5 Dariya News

ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਵਪਾਰੀ ਸੰਗਠਨਾਂ ਨਾਲ ਮੀਟਿੰਗ

ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਅਪੀਲ

5 Dariya News

ਮਾਨਸਾ 06-May-2021

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਵੱਖ ਵੱਖ ਵਪਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਦੋਵਾਂ ਉਚ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਮਾਨਸਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਪਾਸਾਰ ਨੂੰ ਵਧਣ ਤੋਂ ਰੋਕਿਆ ਜਾ ਸਕੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਇਹ ਨਾਜੁਕ ਦੌਰ ਹੈ ਜਦੋਂ ਕੋਰੋਨਾ ਮਹਾਂਮਾਰੀ ਤੋਂ ਕੀਮਤੀ ਜਾਨਾਂ ਬਚਾਉਣ ਵਿੱਚ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਅਜਿਹੀਆਂ ਗਾਈਡਲਾਈਨਜ਼ ਨਾਗਰਿਕਾਂ ਦੀ ਭਲਾਈ ਹਿੱਤ ਜਾਰੀ ਕੀਤੀਆਂ ਗਈਆਂ ਹਨ ਕਿਉਂ ਜੋ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲਦਾ ਹੈ ਅਤੇ ਇਸ ਦੀ ਚੇਨ ਨੂੰ ਤੋੜਨ ਲਈ ਸਿਹਤ ਸਲਾਹਾਂ ਦੀ ਪਾਲਣਾ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਫਿਰ ਵੀ ਹਰੇਕ ਨਾਗਰਿਕ ਨੂੰ ਖੁਦ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਸੰਕਟ ਦੇ ਇਸ ਦੌਰ ਤੋਂ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸਰਕਾਰ ਦੀਆਂ ਗਾਈਡਲਾਈਨਜ਼ ਅਨੁਸਾਰ ਹੀ ਸਮਾਜਿਕ ਤੌਰ ’ਤੇ ਵਿਚਰਿਆ ਜਾਵੇ। ਉਨ੍ਹਾਂ ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਤੇ ਵਾਰ ਵਾਰ ਹੱਥ ਧੋਣ ਦੇ ਨਿਯਮਾਂ ਦੀ ਪਾਲਣਾ ਲਈ ਵੀ ਆਖਿਆ। ਇਸ ਦੌਰਾਨ ਵਪਾਰੀਆਂ ਨੇ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੂੰ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਵਪਾਰੀ ਵਰਗ ਦੁਆਰਾ ਦੁਕਾਨਾਂ ਖੋਲ੍ਹਣ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪੜਾਅਵਾਰ ਢੰਗ ਨਾਲ ਇਸ ਦਾ ਹੱਲ ਕਰ ਦਿੱਤਾ ਜਾਵੇਗਾ।