5 Dariya News

ਸੂਬੇ ਵਿਚ ਹੁਣ ਤੱਕ ਮੰਡੀਆਂ ਵਿਚ ਪਹੁੰਚੀ 86 ਫੀਸਦੀ ਕਣਕ ਦੀ ਕੀਤੀ ਖ਼ਰੀਦ : ਰਵੀ ਭਗਤ

ਮੰਡੀ ਬੋਰਡ ਦੇ ਸਕੱਤਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਮੰਡੀਆਂ ਦਾ ਦੌਰਾ

5 Dariya News

ਨਵਾਂਸ਼ਹਿਰ 17-Apr-2021

ਕੋਵਿਡ-19 ਮਹਾਮਾਰੀ ਦੌਰਾਨ ਚੁਨੌਤੀਪੂਰਨ ਕੰਮ ਦੇ ਬਾਵਜੂਦ ਸੂਬੇ ਦੀਆਂ ਮੰਡੀਆਂ ਵਿਚ ਹੁਣ ਤੰਕ 29.65 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 25.61 ਲੱਖ ਮੀਟਿ੍ਰਕ ਟਨ, ਭਾਵ 86.37 ਫੀਸਦੀ ਦੀ ਖ਼ਰੀਦ ਸਿਰਫ ਇਕ ਹਫ਼ਤੇ ਦੇ ਅੰਦਰ ਕੀਤੀ ਗਈ ਹੈ। ਮੰਡੀ ਬੋਰਡ ਦੇ ਸਕੱਤਰ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਡਾਇਰੈਕਟਰ ਰਵੀ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਸੰਗਰੂਰ ਕਣਕ ਦੀ ਆਮਦ ਦੇ ਮਾਮਲੇ ਵਿਚ ਸਭ ਤੋਂ ਮੋਹਰੀ ਚੱਲ ਰਿਹਾ ਹੈ, ਜਿਥੇ ਹੁਣ ਤੱਕ 4.76 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਇਸ ਤੋਂ ਬਾਅਦ ਮੰਡੀਆਂ ਵਿਚ ਕ੍ਰਮਵਾਰ 3.87 ਲੱਖ ਮੀਟਿ੍ਰਕ ਟਨ ਅਤੇ 2.32 ਲੱਖ ਮੀਟਿ੍ਰਕ ਟਨ ਨਾਲ ਪਟਿਆਲਾ ਅਤੇ ਮਾਨਸਾ ਦਾ ਨੰਬਰ ਆਉਂਦਾ ਹੈ। ਉਨਾਂ ਕਿਹਾ ਕਿ ਹਾੜੀ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਰਾਜ ਵਿਚ 130 ਲੱਖ ਮੀਟਿ੍ਰਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਹੈ। ਉਨਾਂ ਇਹ ਵੀ ਖੁਲਾਸਾ ਕੀਤਾ ਕਿ ਕੋਵਿਡ-19 ਕਾਰਨ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਮੰਡੀਆਂ ਵਿਚ ਭੀੜ ਘਟਾਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਵੱਲੋਂ ਆੜਤੀਆਂ ਰਾਹੀਂ 5.74 ਲੱਖ ਪਾਸ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਫ਼ਸਲਾਂ ਦੀ ਅਦਾਇਗੀ ਸਬੰਧੀ ਕਿਸਾਨਾਂ ਨੂੰ ਦਰਪੇਸ਼ ਮੁਸਕਲਾਂ ਬਾਰੇ ਉਨਾਂ ਦੱਸਿਆ ਕਿ ਇਸ ਸੀਜ਼ਨ ਤੋਂ ਡੀ. ਬੀ. ਟੀ ਸਿਸਟਮ ਪਹਿਲੀ ਵਾਰ ਪੇਸ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੁਝ ਤਕਨੀਕੀ ਮਸਲਿਆਂ ਕਾਰਨ ਕੁਝ ਮੁਸ਼ਕਲਾਂ ਆਈਆਂ ਹਨ, ਜਿਨਾਂ ਦਾ ਹੱਲ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ ਅਤੇ ਨਾਲ ਹੀ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਸਕੇ।ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸਕੱਤਰ ਰਵੀ ਭਗਤ ਨੇ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। 

