5 Dariya News

ਕੋਵਿਡ ਮਰੀਜ਼ਾਂ ਦੀ ਨਿਗਰਾਨੀ ਰੱਖਣ ’ਚ ਸਹਾਈ ਸਾਬਤ ਹੋਵੇਗਾ ਇਤਿਹਾਸ ਪੋਰਟਲ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਨੂੰ ਇਤਿਹਾਸ ਪੋਰਟਲ ਸਬੰਧੀ ਨੋਡਲ ਅਧਿਕਾਰੀ ਕੀਤਾ ਨਿਯੁਕਤ

5 Dariya News

ਹੁਸ਼ਿਆਰਪੁਰ 05-May-2021

ਡਿਪਟੀ ਕਮਿਸ਼ਨਰ ਅਪਨੀਤ ਨੇ ਕਿਹਾ ਕਿ ਇਤਿਹਾਸ ਪੋਰਟਲ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਉਨਤ ਤਕਨੀਕ ਦਾ ਪ੍ਰਯੋਗ ਕਰਕੇ ਕੋਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮੂਵਮੈਂਟ ’ਤੇ ਨਿਗਰਾਨੀ ਰੱਖੀ ਜਾਵੇਗੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਇਨ੍ਹਾਂ ਸਾਰੇ ਖੇਤਰਾਂ ਵਿੱਚ ਟੈਸਟਿੰਗ ਨੂੰ ਵਧਾਉਣਗੀਆਂ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।  ਉਨ੍ਹਾਂ ਕਿਹਾ ਕਿ ਕੰਟਰੈਕਟ ਟਰੇਸਿੰਗ ਅਤੇ ਕੋਰੋਨਾ ਪਾਜੀਟਿਵ ਮਾਮਲਿਆਂ ਦੀ ਨਿਗਰਾਨੀ ਨੂੰ ਹੋਰ ਬੇਹਤਰ ਬਣਾਉਣ ਲਈ ਇਤਿਹਾਸ ਪੋਰਟਲ ਕਾਫੀ ਸਹਿਯੋਗੀ ਸਾਬਤ ਹੋਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਤਿਹਾਸ ਪੋਰਟਲ ਦੀ ਮਦਦ ਨਾਲ ਪ੍ਰਸ਼ਾਸਨ ਉਨ੍ਹਾਂ ਖੇਤਰਾਂ ਦੀ ਪਹਿਚਾਣ ਕਰ ਸਕਦਾ ਹੈ ਜਿਥੇ ਕੋਰੋਨਾ ਫੈਲਣ ਦੀ ਸੰਭਾਵਨਾ ਬਹੁਤ ਵੱਧ ਹੈ। ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਇਤਿਹਾਸ ਪੋਰਟਲ ਸਬੰਧੀ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੀ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਉਨ੍ਹਾਂ ਵਲੋਂ ਦਿਨ ਰਾਤ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ।

 ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਅੱਜ ਪੂਰਾ ਦੇਸ਼ ਬਹੁਤ ਮੁਸ਼ਕਿਲ ਦੌਰ ਤੋਂ ਗੁਜਰ ਰਿਹਾ ਹੈ ਅਤੇ ਸਾਰੇ ਸਿਹਤ ਸੇਵਾਵਾਂ ਦੇ ਪ੍ਰਤੀ ਉਮੀਦ ਨਾਲ ਦੇਖ ਰਹੇ ਹਨ, ਇਸ ਤਰ੍ਹਾਂ ਦੇ ਸਮੇਂ ਵਿੱਚ ਸਾਡੀ ਸਾਰਿਆਂ ਜ਼ਿੰਮੇਵਾਰੀ ਪਹਿਲਾਂ ਨਾਲੋਂ ਜ਼ਿਆਦਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 3500 ਤੋਂ 4000 ਕੋਵਿਡ ਟੈਸਟ ਹੋ ਰਹੇ ਹਨ ਜੋ ਕਿ ਇਕ ਚੰਗੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਟੈਸਟ ਹੋਣ ਨਾਲ ਅਸੀਂ ਸਾਰੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਕੰਮ ਕਰ ਸਕਦੇ ਹਾਂ।ਅਪਨੀਤ ਰਿਆਤ ਨੇ ਸਾਰੇ ਐਸ.ਡੀ.ਐਮਜ਼ ਅਤੇ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਵੀਰਵਾਰ ਸਵੇਰ ਤੋਂ ਆਪਣੇ-ਆਪਣੇ ਖੇਤਰਾਂ ਦੀਆਂ ਸਬਜੀਆਂ ਮੰਡੀਆਂ ਅਤੇ ਅਨਾਜ ਮੰਡੀਆਂ ਵਿੱਚ ਕੋਵਿਡ ਟੈਸਟਿੰਗ ਕੈਂਪ ਲਗਾਉਣ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਪੂਰੀ ਪਾਲਣਾ ਕਰਨ ਅਤੇ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸਮੇਂ-ਸਮੇਂ ’ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਲਈ ਵੀ ਕਿਹਾ।ਇਸ ਮੌਕੇ ’ਤੇ ਐਸ.ਪੀ. ਰਣਦੀਪ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਆਰੇ ਐਸ.ਐਮ.ਓਜ਼ ਹਾਜ਼ਰ ਸਨ।