5 Dariya News

ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਕਜੁਟ ਹੋਣ ਦਾ ਸੱਦਾ

ਨਸ਼ਾ ਮੁਕਤੀ ਮੁਹਿੰਮ ਦੀ ਸਫਲਤਾ ਲਈ ਸਭ ਦਾ ਸਹਿਯੋਗ ਜ਼ਰੂਰੀ: ਵਿਧਾਇਕ ਮਾਨਸ਼ਾਹੀਆ

5 Dariya News

ਮਾਨਸਾ 26-Jun-2021

ਹਰੇਕ ਉਮਰ ਵਰਗ ਦੇ ਨਾਗਰਿਕ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਲਈ ਤਨ ਅਤੇ ਮਨ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਨਸ਼ੇ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਮਾਰੂ ਗ੍ਰਿਫ਼ਤ 'ਚ ਨਾ ਲੈ ਸਕਣ। ਇਹ ਪ੍ਰਗਟਾਵਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਵਰਚੂਅਲ ਕਾਨਫਰੰਸ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੋਂ ਹਿੱਸਾ ਲੈਣ ਤੋਂ ਬਾਅਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।ਬਾਅਦ ਵਿਚ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿਚ ਫਸ ਕੇ ਆਪਣਾ ਅਤੇ ਪਰਿਵਾਰਾਂ ਦਾ ਜੀਵਨ ਤਬਾਹ ਕਰਨ ਵਾਲਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕੀਤੀ ਠੋਸ ਕਾਰਵਾਈ ਕਰਕੇ ਹੀ ਸੂਬੇ ਅੰਦਰ ਨਸ਼ਾ ਤਸਕਰਾਂ ਨੂੰ ਸਜ਼ਾ ਦਿਵਾਉਣ ਦੀ ਦਰ 80 ਫੀਸਦੀ 'ਤੇ ਪਹੁੰਚ ਗਈ ਹੈ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ 'ਚ ਓਟ ਸੈਂਟਰ ਖੋਲ੍ਹੇ ਅਤੇ ਨਸ਼ਾ ਮੁਕਤੀ ਕੇਂਦਰ ਵੀ ਸਫ਼ਲਤਾ ਪੂਰਵਕ ਚੱਲ ਰਹੇ ਹਨ ਜਦੋਂਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਮਿਸ਼ਨ ਰੈਡ ਸਕਾਈ ਚਲਾਇਆ ਜਾ ਰਿਹਾ ਹੈ।

ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਬੱਚਿਆਂ ਤੇ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਗਏ ਹਨ ਜਿਸ ਨਾਲ ਯਕੀਨੀ ਤੌਰ ’ਤੇ ਪੰਜਾਬ ਪੁਲਿਸ ਵੱਲੋਂ ਜਿਥੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਉਥੇ ਹੀ ਨਸ਼ਿਆਂ ਦੇ ਸੇਵਨ ਨਾਲ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀਆਂ ਦਾ ਯੋਗ ਇਲਾਜ ਕਰਵਾਉਣ ਲਈ ਓਟ ਕਲੀਨਿਕ, ਨਸ਼ਾ ਮੁਕਤੀ ਕੇਂਦਰ, ਮੁੜ ਵਸੇਬਾ ਕੇਂਦਰ ਸਥਾਪਤ ਕਰਕੇ ਸਾਰਥਕ ਉਦਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਬੱਡੀ ਤੇ ਡੈਪੋ ਜਿਹੇ ਅਗਾਂਹਵਧੂ ਪ੍ਰੋਗਰਾਮਾਂ ਨਾਲ ਵੀ ਅਸੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿੱਚ ਕਾਮਯਾਬ ਹੋ ਪਾਏ ਹਾਂ ਅਤੇ ਭਵਿੱਖ ਵਿੱਚ ਵੀ ਅਜਿਹੇ ਯਤਨ ਹੋਰ ਤੇਜ਼ ਕੀਤੇ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਕੋਰੋਨਾ ਦੇ ਸੰਕਟ ਦੇ ਸਮੇਂ ਦੌਰਾਨ ਵੀ ਓਟ ਕਲੀਨਿਕਾਂ ਦੀ ਚੰਗੀ ਕਾਰਗੁਜ਼ਾਰੀ ਸਾਹਮਣੇ ਆਈ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਵਧੀਆ ਕੌਂਸਲਿੰਗ ਕਰਨ ਅਤੇ ਮਿਆਰੀ ਓ.ਪੀ.ਡੀ ਸੇਵਾਵਾਂ ਦੇ ਕੇ ਨਸ਼ਿਆਂ ਦੀ ਮਾਰੂ ਚੁਣੌਤੀ ਨਾਲ ਨਜਿੱਠਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਓਟ ਕਲੀਨਿਕਾਂ ਵਿਖੇ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਨਾਲੋ ਨਾਲ ਕੋਰੋਨਾ ਤੋਂ ਬਚਾਅ ਲਈ ਵੀ ਕਾਰਜ ਚੱਲਦੇ ਰਹਿਣ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਰਚੂਅਲ ਕਾਨਫਰੰਸ ਦੌਰਾਨ ਮੁੱਖ ਮੰਤਰੀ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਅੱਜ ਸ਼ੁਰੂ ਕੀਤੀ ਗਈ ਹਫਤਾਵਾਰੀ ਮੁਹਿੰਮ ਨੂੰ ਜ਼ਿਲ੍ਹੇ ‘ਚ ਪੂਰੇ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਜਾਵੇਗਾ। ਵਰਚੂਅਲ ਕਾਨਫਰੰਸ ਦੌਰਾਨ ਐਸ.ਪੀ ਰਾਕੇਸ਼ ਕੁਮਾਰ, ਡੀ.ਐਸ.ਪੀ ਸੰਜੀਵ ਗੋਇਲ, ਸਹਾਇਕ ਕਮਿਸ਼ਨਰ ਬਲਜੀਤ ਕੌਰ, ਨੋਡਲ ਅਫ਼ਸਰ ਕਾਲਜਾਂ ਡਾ. ਰਾਵਿੰਦਰ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।