5 Dariya News

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲੋਕ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਪਾਲਣਾ ਕਰਨ-ਕੁਮਾਰ ਅਮਿਤ

5 Dariya News

ਪਟਿਆਲਾ 05-May-2021

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਸ਼ਾਮ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਜੇਕਰ ਲੋਕਾਂ ਨੇ ਕਰਫਿਊ ਦੀ ਉਲੰਘਣਾ ਕੀਤੀ ਤਾਂ ਸਖ਼ਤੀ ਵਰਤਦਿਆਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਡੇਢ ਮਹੀਨੇ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 539 ਮਾਮਲੇ ਦਰਜ ਕੀਤੇ ਗਏ ਹਨ।ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠਲੇ ਇਸ ਫਲੈਗ ਮਾਰਚ ਦੀ ਸ਼ੁਰੂਆਤ ਲੀਲਾ ਭਵਨ ਚੌਂਕ ਤੋਂ ਹੋਈ। ਇਸ ਤੋਂ ਅੱਗੇ ਇਹ ਫਲੈਗ ਮਾਰਚ 22 ਨੰਬਰ ਫਾਟਕ ਪੁਲ, ਭੁਪਿੰਦਰਾ ਰੋਡ, ਫੁਹਾਰਾ ਚੌਂਕ, ਸਾਈਂ ਮਾਰਕੀਟ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਸੇਰਾਂ ਵਾਲਾ ਗੇਟ, ਬੱਸ ਅੱਡਾ, ਖੰਡਾ ਚੌਂਕ, ਤ੍ਰਿਪੜੀ, ਅਨੰਦ ਨਗਰ, ਸਿੱਧੂ ਕਲੋਨੀ, ਥਾਪਰ ਕਾਲਜ ਸਮੇਤ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਲੋਕਾਂ ਨੂੰ ਕਰਫਿਊ ਦੀ ਉਲੰਘਣਾ ਕਰਨ ਤੋਂ ਵਰਜਣ ਦੇ ਨਾਲ ਕੋਵਿਡ ਮਹਾਂਮਾਰੀ ਦੀ ਗੰਭੀਰਤਾ ਪ੍ਰਤੀ ਚੇਤੰਨ ਕਰਨ ਲਈ ਕੀਤਾ ਗਿਆ।ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਹ ਫਲੈਗ ਮਾਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਵਿਡ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਫਲੈਗ ਮਾਰਚ ਰਾਹੀਂ ਅਸੀਂ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਜਿਵੇਂ ਕਿ ਮਾਸਕ ਨੂੰ ਪਹਿਨਣਾ ਯਕੀਨੀ ਬਣਾਈਏ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਆਪਣੇ ਘਰਾਂ ਵਿੱਚ ਰਹੀਏ ਦਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਵਰਨਾਂ ਪ੍ਰਸ਼ਾਸਨ ਸਖ਼ਤੀ ਵਰਤੇਗਾ।ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਲਈ ਜ਼ਰੂਰੀ ਛੋਟਾਂ ਦਿੱਤੀਆਂ ਗਈਆਂ ਹਨ, ਪ੍ਰੰਤੂ ਲੋਕਾਂ ਨੂੰ ਸੰਜਮ ਵਰਤਦੇ ਹੋਏ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪੁਲਿਸ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ ਪਰੰਤੂ ਲੋਕਾਂ ਨੂੰ ਵੀ ਕਾਨੂੰਨ ਦੀ ਪਾਲਣਾ ਕਰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ ਪਰੰਤੂ ਇਸਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।ਇਸ ਦੌਰਾਨ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਡੀ.ਐਸ.ਪੀ. ਯੋਗੇਸ਼ ਕੁਮਾਰ, ਡੀ.ਐਸ.ਪੀ. ਸੌਰਵ ਜਿੰਦਲ ਸਮੇਤ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ।