5 Dariya News

ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਇਤਿਹਾਸਕ ਕਦਮ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮਹਿਲਾ ਮੁਸਾਫਰਾਂ ਦੀ ਬੱਸ ਨੂੰ ਦਿਖਾਈ ਹਰੀ ਝੰਡੀ

5 Dariya News

ਐਸ.ਏ.ਐਸ. ਨਗਰ 01-Apr-2021

ਪੰਜਾਬ ਸਰਕਾਰ ਨੇ ਪੰਜਾਬ ਵਿੱਚ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇ ਕੇ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਦਾ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਫ਼ਤ ਬੱਸ ਸਫ਼ਰ ਸਕੀਮ ਦੀ ਸ਼ੁਰੂਆਤ ਸਬੰਧੀ ਮਹਿਲਾ ਮੁਸਾਫ਼ਰਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਬਿਹਤਰੀ ਲਈ ਅਨੇਕਾਂ ਕਦਮ ਚੁੱਕੇ ਹਨ ਜਿਨ੍ਹਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਅਤੇ ਸਥਾਨਕ ਸਰਕਾਰਾਂ ਸਬੰਧੀ 50 ਫੀਸਦ ਰਾਖਵਾਂਕਰਨ ਦੇਣਾ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਿੰਨੀ ਤਰੱਕੀ ਔਰਤਾਂ ਕਰਦੀਆਂ ਹਨ, ਓਨੀ ਹੀ ਤਰੱਕੀ ਸਮਾਜ ਕਰਦਾ ਜਾਂਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਤਰੱਕੀ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੜਾਅਵਾਰ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਹਨ ਤੇ ਪੰਜਾਬ ਨੂੰ ਮਾੜੇ ਵਿੱਤੀ ਹਾਲਾਤ ਵਿੱਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ।ਸ. ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਨਾਉਣ ਅਤੇ ਅੱਗੇ ਹੋ ਕੇ ਕੋਰੋਨਾ ਖਿ਼ਲਾਫ਼ ਜੰਗ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਪਾਬੰਦੀਆਂ ਲਾਈਆਂ ਗਈਆਂ ਹਨ, ਉਹ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਲੋਕਾਂ ਦੇ ਭਲੇ ਲਈ ਹੀ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾਉਣ। ਇਸ ਮੌਕੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਲੈਣ ਵਾਲੀ ਸੋਹਾਣਾ ਵਾਸੀ ਸਵਰਨ ਕੌਰ ਨੇ ਕਿਹਾ ਕਿ ਇਸ ਸਹੂਲਤ ਨਾਲ ਔਰਤਾਂ ਨੂੰ ਬਹੁਤ ਲਾਭ ਹੋਵੇਗਾ, ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸੇ ਤਰ੍ਹਾਂ ਮੋਹਾਲੀ ਵਾਸੀ ਸਿਮਰਜੀਤ ਕੌਰ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਬਹੁਤ ਫਾਇਦਾ ਹੋਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜੀਵ ਕੁਮਾਰ ਗੁਪਤਾ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਐਸ.ਡੀ.ਐਮ ਮੋਹਾਲੀ ਜਗਦੀਪ ਸਹਿਗਲ, ਆਰ ਟੀ ਏ ਸੁਖਵਿੰਦਰ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।