5 Dariya News

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਤੋਂ ਬਚਾਅ ਸਬੰਧੀ ਟੀਕਾਕਰਨ ਮੁਹਿੰਮ ਦਾ ਜਾਇਜ਼ਾ

ਪੀਲਾ ਕਾਰਡ ਧਾਰਕ ਤੇ ਐਕਰੀਡੇਟਡ ਪੱਤਰਕਾਰ ਕਰਵਾ ਸਕਣਗੇ ਮੁਫ਼ਤ ਵੈਕਸੀਨੇਸ਼ਨ

5 Dariya News

ਮਾਨਸਾ 30-Mar-2021

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਬੱਚਤ ਭਵਨ ਵਿਖੇ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੀਤੇ ਜਾ ਰਹੇ ਟੀਕਾਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਵੀ ਜ਼ਰੂਰੀ ਹੈ ਅਤੇ ਇੱਕ ਅਪ੍ਰੈਲ ਤੋਂ 45 ਤੋਂ ਵੱਧ ਉਮਰ ਵਾਲੇ ਸਾਰੇ ਨਾਗਰਿਕਾਂ ਦੇ ਟੀਕਾ ਲਗਾਉਣ ਦੀ ਪ੍ਰਕਿਰਿਆ ਆਰੰਭ ਹੋਣ ਜਾ ਰਹੀ ਹੈ ਜਿਸ ਲਈ ਹਰੇਕ ਨਾਗਰਿਕ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਆਪਣੇ ਪਰਿਵਾਰਾਂ, ਗੁਆਂਢੀਆਂ, ਮੁਹੱਲਿਆਂ ਆਦਿ ਵਿੱਚ ਇਸ ਉਮਰ ਵਰਗ ਦੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਸਕੇ।ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਸਿਵਲ ਸਰਜਨ ਸਮੇਤ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਆਧਾਰ 'ਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਫਰੰਟ ਲਾਈਨ ਵਰਕਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਮਾਣਯੋਗ ਜੱਜ ਸਾਹਿਬਾਨ ਅਤੇ ਉਨ੍ਹਾਂ ਦੀਆਂ ਅਦਾਲਤਾਂ ਵਿੱਚ ਤਾਇਨਾਤ ਸਮੂਹ ਕਰਮਚਾਰੀ, ਡੀ.ਐਫ.ਐਸ.ਸੀ ਦਫ਼ਤਰ ਦੇ ਕਰਮਚਾਰੀ ਤੇ ਅਧਿਕਾਰੀ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਮੰਡੀ ਅਫ਼ਸਰ ਵਿਭਾਗ, ਪਨਸਪ, ਮਾਰਕਫੈਡ, ਵੇਅਰ ਹਾਊਸ, ਐਫ.ਸੀ.ਆਈ ਬਠਿੰਡਾ, ਪੰਜਾਬ ਐਗਰੋ, ਜ਼ਿਲ੍ਹੇ ਅੰਦਰ ਚੱਲ ਰਹੇ ਸਮੂਹ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਦੇ ਨਾਲ ਨਾਲ ਡੀ.ਪੀ.ਆਰ.ਓ ਦਫ਼ਤਰ ਅਤੇ ਜ਼ਿਲ੍ਹੇ ਦੇ ਸਮੂਹ ਪੀਲਾ ਕਾਰਡ ਧਾਰਕ ਅਤੇ ਐਕਰੀਡੇਟਡ ਪੱਤਰਕਾਰ ਸਾਹਿਬਾਨ ਸਰਕਾਰੀ ਹਸਪਤਾਲਾਂ ਵਿਖੇ ਮੁਫ਼ਤ ਕੋਵਿਡ ਵੈਕਸੀਨੇਸ਼ਨ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕੋਰੋਨਾ ਸੈਂਪਲ ਲੈਣ ਦੀ ਕਾਰਵਾਈ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ।