5 Dariya News

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਲਈ ਨਿਗਮ ਅਧਿਕਾਰੀਆਂ ਦੀ ਕਲਾਸ

ਸ਼ਹਿਰ ਵਿੱਚ ਚਲਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ, ਕਰਮਚਾਰੀਆਂ ਨੂੰ ਜਵਾਬਦੇਹੀ ਨਾਲ ਕੰਮ ਕਰਨ ਦੀ ਹਿਦਾਇਤ

5 Dariya News

ਐਸ.ਏ.ਐਸ.ਨਗਰ 17-Apr-2021

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਿਗਮ ਦੀ ਇੰਜੀਨੀਅਰਿੰਗ ਵਿੰਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿੱਚ ਚਲਦੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।ਇਸ ਮੌਕੇ ਸ੍ਰ. ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਜੋ ਵੀ ਕੰਮ ਕਰਵਾਏ ਜਾ ਰਹੇ ਹਨ, ਉਹ ਉਨ੍ਹਾਂ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਤਾਂ ਜੋ ਕੋਈ ਕਮੀ ਹੋਣ ਤੇ ਉਸਨੂੰ ਮੌਕੇ ਤੇ ਹੀ ਤੁਰੰਤ ਠੀਕ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਅਧਿਕਾਰੀਆਂ ਦੀ ਜਿੰਮੇਵਾਰੀ ਹੈ ਕਿ ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹਈਆਂ ਕਰਵਾਉਣ ਅਤੇ ਲੋਕਾਂ ਦੀਆਂ ਸੱਮਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਵਿਕਾਸ ਕੰਮਾਂ ਦੌਰਾਨ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਕੰਮ ਵਧਿਆ ਕੁਆਲਟੀ ਨਾਲ ਪੂਰਾ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਦੌਰਾਨ ਜੇਕਰ ਕੰਮ ਦਾ ਮਿਆਰ ਸਹੀ ਨਾ ਪਾਇਆ ਗਿਆ ਤਾਂ ਉਸਦਾ ਜਿੰਮੇਵਾਰੀ ਸਬੰਧਿਤ ਅਧਿਕਾਰੀ ਦੀ ਹੋਵੇਗੀ। ਉਹਨਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨਾਲ ਸਬੰਧਿਤ ਜੋ ਵੀ ਕੰਮ ਕਰਵਾਏ ਜਾਣੇ ਹਨ, ਉਨ੍ਹਾਂ ਲਈ ਐਸਟੀਮੇਟ ਤਿਆਰ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਦੀ ਸੱਮਸਿਆ ਦਾ ਹੱਲ ਹੋ ਸਕੇ।ਮੀਟਿੰਗ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰ. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸ੍ਰ. ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਕਮਲ ਕੁਮਾਰ ਗਰਗ ਅਤੇ ਐਸ.ਈ. ਸੰਜੈ ਕੰਵਰ ਮੌਜੂਦ ਸਨ।