂਵਾਲੀਆ
20 ਲੱਖ ਰੁਪਏ ਦੇ ਕੰਮ ਪ੍ਰਗਤੀ ਅਧੀਨ,ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵਿਕਾਸ ਕਾਰਜਾਂ ਦੀ ਮੀਟਿੰਗ ਦੌਰਾਨ ਕੀਤੀ ਸਮੀਖਿਆ
5 ਦਰਿਆ ਨਿਊਜ਼
ਐਸ .ਏ.ਐਸ.ਨਗਰ 29-Jan-2014
ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਚਾਲੂ ਮਾਲੀ ਸਾਲ ਦੌਰਾਨ 84 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਪਿੰਡਾਂ ਵਿੱਚ 20 ਲੱਖ ਰੁਪਏ ਦੇ ਕੰਮ ਪ੍ਰਗਤੀ ਅਧੀਨ ਹਨ ਜਿਹੜੇ ਕਿ ਮਿੱਥੇ ਸਮੇਂ ਤੇ ਮੁਕੰਮਲ ਕਰ ਲਏ ਜਾਣਗੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿੱਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਇਸ ਮੌਕੇ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਰਵਾਏ ਗਏ ਵਿਕਾਸ ਕਾਰਜਾਂ ਦਾ ਪਿੰਡਾਂ ਵਿੱਚ ਵਸਦੇ ਲੋਕ ਫਾਇਦਾ ਉਠਾ ਸਕਣ। ਉਹਨਾਂ ਇਸ ਮੌਕੇ ਜੋਰ ਦੇ ਕੇ ਆਖਿਆ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਨਾ ਵਰਤੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਮਿਆਰੀ ਹੋਣਾ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਉਹ ਪਿੰਡਾਂ ਵਿੱਚ ਜਾ ਕੇ ਖੁਦ ਵਿਕਾਸ ਕਾਰਜਾਂ ਦਾ ਜਾਇਜਾ ਲੈਣਗੇ ਅਤੇ ਅਣਗਿਹਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬੀਬੀ ਰਾਮੂਵਾਲੀਆਂ ਨੇ ਕਿਹਾ ਕਿ ਮੋਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਅਤੇ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਹਨਾਂ ਹੋਰ ਕਿਹਾ ਕਿ ਮੌਜੂਦਾ ਸਰਕਾਰ ਨੇ ਰਾਜ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣ ਜਾਵੇਗਾ। ਉਹਨਾਂ ਇਸ ਮੌਕੇ ਪੰਚਾਇਤਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਆਖਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਰਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਵਿੰਦਰ ਸਿੰਘ ਸਰਾਓ, ਉਪ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸੰਜੀਵ ਕੁਮਾਰ, ਉਪ ਅਰਥ ਅੰਕੜਾ ਸਲਾਹਕਾਰ ਸ੍ਰੀਮਤੀ ਅਮਰਜੀਤ ਕੌਰ, ਬੀ.ਡੀ.ਪੀ.ਓ ਖਰੜ ਸ੍ਰੀ ਮਹਿੰਦਰ ਸਿੰਘ, ਬੀ.ਡੀ.ਪੀ.ਓ ਮਾਜਰੀ ਸ੍ਰੀ ਡੀ.ਕੇ.ਸਾਲਦੀ, ਬੀ.ਡੀ.ਪੀ.ਓ ਡੇਰਾਬਸੀ ਸ੍ਰੀ ਅਰੁਣ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।