5 Dariya News

ਕਪੂਰਥਲਾ ਜਿਲ੍ਹੇ ਵਿਚ ‘ ਉਡਾਣ’ ਪ੍ਰਾਜੈਕਟ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵਲੋਂ ਲੋੜਵੰਦ ਲੜਕੀਆਂ ਨੂੰ ਸੈਨੇਟਰੀ ਪੈਡਾਂ ਦੀ ਵੰਡ, ਹਰੇਕ ਆਂਗਣਵਾੜੀ ਸੈਂਟਰ ’ਤੇ 50 ਲੜਕੀਆਂ ਹਰ ਮਹੀਨੇ ਮਿਲਣਗੇ ਪੈਡ

5 Dariya News

ਕਪੂਰਥਲਾ 28-May-2021

ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਉਡਾਣ’ ਪ੍ਰਾਜੈਕਟ ਦੀ ਅੱਜ ਕਪੂਰਥਲਾ ਜਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਸ਼ੁਰੂਆਤ ਕੀਤੀ ਗਈ। ਇਸ ਪ੍ਰਾਜੈਕਟ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫਤ ਸੈਨੇਟਰੀ ਨੈਪਕਿਨ  ਵੰਡੇ ਜਾਣੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਔਰਤਾਂ ਦੇ ਸ਼ਸ਼ਕਤੀਕਰਨ ਤੇ ਮਾਣ ਸਤਿਕਾਰ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਆਂਗਣਵਾੜੀ ਸੈਂਟਰ ਵਿਖੇ 50 ਮਹਿਲਾਵਾਂ ਨੂੰ ਪ੍ਰਤੀ ਮਹੀਨਾ 9-9 ਸੈਨੇਟਰੀ ਨੈਪਕਿਨ ਵੰਡੇ ਜਾਣੇ ਹਨ।ਇਸ ਨਾਲ ਮਹਿਲਾਵਾਂ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਹੋਣਗੀਆਂ ਕਿਉਂਕਿ ਮਾਸਿਕ ਧਰਮ ਸਮੇਂ ਵੀ ਉਹ ਆਪਣੀ ਰੋਜ਼ਾਨਾ ਜਿੰਦਗੀ ਆਤਮ ਵਿਸ਼ਵਾਸ ਤੇ ਮਾਣ ਨਾਲ ਜਿਊਣ ਦਾ ਮੌਕਾ ਮਿਲੇਗਾ।ਉਨਾਂ ਦੱਸਿਆ ਕਿ ਜਿਲ੍ਹੇ ਅੰਦਰ ਸਮਾਜਿਕ ਸੁਰੱਖਿਆ ਤੇ ਇਸਤਰੀ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਹਰੇਕ ਲੋੜਵੰਦ ਨੂੰ ਸੈਨੇਟਰੀ ਪੈਡ  ਦਿੱਤੇ ਜਾਣੇ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥਣਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਲਈ ਸਿੱਖਿਆ ਵਿਭਾਗ ਨਾਲ ਤਾਲਮੇਲ ਵੀ ਸਥਾਪਿਤ ਕਰਨ ਲਈ ਕਿਹਾ ਗਿਆ ਹੈ। ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸਨੇਹ ਲਤਾ ਨੇ ਦੱਸਿਆ ਕਿ ਜਿਲ੍ਹਾ ਕਪੂਰਥਲਾ ਦੀਆਂ 911 ਆਂਗਣਵਾੜੀ ਸੈਂਟਰਾਂ ਵਿਚ ਸੈਨੇਟਰੀ ਨੈਪਕਿਨ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।