5 Dariya News

ਸੰਤ ਇਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜ੍ਹਾ ਸਾਹਿਬ ਵਿਖੇ 50 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਦੀ ਸੁ਼ਰੂਆਤ 13 ਮਈ ਨੂੰ - ਡਿਪਟੀ ਕਮਿਸ਼ਨਰ

ਸੰਤ ਬਾਬਾ ਬਲਜਿੰਦਰ ਸਿੰਘ ਜੀ, ਮੁੱਖੀ, ਸੰਪਰਦਾਏ ਰਾੜ੍ਹਾ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਰ ਸੰਭਵ ਸਹਿਯੋਗ ਦੀ ਪੇਸ਼ਕਸ਼

5 Dariya News

ਲੁਧਿਆਣਾ 11-May-2021

ਕੋਵਿਡ ਪੋਜ਼ਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧੇ ਦੇ ਮੱਦੇਨਜ਼ਰ, ਖਾਸ ਕਰਕੇ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਦੱਸਿਆ ਕਿ 13 ਮਈ, 2021 ਤੋਂ 50 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਦੀ ਸੁਰੂਆਤ ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ, ਰਾੜਾ ਸਾਹਿਬ (ਲੁਧਿਆਣਾ) ਵਿਖੇ ਕੀਤੀ ਜਾਵੇਗੀ। ਇਹ ਕੇਂਦਰ ਕੋਰੋਨਾ ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਨਾਲ ਨਜਿੱਠਣ ਲਈ ਸਥਾਪਤ ਕੀਤਾ ਜਾ ਰਿਹਾ ਹੈ।ਹਸਪਤਾਲ ਵਿੱਚ ਇਮਾਰਤ ਅਤੇ ਹੋਰ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਪਾਇਲ ਸ. ਮਨਕੰਵਲ ਚਾਹਲ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਸੀਨੀਅਰ ਕਾਂਗਰਸੀ ਆਗੂ ਸ. ਗੁਰਦੇਵ ਸਿੰਘ ਲਾਪਰਾਂ ਦੇ ਨਾਲ ਦੱਸਿਆ ਕਿ ਹਸਪਤਾਲ ਦੀ ਇਹ ਇਮਾਰਤ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਲਈ ਇਕ ਆਦਰਸ਼ ਸਥਾਨ ਹੈ ਅਤੇ ਇਸ ਵਿਚ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ 50 ਆਕਸੀਜਨ ਵਾਲੇ ਬੈਡ ਹੋਣਗੇ. ਉਨ੍ਹਾਂ ਕਿਹਾ ਕਿ ਇਥੇ ਇਲਾਜ ਲਈ ਆਕਸੀਜਨ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਕੱਲ 12 ਮਈ, 2021 ਤੋਂ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾਣਗੇ ਤਾਂ ਜੋ ਸ਼ੁਰੂਆਤੀ ਪੜਾਅ 'ਤੇ ਇਲਾਜ ਸ਼ੁਰੂ ਕਰਨ ਨਾਲ ਉਨ੍ਹਾਂ ਨੂੰ ਲੈਵਲ-2 ਅਤੇ ਲੈਵਲ-3 ਤੱਕ ਪਹੁੰਚਣ ਤੋਂ ਬਚਾਅ ਕੀਤਾ ਜਾ ਸਕੇਗਾ, ਜਿਸ ਨਾਲ ਕੀਮਤੀ ਜਾਨਾਂ ਬਚ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਲਈ ਇੱਥੇ ਕਵਚ ਦੇ ਤੌਰ 'ਤੇ ਟੀਕਾਕਰਨ ਦੀ ਸੁਵਿਧਾ ਵੀ ਆਰੰਭ ਕੀਤੀ ਜਾਵੇਗੀ।

ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾ ਦੀ ਮੁੱਖ ਤਰਜੀਹ ਸਹਿ-ਬਿਮਾਰੀ ਵਾਲੇ ਪੱਛੜੇ ਇਲਾਕੇ ਦੇ ਲੋਕਾਂ ਦੀ ਦੇਖਭਾਲ ਕਰਨਾ ਹੈ ਜੋ ਗੰਭੀਰ ਬਿਮਾਰੀ ਨਾਲ ਪੀੜ੍ਹਤ ਹਨ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਲੂ ਵਰਗੇ ਲੱਛਣਾਂ ਨੂੰ ਹਲਕੇ ਵਿੱਚ ਨਾ ਲੈਣ ਅਤੇ ਜਲਦ ਹੀ ਡਾਕਟਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਸਿਹਤ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਟੈਸਟਿੰਗ ਕਰਨ ਕਰਕੇ ਸ਼ਹਿਰ ਵਿੱਚ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ।ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਹਾਲਾਂਕਿ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਮਹਾਂਮਾਰੀ ਦਾ ਮੁਕਾਬਲਾ ਕਰਨ ਅਤੇ ਲੋਕਾਂ ਨੂੰ ਇਸ ਸੰਕ੍ਰਮਣ ਦੀ ਮਾਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਰੀਜ਼ਾਂ ਲਈ ਸਰੀਰਕ ਬੁਨਿਆਦੀ ਢਾਂਚੇ ਨੂੰ ਆਧੁਨਿਕ ਲੀਹਾਂ 'ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕੋਵਿਡ ਕੇਅਰ ਸੈਂਟਰਾਂ ਵਿਚ ਠਹਿਰਣ ਦੌਰਾਨ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ.ਉਨ੍ਹਾਂ ਕਿਹਾ ਕਿ ਇਸ ਵਿਸ਼ਵਵਿਆਪੀ ਮਹਾਂਮਾਰੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਮੁੱਖ ਟੀਚਾ ਸਿਰਫ ਇਸ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਹੈ।ਸੰਤ ਬਾਬਾ ਬਲਜਿੰਦਰ ਸਿੰਘ ਜੀ, ਮੁਖੀ, ਸੰਪ੍ਰਦਾਏ ਰਾੜਾ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ-19 ਦੇ ਅਦਿੱਖ ਦੁਸ਼ਮਣ ਖ਼ਿਲਾਫ਼ ਲੜਾਈ ਵਿਚ ਪੂਰਾ ਸਮਰਥਨ ਅਤੇ ਹਸਪਤਾਲ ਦੀ ਪੇਸ਼ਕਸ਼ ਕੀਤੀ।