5 Dariya News

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ: ਬੀਬੀ ਰਾਮੂਵਾਲੀਆ

ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

5 ਦਰਿਆ ਨਿਊਜ਼

ਐਸ.ਏ.ਐਸ.ਨਗਰ 07-Feb-2014

ਪੰਜਾਬ ਸਰਕਾਰ ਰਾਜ ਵਿੱਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਹਨਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ । ਇਸ ਗੱਲ ਦੀ ਜਾਣਕਾਰੀ ਚੇਅਰਪਰਸ਼ਨ ਜਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਮੌਜੂਦਾ ਸਰਕਾਰ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਨਵੇਂ ਕਮਰਿਆਂ ਦੀ ਉਸਾਰੀ ਅਤੇ ਸਕੂਲਾਂ ਵਿੱਚ ਹੋਰ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਕੀਤੀ ਜਾ ਰਹੀ  ਹੈ। ਉਹਨਾਂ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਲਈ ਵੀ ਵਿਸੇਸ਼ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਤਾਂ ਜੋ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੀ ਬੁਨਿਆਦੀ ਸਹੂਲਤਾਂ ਪ੍ਰਦਾਨ ਹੋ ਸਕਣ। 

ਬੀਬੀ ਰਾਮੂਵਲੀਆਂ ਨੇ ਇਸ ਮੌਕੇ ਸਿੱਖਿਆ ਅਧਿਕਾਰੀਆਂ ਨੂੰ ਆਖਿਆ ਕਿ ਉਹ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਜੇਕਰ ਕਿਸੇ ਪ੍ਰਾਇਮਰੀ ਸਕੂਲ ਵਿੱਚ ਬੁਨਿਆਦੀ ਢਾਂਚੇ ਲਈ ਕਿਸੇ ਫ਼ੰਡ ਦੀ ਲੋੜ ਹੈ ਤਾਂ ਉਹ ਉਸਦੀ ਤੁਰੰਤ ਜਾਣਕਾਰੀ ਦੇਣ ਤਾਂ ਜੋ ਸਮੇਂ ਸਿਰ ਫੰਡ ਮੁਹੱਈਆ ਹੋ ਸਕੇ। ਉਹਨਾਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿੱਡ ਡੇ ਮੀਲ ਸਕੀਮ ਅਧੀਨ ਦੁਪਹਿਰ ਦਾ ਖਾਣਾ ਸਾਫ਼ ਸੁਥਰਾ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੇਵਾ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਗਈ ਹੈ ਅਤੇ ਸਕੂਲਾਂ ਵਿੱਚ ਹੋਰ ਬੁਨਿਆਦੀ ਸਹੂਲਤਾਂ ਵੀ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ੍ਰੀ ਗੁਰਜੀਤ ਸਿੰਘ, ਉੱਪ ਅਰਥ ਅੰਕੜਾ ਸਲਾਹਕਾਰ ਸ੍ਰੀਮਤੀ ਅਮਰਜੀਤ ਕੋਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।