ਸਿਹਤ ਵਿਭਾਗ ਨੇ ‘ਹੈਲਥ ਫਾਰ ਆਲ’ ਤਹਿਤ ਰੇਲਵੇ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ
ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ
5 Dariya News
ਬਟਾਲਾ 10-Apr-2021
ਪੰਜਾਬ ਸਰਕਾਰ ਵੱਲੋਂ ‘ਹੈਲਥ ਫਾਰ ਆਲ’ ਦੇ ਵਾਅਦੇ ਤਹਿਤ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਟਾਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕੀਤਾ।ਕੈਂਪ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਆਸੇ ਨੂੰ ਮੁੱਖ ਰੱਖ ਕੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਡਾਕਟਰਾਂ ਵੱਲੋਂ ਮਰੀਜ਼ਾਂ ਦੇ ਲੋੜੀਂਦੇ ਟੈਸਟ ਕਰਕੇ ਬਿਮਾਰੀ ਨੂੰ ਡਾਇਗਨੋਜ਼ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਫਾਇਦਾ ਬਜ਼ੁਰਗਾਂ ਅਤੇ ਬਿਮਾਰਾਂ ਨੂੰ ਹੋਰ ਵੀ ਜਿਆਦਾ ਹੁੰਦਾ ਹੈ ਜੋ ਹਸਪਤਾਲ ਜਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਟਾਲਾ ਸ਼ਹਿਰ ਵਿੱਚ ਅਜਿਹੇ ਮੈਡੀਕਲ ਕੈਂਪ ਹੋਰ ਵੀ ਲਗਾਏ ਜਾਣਗੇ। ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਮੈਡੀਕਲ ਕੈਂਪਾਂ ਦੌਰਾਨ ਲੋਕਾਂ ਨੂੰ ਕੋਵਿਡ-19 ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਦੇ ਨਾਲ ਉਨ੍ਹਾਂ ਨੂੰ ਵੈਕਸੀਨ ਲਗਾਉਣ ਲਈ ਵੀ ਕਿਹਾ ਜਾ ਰਿਹਾ ਹੈ।ਇਸ ਮੌਕੇ ਓਹਨਾਂ ਨਾਲ ਐਸ.ਐਮ.ਓ. ਡਾਕਟਰ ਸੰਜੀਵ ਭੱਲਾ, ਪ੍ਰੋਜੈਕਟ ਕੋਡੀਨੇਟਰ ਸੁਖਦੇਵ ਸਿੰਘ, ਰਿਟਾਇਰਡ ਇੰਸਪੈਕਟਰ ਦਿਲਬਾਗ ਸਿੰਘ, ਰਿਟਾਇਰਡ ਇੰਸਪੈਕਟਰ ਮੱਖਣ ਸਿੰਘ, ਕਿਸ਼ਨ ਸੰਤ ਵੈਸ਼ਨੋ ਢਾਬਾ ਅਤੇ ਕੋਆਰਡੀਨੇਟਰ ਚਰਨਪ੍ਰੀਤ ਢਿੱਲੋਂ ਆਦਿ ਹਾਜ਼ਰ ਸਨ।