5 Dariya News

ਭਵਿੱਖ ’ਚ ਬਠਿੰਡਾ ਸ਼ਹਿਰ ਦੀ ਬਦਲੇਗੀ ਨੁਹਾਰ : ਮਨਪ੍ਰੀਤ ਸਿੰਘ ਬਾਦਲ

5 Dariya News

ਬਠਿੰਡਾ 23-Apr-2021

ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿੱਚ ਸ਼ਹਿਰ ਦਾ ਸੁੰਦਰੀਕਰਨ ਤੇ ਨਵੀਨੀਕਰਨ ਕਰਕੇ ਇਸਦੀ ਨੁਹਾਰ ਬਦਲੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਇੱਥੇ ਨਗਰ ਨਿਗਮ ਦੇ ਚੁਣੇ ਗਏ ਨਵੇਂ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ ਅਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਨੂੰ ਆਪੋ-ਆਪਣੀਆਂ ਸੀਟਾਂ ’ਤੇ ਬਿਰਾਜਮਾਨ ਕਰਨ ਤੋਂ ਪਹਿਲਾਂ ਕੀਤਾ। ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਜ਼ਿਲਾ ਪੁਲਿਸ ਮੁਖੀ ਸ੍ਰੀ ਭੁਪਿੰਦਰਜੀਤ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਪਰਮਵੀਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਤੋਂ ਪਹਿਲਾਂ ਮੌਜੂਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੌਮ ਤੇ ਮੁਲਕ ਦੀ ਤਕਦੀਰ ਬਦਲਣ ਲਈ ਭਾਵੇਂ ਬਹੁਤੇ ਪੜੇ-ਲਿਖੇ ਹੋਣ ਦੀ ਜ਼ਰੂਰਤ ਨਹੀਂ ਹੁੰਦੀ, ਪ੍ਰੰਤੂ ਇਸਨੂੰ ਸਿਰਫ਼ ਕੰਮ ਕਰਨ ਦੇ ਜ਼ਜ਼ਬੇ ਨਾਲ ਹੀ ਬਦਲਿਆ ਜਾ ਸਕਦਾ ਹੈ। ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ, ਸਮੂਹ ਐਮ.ਸੀਜ਼ ਨੂੰ ਸੰਬੋਧਤ ਹੁੰਦਿਆਂ ਉਨਾਂ ਕਿਹਾ ਕਿ ਉਹ ਆਪੋ-ਆਪਣੇ ਵਾਰਡਾਂ ’ਚ ਬਿਨਾਂ ਕਿਸੇ ਮਤਭੇਦ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣਾ ਯਕੀਨੀ ਬਣਾਉਣ। ਉਨਾਂ ਇਹ ਵੀ ਵਿਸਵਾਸ਼ ਦਵਾਇਆ ਕਿ ਉਹ ਸ਼ਹਿਰ ਦੇ ਕਿਸੇ ਵੀ ਵਾਰਡ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦੇਣਗੇ।ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਬਠਿੰਡਾ ਸ਼ਹਿਰ ਨੂੰ ਇੱਕ ਵਧੀਆ ਨਮੂਨੇ ਦਾ ਸ਼ਹਿਰ ਬਣਾਇਆ ਜਾਵੇ। ਇਸ ਲਈ ਉਹ ਸ਼ਹਿਰ ਦੇ ਸੁੰਦਰੀਕਰਨ ਤੇ ਨਵੀਨੀਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ’ਚ ਪੈਸੇ ਦੀ ਕੋਈ ਘਾਟ ਨਹੀਂ ਆਉਣ ਦੇਣਗੇ। 

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕੇ.ਕੇ. ਅਗਰਵਾਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਨ ਵਧਾਵਨ, ਸ੍ਰੀ ਪਵਨ ਮਾਨੀ, ਸ੍ਰੀ ਬਲਜੀਤ ਸਿੰਘ ਉਰਫ ਰਾਜੂ ਸਰਾਂ ਤੋਂ ਇਲਾਵਾ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਐਮ.ਸੀਜ ਦੇ ਪਰਿਵਾਰਿਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।