5 Dariya News

ਮੈਡੀਕਲ ਕਾਲਜ ਬਨਾਉਣ ਲਈ ਸਾਰੀਆਂ ਕਾਰਵਾਈਆਂ ਮੁਕੰਮਲ, ਉਸਾਰੀ ਸ਼ੁਰੂ ਹੋਵੇਗੀ ਜਲਦ : ਓ.ਪੀ. ਸੋਨੀ

ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ ਬਣਾਇਆ ਜਾ ਰਿਹੈ 500 ਬੈਡ ਦਾ ਹਸਪਤਾਲ

5 Dariya News

ਹੁਸ਼ਿਆਰਪੁਰ 14-Apr-2021

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਅੱਜ ਇਥੇ ਕਿਹਾ ਕਿ ਹੁਸ਼ਿਆਰਪੁਰ ਵਿੱਚ 375 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ ਕਿਉਂਕਿ ਇਸ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਹੋਣ ਦੇ ਨਾਲ-ਨਾਲ ਲੋੜੀਂਦੇ ਫੰਡ ਵੀ ਜਾਰੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜੁਲਾਈ ਦੇ ਪਹਿਲੇ ਹਫ਼ਤੇ ਰੱਖਣਗੇ।ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਭਾਰਤ ਰਤਨ ਡਾ. ਬੀ.ਆਰ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ.ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ 500 ਬੈਡ ਦਾ ਬਣਾਇਆ ਜਾ ਰਿਹਾ ਹੈ ਜਿਸ ਦੀ ਉਸਾਰੀ ਆਉਂਦੇ ਕੁਝ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਨੂੰ ਦਸੰਬਰ 2022 ਤੱਕ ਮੁਕੰਮਲ ਕਰਨ ਅਤੇ 2023 ਵਿੱਚ ਸੈਸ਼ਨ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਹ ਪ੍ਰਾਜੈਕਟ ਪੂਰੇ ਸਮੇਂ ਸਿਰ ਨੇਪਰੇ ਚਾੜ੍ਹ ਕੇ ਇਸ ਕੰਢੀ ਇਲਾਕੇ ਨੂੰ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਲਈ 20 ਏਕੜ ਜਮੀਨ ਲੋੜੀਂਦੀ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਨੂੰ 500 ਬੈਡ ਦਾ ਕਰਕੇ ਮੈਡੀਕਲ ਕਾਲਜ ਦੀ ਬਿਲਡਿੰਗ ਚੰਡੀਗੜ੍ਹ ਰੋਡ ਵਿਖੇ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਲਈ 325 ਕਰੋੜ ਰੁਪਏ ਅਤੇ 50 ਕਰੋੜ ਰੁਪਏ ਅਤਿ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਮਸ਼ੀਨਾਂ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਵਿੱਚ ਸੁਪਰ ਸਪੈਸ਼ਲਟੀ ਡਾਕਟਰਾਂ ਦੀ ਮੌਜੂਦਗੀ ਨਾਲ ਹਰ ਤਰ੍ਹਾਂ ਦੀ ਬੀਮਾਰੀ ਦਾ ਇਲਾਜ ਸਹਿਜੇ ਹੀ ਸੰਭਵ ਹੋ ਜਾਵੇਗਾ। ਓ.ਪੀ.ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਪੀ.ਡਬਲਯੂ.ਡੀ. ਬੀ.ਐਂਡ ਆਰ. ਨੂੰ ਅਲਾਟ ਕੀਤਾ ਗਿਆ ਹੈ ਤਾਂ ਜੋ ਕੰਮ ਪੂਰੀ ਗੁਣਵਤਾ ਅਤੇ ਮਿਆਰ ਅਨੁਸਾਰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਣ ਰਹੇ ਤਿੰਨ ਨਵੇਂ ਮੈਡੀਕਲ ਕਾਲਜਾਂ ਵਿੱਚੋਂ ਮੋਹਾਲੀ ਦਾ ਮੈਡੀਕਲ ਕਾਲਜ ਇਸ ਸੈਸ਼ਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਮੈਡੀਕਲ ਕਾਲਜਾਂ ਦੀ ਉਸਾਰੀ ਜਲਦ ਸ਼ੁਰੂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਵੀ ਮੈਡੀਕਲ ਕਾਲਜ ਸਥਾਪਤ ਕਰਨ ਸਬੰਧੀ ਪ੍ਰਕਿਰਿਆ ਜੰਗੀ ਪੱਧਰ ’ਤੇ ਜਾਰੀ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ ਅਤੇ ਇਨ੍ਹਾਂ ਖੇਤਰਾਂ ਵਿੱਚ ਮੈਡੀਕਲ ਕਾਲਜ ਸਥਾਪਤ ਹੋਣਗੇ।ਇਸ ਉਪਰੰਤ ਓ.ਪੀ.ਸੋਨੀ, ਸੁੰਦਰ ਸ਼ਾਮ ਅਰੋੜਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਿਵਲ ਹਸਪਤਾਲ ਵਿੱਚ ਹਸਪਤਾਲ ਨੂੰ ਅਪਗ੍ਰੇਡ ਕਰਨ ਸਬੰਧੀ ਸਾਈਟ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੁਣ ਤੱਕ 85 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਵਿਕਾਸ ਸਦਕਾ ਲੋਕ ਮੁੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਉਣਗੇ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਅਪਗੇ੍ਰਡੇਸ਼ਨ ਦਾ ਖਾਕਾ ਵੀ ਦੇਖਿਆ ਅਤੇ ਆਪਣੇ ਸੁਝਾਅ ਦਿੱਤੇ।