5 Dariya News

ਮੁੱਖ ਮੰਤਰੀ ਵੱਲੋਂ ਆਪਣੇ ਪਿੰਡ ਦੀ 100 ਫੀਸਦੀ ਵੈਕਸੀਨੇਸ਼ਨ ਕਰਵਾਉਣ ਵਾਲੀ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਸ਼ਲਾਘਾਯੋਗ-ਕੇ.ਕੇ. ਸ਼ਰਮਾ

ਸਰਪੰਚ ਡਾ. ਗੁਰਦੀਪ ਕੌਰ ਨੇ ਮੁੱਖ ਮੰਤਰੀ ਨੂੰ ਕੋਵਿਡ ਤੋਂ ਬਚਾਅ ਲਈ ਪਿੰਡ ਖਨੌੜਾ 'ਚ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ

5 Dariya News

ਪਟਿਆਲਾ 18-May-2021

ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ 100 ਫੀਸਦੀ ਵੱਸੋਂ ਦਾ ਟੀਕਾਕਰਨ ਕਰਵਾਉਣ ਵਾਲੀ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਸ਼ਲਾਘਾਯੋਗ ਹੈ, ਇਸ ਨਾਲ ਪਿੰਡਾਂ ਦੀ ਵੱਸੋਂ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਉਤਸ਼ਾਹਤ ਹੋਵੇਗੀ।ਸ੍ਰੀ ਕੇ.ਕੇ. ਸ਼ਰਮਾ, ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਲੱਖਣ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਤਹਿਤ ਸੂਬੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ 'ਚ ਕਰੜੇ ਪ੍ਰਬੰਧ ਕਰਨ ਲਈ ਪ੍ਰੇਰਤ ਕਰਨ ਵਾਸਤੇ ਵਰਚੂਅਲ ਪ੍ਰੋਗਰਾਮ ਰਾਹੀਂ ਸੰਬੋਧਨ ਕਰਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਤੇ ਹੋਰ ਮੌਜੂਦ ਸਨ।ਚੇਅਰਮੈਨ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਵੇਗਾ ਅਤੇ ਪੰਜਾਬ ਕੋਵਿਡ ਖ਼ਿਲਾਫ਼ ਜੰਗ ਜਰੂਰ ਜਿੱਤੇਗਾ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲੋਕਾਂ ਨੂੰ ਕੋਵਿਡ ਤੋਂ ਬਚਾਉਣ ਲਈ ਵੈਕਸੀਨੇਸ਼ਨ, ਸਹੀ ਸਮੇਂ 'ਤੇ ਟੈਸਟਿੰਗ, ਇਲਾਜ ਅਤੇ ਇਹਤਿਆਤ ਵਰਤਣੇ ਬਹੁਤ ਲਾਜਮੀ ਹਨ, ਜਿਸ ਲਈ ਅੱਜ ਮੁੱਖ ਮੰਤਰੀ ਨੇ ਖ਼ੁਦ ਪੇਂਡੂ ਖੇਤਰਾਂ ਲਈ ਇਹ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਸੀ।ਇਸ ਮੌਕੇ ਬਲਾਕ ਨਾਭਾ ਦੇ ਪਿੰਡ ਖਨੌੜਾ ਦੀ ਸਰਪੰਚ ਡਾ. ਗੁਰਦੀਪ ਕੌਰ ਨੇ ਮੁੱਖ ਮੰਤਰੀ ਨੂੰ ਆਪਣੇ ਪਿੰਡ 'ਚ ਕੋਵਿਡ ਤੋਂ ਬਚਾਅ ਲਈ ਕੀਤੇ ਉਪਰਾਲਿਆਂ ਅਤੇ ਵੈਕਸੀਨੇਸ਼ਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਪਿੰਡ 'ਚ 100 ਫੀਸਦੀ ਵੈਕਸੀਨੇਸ਼ਨ ਕਰਵਾਉਣਗੇ ਤਾਂ ਕਿ ਲੋਕਾਂ ਨੂੰ ਕੋਵਿਡ ਦੀ ਲਾਗ ਤੋਂ ਬਚਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰਸਟ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਮਹੰਤ ਹਰਵਿੰਦਰ ਸਿੰਘ ਖਨੌੜਾ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਚੰਦਰ ਜੋਤੀ, ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।