5 Dariya News

ਐਡਵੋਕੇਟ ਰੂਬੀ ਸਿੱਧੂ ਵਲੋਂ ਪਿੰਡ ਕੁਰੜੀ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਉਦਘਾਟਨ

ਲੋਕ ਅਪਣਾ ਫ਼ਰਜ਼ ਸਮਝਦਿਆਂ ਤਮਾਮ ਸਾਵਧਾਨੀਆਂ ਵਰਤਣ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ

5 Dariya News

ਮੋਹਾਲੀ 20-Apr-2021

ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਪੁੱਤਰ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਨੇ ਸਿਹਤ ਬਲਾਕ ਘੜੂੰਆਂ ਦੇ ਪਿੰਡ ਕੁਰੜੀ ਵਿਚ ਕੋਵਿਡ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰੂਬੀ ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਜਿਥੇ ਮਾਸਕ ਪਾਉਣਾ ਬੇਹੱਦ ਕਾਰਗਰ ਹੈ, ਉਥੇ ਕੋਵਿਡ ਦਾ ਟੀਕਾ ਲਗਵਾਉਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਥੇ ਸਿਹਤ ਵਿਭਾਗ ਇਸ ਬੀਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਸ਼ਲਾਘਾਯੋਗ ਕੰਮ ਕਰ ਰਿਹਾ ਹੈ, ਉਥੇ ਉਹ ਖ਼ੁਦ ਅਪਣੇ ਵਰਕਰਾਂ ਨਾਲ ਵੱਖ-ਵੱਖ ਥਾਈਂ ਕੈਂਪ ਲਾ ਕੇ ਅਤੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਮਹਾਂਮਾਰੀ ਨੂੰ ਰੋਕਣ ਲਈ ਅਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਹਰ ਲਾਭਪਾਤਰੀ ਨੂੰ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰ, ਨਰਸਾਂ, ਵਰਕਰ, ਆਸ਼ਾ ਵਰਕਰ, ਪੈਰਾਮੈਡੀਕਲ ਸਟਾਫ਼ ਸਮੇਤ ਹਰ ਕੋਈ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਵਿਚ ਜੁਟਿਆ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਕਰਦਿਆਂ ਤਮਾਮ ਸਾਵਧਾਨੀਆਂ ਵਰਤਣ। ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ ਅਤੇ ਦੋ ਗਜ਼ ਦੀ ਦੂਰੀ ਰਖਣਾ ਬਹੁਤ ਜ਼ਰੂਰੀ ਹੈ। ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਭੀੜ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਵੱਧ ਤੋਂ ਵੱਧ ਟੀਕਾਕਰਨ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਆਖਿਆ ਕਿ ਕੋਵਿਡ ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ ਪੈਂਦਾ ਤੇ ਜਿਹੜੇ ਲੋਕ ਹਾਲੇ ਵੀ ਝਿਜਕ ਵਿਖਾ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ-ਭੈਅ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਕੋਵਿਡ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਸਿਹਤ ਸਮੱਸਿਆ ਜਾਂ ਸਬੰਧਤ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  ਇਸ ਮੌਕੇ ਐਸ.ਐਮ.ਓ ਡਾ. ਸੁਰਿੰਦਰਪਾਲ ਕੌਰ, ਡਾ. ਅਨਿਲ ਅਤੇ ਹੋਰ ਸਟਾਫ਼ ਮੌਜੂਦ ਸੀ।