5 Dariya News

ਸੌ ਫੀਸਦੀ ਵੈਕਸੀਨੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ: ਮਹਿੰਦਰ ਪਾਲ

ਸਬ ਡਵੀਜ਼ਨਾਂ ਅੰਦਰ ਐਸ.ਡੀ.ਐਮ ਖੁਦ ਕਰ ਰਹੇ ਹਨ ਟੀਕਾਕਰਨ ਕੈਂਪਾਂ ਦੀ ਨਿਗਰਾਨੀ

5 Dariya News

ਮਾਨਸਾ 24-Jun-2021

ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰੀ ਹਿੱਸਿਆਂ ਵਿੱਚ ਸੌ ਫੀਸਦੀ ਵੈਕਸੀਨੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਇਨ੍ਹੀਂ ਦਿਨੀਂ ਪੂਰੀ ਤਨਦੇਹੀ ਨਾਲ ਜੁਟਿਆ ਹੋਇਆ ਹੈ ਤਾਂ ਜੋ ਹਰ ਵਿਅਕਤੀ ਦਾ ਟੀਕਾਕਰਨ ਕਰਕੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ। ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਅੰਦਰ ਰੋਜ਼ਾਨਾ ਦੇ ਆਧਾਰ ’ਤੇ ਵਿਸ਼ੇਸ਼ ਸੈਂਪਲੰਗ ਤੇ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਦੀ ਨਿਗਰਾਨੀ ਖੁਦ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਨਾਗਰਿਕਾਂ ਦੀ ਸਰਗਰਮ ਸ਼ਮੂਲੀਅਤ ਸਦਕਾ ਹੀ ਪ੍ਰਸ਼ਾਸਨ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਯੋਜਨਾਬੱਧ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਟੀਕਾਕਰਨ ਕੈਂਪਾਂ ਦੀ ਸਫ਼ਲਤਾ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ ਕਿਉਂ ਜੋ ਕੋਰੋਨਾ ਤੋਂ ਬਚਾਅ ਲਈ ਟੀਕਾ ਲਗਵਾਉਣਾ ਬੇਹੱਦ ਜ਼ਰੂਰੀ ਹੈ ਅਤੇ ਲੋਕਾਂ ਨੂੰ ਲਗਾਤਾਰ ਪ੍ਰੇਰਿਆ ਜਾ ਰਿਹਾ ਹੈ ਅਤੇ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਇਨ੍ਹਾਂ ਕੈਂਪਾਂ ਤੋਂ ਪਹਿਲਾਂ ਘਰ ਘਰ ਜਾ ਕੇ ਨਾਗਰਿਕਾਂ ਨੂੰ ਟੀਕਾਕਰਨ ਦੇ ਫਾਇਦਿਆਂ ਬਾਰੇ ਜਾਗਰੂਕ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੁਰੱਖਿਆ ਲਈ ਇਹ ਸਭ ਤੋਂ ਅਹਿਮ ਮੁਹਿੰਮ ਹੈ ਜਿਸ ਵਿੱਚ ਹਰ ਨਾਗਰਿਕ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਹਤ ਸਲਾਹਾਂ ਦੀ ਪਾਲਣਾ ਵੀ ਨਾਲੋ ਨਾਲ ਕਰਨੀ ਲਾਜ਼ਮੀ ਹੈ ਜਿਸ ਵਿੱਚ ਵਾਰ ਵਾਰ ਹੱਥ ਧੋਣਾ, ਮਾਸਕ ਪਾਉਣਾ ਤੇ ਸਮਾਜਿਕ ਦੂਰੀ ਵੀ ਸ਼ਾਮਲ ਹਨ।ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਸਮੇਤ ਬੱਸ ਸਟੈਂਡ ਮਾਨਸਾ ਨੇੜੇ ਸਥਿਤ ਐਚ.ਪੀ ਪੈਟਰੋਲ ਪੰਪ ਵਿਖੇ ਆਯੋਜਿਤ ਟੀਕਾਕਰਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਨਾਗਰਿਕਾਂ ਨੂੰ ਖੁਦ ਦੇ ਅਤੇ ਆਲੇ ਦੁਆਲੇ ਵਸਦੇ ਹੋਰ ਲੋਕਾਂ ਦੀ ਸਿਹਤ ਸੁਰੱਖਿਆ ਦੀ ਨੈਤਿਕ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਇਹ ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹੇ ਅਤੇ ਇਸ ਕਾਰਜ ਲਈ ਰੋਜ਼ਾਨਾ ਵੱਖ ਵੱਖ ਥਾਈਂ 50 ਦੇ ਆਸ ਪਾਸ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਲੋੜੀਂਦੀ ਮਾਤਰਾ ਵਿੱਚ ਟੀਕੇ ਉਪਲਬਧ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਫ਼ਵਾਹ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ।