5 Dariya News

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਫ਼ਤਹਿਜੰਗ ਸਿੰਘ ਬਾਜਵਾ

ਕਿਸਾਨਾਂ ਨੂੰ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ

5 Dariya News

ਬਟਾਲਾ 16-Apr-2021

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇੇ। ਸਰਕਾਰ ਵੱਲੋਂ ਜਿਥੇ ਮੰਡੀਆਂ ਵਿੱਚ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ ਓਥੇ ਮੰਡੀਆਂ ਵਿੱਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸ ਪ੍ਰਗਟਾਵਾ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਾਦੀਆਂ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਦਾਣਾ ਮੰਡੀਆਂ ਵਿਚ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸ਼ੋਸਲ ਡਿਸਟੈਸਿੰਗ ਦੀ ਪਾਲਣਾ ਕਰਨ ਦੇ ਨਾਲ ਥਰਮਲ ਸਕੈਨਰ, ਮਾਸਕ, ਸ਼ੈਨੀਟਾਇਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਇੱਕੋ-ਦਮ ਭੀੜ ਨਾ ਪਵੇ ਇਸ ਲਈ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਟੋਕਨ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 30 ਬਾਈ 30 ਫੁੱਟ ਦੇ ਖਾਨੇ ਬਣਾਏ ਗਏ ਹਨ ਤਾਂ ਜੋ ਕਿਸਾਨ ਸੋਸਲ ਡਿਸਟੈਂਸਿੰਗ ਦਾ ਖਿਆਲ ਰੱਖਦਿਆਂ ਆਪਣੀ ਫਸਲ ਵੇਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਮੰਡੀਆਂ ਵਿੱਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਵਿਧਾਇਕ ਸ. ਬਾਜਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ  ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸੇ ਕਿਸਾਨ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ।