5 Dariya News

ਜ਼ਿਲ੍ਹੇ ਵਿਚ ਇਕ ਦਿਨ ਵਿਚ ਰੀਕਾਰਡ 20 ਹਜ਼ਾਰ ਤੋਂ ਵੱਧ ਲੋਕਾਂ ਦਾ ਕੋਵਿਡ ਟੀਕਾਕਰਨ : ਸਿਵਲ ਸਰਜਨ

ਕੋਵਿਡ ਮਹਾਂਮਾਰੀ ਤੋਂ ਬਚਾਅ ਲਈ 18 ਸਾਲ ਤੋਂ ਉਪਰਲਾ ਹਰ ਵਿਅਕਤੀ ਕੋਵਿਡ-ਰੋਕੂ ਟੀਕਾ ਲਗਵਾਏ : ਡਾ. ਆਦਰਸ਼ਪਾਲ ਕੌਰ

5 Dariya News

ਮੋਹਾਲੀ 04-Jul-2021

‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਇਸ ਸਬੰਧ ਵਿਚ 3 ਜੁਲਾਈ ਨੂੰ ਜ਼ਿਲ੍ਹਾ ਭਰ ਵਿਚ ਵੱਖ-ਵੱਖ ਥਾਵਾਂ ਉਤੇ ਮੈਗਾ ਟੀਕਾਕਰਨ ਕੈਂਪ ਲਾਏ ਗਏ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵਿਕਰਾਂਤ ਨਾਗਰਾ ਨੇ ਦਸਿਆ ਕਿ ਇਕ ਦਿਨ ਵਿਚ ਰੀਕਾਰਡ 20,959 ਲੋਕਾਂ ਨੂੰ ਕੋਵਿਡ-ਰੋਕੂ ਟੀਕੇ ਲਗਾਏ ਗਏ ਹਨ ਜਿਨ੍ਹਾਂ ਵਿਚ ਪਹਿਲੀ ਖ਼ੁਰਾਕ ਲੈਣ ਵਾਲੇ 15469 ਅਤੇ ਦੂਜੀ ਖ਼ੁਰਾਕ ਲੈਣ ਵਾਲੇ 5490 ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ ਇਕ ਦਿਨ ਵਿਚ ਸਭ ਤੋਂ ਵੱਧ 29 ਅਪ੍ਰੈਲ ਨੂੰ 12480 ਲੋਕਾਂ ਨੂੰ ਟੀਕੇ ਲਾਏ ਗਏ ਸਨ। ਸਿਵਲ ਸਰਜਨ ਨੇ ਕਿਹਾ ਕਿ ਕੋਵਿਡ ਟੀਕਾਕਰਨ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਹਾਲੇ ਵੀ ਹੋਰ ਜ਼ਿਆਦਾ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖ਼ਾਸਕਰ ਬਜ਼ੁਰਗ ਹਾਲੇ ਵੀ ਟੀਕਾਕਰਨ ਤੋਂ ਵਾਂਝੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਅਪਣੇ ਲਾਗਲੇ ਸਿਹਤ ਕੇਂਦਰ ਵਿਚ ਜਾ ਕੇ ਟੀਕਾ ਲਗਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ।  ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿਚ ਦਵਾਈ ਦੀ ਕੋਈ ਘਾਟ ਨਹੀਂ ਅਤੇ 18 ਸਾਲ ਤੋਂ ਉਪਰਲੇ ਸਾਰੇ ਵਿਅਕਤੀਆਂ ਨੂੰ ਟੀਕਾ ਲਗਵਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। 

ਉਨ੍ਹਾਂ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਬਹੁਤ ਜ਼ਰੂਰੀ ਹੈ। ਕਈ ਲੋਕਾਂ ਨੂੰ ਲੱਗ ਰਿਹਾ ਹੈ ਕਿ ਟੀਕਾ ਲਗਵਾਉਣ ਤੋਂ ਬਾਅਦ ਮਾਸਕ ਪਾਉਣ ਦੀ ਲੋੜ ਨਹੀਂ ਪਰ ਇਹ ਧਾਰਨਾ ਬਿਲਕੁਲ ਗ਼ਲਤ ਹੈ। ਸਿਵਲ ਸਰਜਨ ਨੇ ਆਖਿਆ ਕਿ ਭਾਵੇਂ ਕੋਵਿਡ ਪਾਬੰਦੀਆਂ ਵਿਚ ਕਾਫ਼ੀ ਹੱਦ ਤਕ ਛੋਟਾਂ ਦਿਤੀਆਂ ਜਾ ਚੁੱਕੀਆਂ ਹਨ ਪਰ ਮਾਸਕ ਪਾਉਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਪਹਿਲਾਂ ਵਾਂਗ ਵਰਤਦੇ ਰਹਿਣ ਦੀ ਲੋੜ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ।ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ਕੋਰੋਨਾਵਾਇਰਸ’ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ।’’ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਮੁਕੰਮਲ ਖ਼ਾਤਮੇ ਲਈ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।