5 Dariya News

ਸਰਕਾਰੀ ਸਨਮਾਨਾ ਨਾਲ ਹੋਇਆ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਸ਼ਰਧਾਂਜਲੀ

5 Dariya News

ਜ਼ੀਰਾ/ਫ਼ਿਰੋਜ਼ਪੁਰ 12-May-2021

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਿਨਟ ਮੰਤਰੀ ਸ੍ਰ: ਇੰਦਰਜੀਤ ਸਿੰਘ ਜੀਰਾ ਦਾ ਬੁੱਧਵਾਰ ਨੂੰ ਬਸਤੀ ਬੂਟੇ ਵਾਲੀ ਜ਼ੀਰਾ ਸਥਿਤ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਹ 63 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਇਸ ਤੋਂ ਪਹਿਲਾਂ ਸ਼ਮਸ਼ਾਨ ਘਾਟ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ, ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਉਨ੍ਹਾਂ ਦੀ ਮ੍ਰਤਕ ਦੇਹ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆਂ ਅਤੇ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਫਾਜ਼ਿਲਕਾ ਦਵਿੰਦਰ ਘੁਬਾਇਆ, ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਮੋਗਾ ਡਾ. ਹਰਜੋਤ ਕਮਲ, ਸਾਬਕਾ ਸਾਸੰਦ ਸ਼ੇਰ ਸਿੰਘ ਘੁਬਾਇਆ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਹਰਦੇਵ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਐਸਪੀ ਸ੍ਰੀ ਭਾਗੀਰਥ ਮੀਨਾ ਅਤੇ ਐਸਡੀਐਮਜ਼ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹਵਾ ਵਿੱਚ ਫਾਇਰ ਕਰ ਕੇ ਸਲਾਮੀ ਭੇਟ ਕੀਤੀ ਗਈ। ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਜ਼ੀਰਾ ਤੋਂ ਮੌਜੂਦਾ ਵਿਧਾਇਕ ਸ. ਕੁਲਬੀਰ ਸਿੰਘ ਜੀਰਾ ਨੇ ਦਿੱਤੀ।

ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾ ਨਾਲ ਦਿਲੀ ਹਮਦਰਦੀ ਜਾਹਿਰ ਕਰਦੇ ਹੋਏ ਚੰਡੀਗੜ ਵਿਖੇ ਇੱਕ ਸ਼ੋਕ ਸੰਦੇਸ਼ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਦਰਜੀਤ ਸਿੰਘ ਜੀਰਾ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਸਨ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰ ਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੀ ਰਾਖੀ ਲਈ ਅਨਥੱਕ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾ ਨੂੰ ਦੁੱਖ ਦੀ ਇਸ ਘੜੀ ਵਿਚ ਭਾਨਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਸਸਕਾਰ ਦੌਰਾਨ ਮੌਜੂਦ ਰਾਜਨਿਤੀਕ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਉਨ੍ਹਾਂ ਦੇ ਬੇਟੇ ਸ. ਕੁਲਬੀਰ ਸਿੰਘ ਜ਼ੀਰਾ ਸਮੇਤ ਸਮੂਹ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਆਪਣਾ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਵੀ ਕੀਤੀ। ਉਨ੍ਹਾਂ ਦੇ ਪੁੱਤਰ ਵਿਧਾਇਕ ਜ਼ੀਰਾ ਸ. ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ  ਪਿਛਲੇ 3 ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਆਈ.ਵੀ.ਵਾਈ. ਹਸਪਤਾਲ ਮੋਹਾਲੀ ਵਿਖੇ ਚੱਲ ਰਿਹਾ ਸੀ। ਅੰਤਿਮ ਸੰਸਕਾਰ ਮੌਕੇ ਐਸਡੀਐਮ ਫਿਰੋਜ਼ਪੁਰ ਅਮਿਤ ਗੁਪਤਾ, ਐਸਡੀਐਮ ਜ਼ੀਰਾ ਰਣਜੀਤ ਸਿੰਘ, ਐਸਡੀਐਮ ਗੁਰੂਹਰਸਹਾਏ ਰਵਿੰਦਰ ਸਿੰਘ ਅਰੋੜਾ ਤੋਂ ਇਲਾਵਾ ਹਲਕਾ ਨਿਵਾਸੀ ਵੀ ਮੌਜੂਦ ਸਨ।