5 Dariya News

ਵੈਕਸੀਨੇਸ਼ਨ ਤੇ ਸੈਂਪਲਿੰਗ ਵਿਚ ਲਿਆਂਦੀ ਜਾਵੇ ਤੇਜ਼ੀ : ਬੀ. ਸ਼੍ਰੀਨਿਵਾਸਨ

ਕਿਹਾ, ਉਦਯੋਗਿਕ ਇਕਾਈਆਂ ਪ੍ਰਸ਼ਾਸਨ ਦੀ ਪ੍ਰਵਾਨਗੀ ਬਿਨਾਂ ਆਕਸੀਜ਼ਨ ਸਿਲੰਡਰ ਨਾ ਵਰਤਣ

5 Dariya News

ਬਠਿੰਡਾ 27-Apr-2021

ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵੈਕਸੀਨੇਸ਼ਨ ਤੇ ਸੈਂਪਲਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਦਯੋਗਿਕ ਇਕਾਈਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਵਾਨਗੀ ਤੋਂ ਬਿਨਾਂ ਆਕਸੀਜਨ ਦੇ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਤਾਂ ਜੋ ਆਕਸੀਜ਼ਨ ਨੂੰ  ਮੈਡੀਕਲ ਤੇ ਐਮਰਜੈਂਸੀ ਸੇਵਾਵਾਂ ਦੌਰਾਨ ਹੀ ਵਰਤਿਆਂ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਆਪਣੇ ਦਫ਼ਤਰ ਵਿਖੇ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਉਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਕੀਤੀ।ਡਿਪਟੀ ਕਮਿਸ਼ਨਰ ਨੇ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਕਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੇ ਲਗਾਤਾਰ ਕੈਂਪ ਲਗਾਏ ਜਾਣ। ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ  ਵਾਇਰਸ ਤੋਂ ਬਚਾਓ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਕਰੋਨਾ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਵੈਕਸ਼ੀਨੇਸ਼ਨ ਪ੍ਰਤੀ ਝੂਠੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ।ਮੀਟਿੰਗ  ਦੌਰਾਨ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਤੇ ਤਿੱਖੀ ਨਜ਼ਰ ਰੱਖਣ ਲਈ ਆਡਿਟ ਟੀਮਾਂ ਵਿਚ ਵਾਧਾ ਕੀਤਾ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪ੍ਰਾਈਵੇਟ ਹਸਪਤਾਲਾਂ ਪੋਰਟਲ ਤੇ ਮਰੀਜ਼ਾਂ ਦੀ  ਐਂਟਰੀ ਅਨੁਸਾਰ ਹੀ ਆਕਸੀਜ਼ਨ ਗੈਸ ਦੀ ਵਰਤੋਂ ਕਰਨ ਤੇ ਇਹ ਵੀ ਲਾਜ਼ਮੀ ਕੀਤਾ ਜਾਵੇ ਕਿ ਕੋਈ ਵੀ ਹਸਪਤਾਲ ਵਾਧੂ ਗੈਸ ਸਟੋਰ ਨਾ ਕਰ ਸਕਣ।ਇਸ ਮੌਕੇ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ੍ਰੀ ਪ੍ਰੀਤਮਹਿੰਦਰ ਸਿੰਘ ਬਰਾੜ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਯਕੀਨੀ  ਬਣਾਉਣ ਕਿ ਜ਼ਿਲ੍ਹੇ ਅੰਦਰਲੀਆਂ ਉਦਯੋਗਿਕ ਇਕਾਈਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਵਾਨਗੀ ਤੋਂ ਬਿਨਾਂ ਆਕਸੀਜਨ ਦੇ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਤੇ ਨਾ ਹੀ ਆਕਸੀਜ਼ਨ ਗੈਸ ਨੂੰ ਸਟੋਰ ਕਰਕੇ ਰੱਖਣ ਤਾਂ ਜੋ ਆਕਸੀਜ਼ਨ ਨੂੰ ਮੈਡੀਕਲ ਤੇ ਐਮਰਜੈਂਸੀ ਸੇਵਾਵਾਂ ਲਈ ਹੀ  ਵਰਤਿਆਂ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮੌੜ ਸ਼੍ਰੀ ਨਵਦੀਪ ਕੁਮਾਰ, ਸ਼੍ਰੀ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਲਜੀਤ ਸਿੰਘ, ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ  ਮਨਪ੍ਰੀਤ ਅਰਸ਼ੀ ਤੇ ਬੀ.ਡੀ.ਪੀ.ਓ, ਸ਼੍ਰੀ ਅਭਿਨਵ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।