ਇਸ ਦੌਰਾਨ ਉਨਾਂ ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦਾਣਾ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਖ਼ਰੀਦ ਨਾਲ ਸਬੰਧਤ ਹੋਰਨਾਂ ਧਿਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਨਾਂ ਭਰੋਸਾ ਦਿਵਾਇਆ ਕਿ ਸਰਕਾਰ ਇਨਾਂ ਮੁਸ਼ਕਲ ਸਮਿਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਕੋਵਿਡ ਕਾਰਨ ਸੂਬੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਇਹਤਿਆਤੀ ਕਦਮ ਚੁੱਕੇ ਗਏ ਹਨ ਅਤੇ ਉਥੇ ਢੁਕਵੀਂ ਮਾਤਰਾ ਵਿਚ ਮਾਸਕ, ਸੈਨੀਟਾਈਜ਼ਰ ਅਤੇ ਹੱਥ ਧੋਣ ਲਾਂਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸੇ ਤਰਾਂ ਸਾਰੇ ਸਿਹਤ ਸੁਰੱਖਿਆ ਉਪਾਵਾਂ, ਖਾਸ ਕਰਕੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਉਨਾਂ ਹਦਾਇਤ ਕੀਤੀ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਨਾਲ ਸਬੰਧਤ ਸਾਰੀਆਂ ਧਿਰਾਂ ਦਾ ਕੋਵਿਡ ਰੋਕੂ ਟੀਕਾਕਰਨ ਯਕੀਨੀ ਬਣਾਇਆ ਜਾਵੇ, ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਉਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10 ਹਜ਼ਾਰ ਐਨ-95 ਮਾਸਕ ਅਤੇ 10 ਹਜ਼ਾਰ ਬੋਤਲਾਂ ਸੈਨੀਟਾਈਜ਼ਰ ਦੀਆਂ ਮੁਹੱਈਆ ਕਰਵਾ ਕੇ ਸਿਹਤ ਪ੍ਰਟੋਕੋਲ ਦੇ ਵਿਸਥਾਰਤ ਪ੍ਰਬੰਧ ਕੀਤੇ ਹਨ, ਤਾਂ ਕਿ ਕੋਵਿਡ-19 ਮਹਾਮਾਰੀ ਕਾਰਨ ਮੁਸ਼ਕਲ ਪੜਾਅ ਵਿਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਮੰਡੀ ਬੋਰਡ ਨੇ ਖ਼ਰੀਦ ਕੇਂਦਰਾਂ ਵਿਚ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35 ਹਜ਼ਾਰ ਲੀਟਰ ਸੈਨੀਟਾਈਜ਼ਰ ਦਾ ਵੀ ਪ੍ਰਬੰਧ ਕੀਤਾ ਹੈ।ਉਨਾਂ ਕਿਹਾ ਕਿ ਜੇਕਰ ਕਿਸੇ ਧਿਰ ਨੂੰ ਖ਼ਰੀਦ ਕਾਰਜਾਂ ਸਬੰਧੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟ ਵਿਖੇ ਸ਼ਿਕਾਇਤਾਂ ਦੇ ਨਿਵਾਰਣ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਜਲੰਧਰ ਡਵੀਜ਼ਨ ਦੇ ਡਿਪਟੀ ਡਾਇਰੈਕਟਰ (ਫੀਲਡ) ਮੈਡਮ ਰਜਨੀਸ਼ ਰਾਜਪੂਤ, ਡੀ. ਐਫ. ਐਸ. ਸੀ ਰਾਕੇਸ਼ ਭਾਸਕਰ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਸਕੱਤਰ ਪਰਮਜੀਤ ਸਿੰਘ, ਮਾਰਕੀਟ ਕਮੇਟੀ ਬਲਾਚੌਰ ਦੇ ਸਕੱਤਰ ਵਰਿੰਦਰ ਤੋਂ ਇਲਾਵਾ ਮੰਡੀ ਬੋਰਡ, ਫੂਡ ਤੇ ਸਿਵਲ ਸਪਲਾਈ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।