5 Dariya News

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਆਂਗਣਵਾੜੀ ਵਰਕਰਾਂ ਦੇ ਧਰਨੇ ਵਾਲੀ ਥਾਂ ਪੁੱਜ ਕੇ ਉਹਨਾਂ ਨਾਲ ਇਕਜੁੱਟਤਾ ਪ੍ਰਗਟਾਈ

5 Dariya News

ਮੁਹਾਲੀ 01-Oct-2021

ਦੀ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਐਲਾਨ ਉਸ ਵੇਲੇ ਕੀਤਾ ਜਦੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਆਂਗਣਵਾੜੀ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਈ। ਸ੍ਰੀਮਤੀ ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹਨਾਂ ਨੁੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਸੀ ਅਤੇ ਹੁਣ ਵੀ ਕਾਂਗਰਸ ਸਰਕਾਰ ਉਹਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਕੁਝ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਤਾਂ ਧਰਨੇ ਵਾਲੀ ਥਾਂ ’ਤੇ ਟੈਂਟ ਵੀ ਨਹੀਂ ਲਗਾਉਣ ਦੇ ਰਹੀ ਜਿਸ ਕਾਰਨ ਸਾਨੂੰ ਵਰ੍ਹਦੀ ਗਰਮੀ ਵਿਚ ਹੀ ਸੰਘਰਸ਼ ਕਰਨਾ ਪੈ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ, ਜੋ ਦੁਪਹਿਰ ਵੇਲੇ ਧਰਨੇ ਵਾਲੀ ਥਾਂ ਪਹੁੰਚੇ, ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰ ਬਾਦਲ ਨੇ ਉਹਨਾਂ ਨਾਲ ਅਤੇ ਹੋਰ ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ ਵਾਸਤੇ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਣਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਤੇ ਉਹਨਾਂ ਦੇ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਗਏ।ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਘੋਖੀਆਂ ਜਾਣਗੀਆਂ ਤੇ ਇਹਨਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੁੰ ਦਿੱਤਾ ਜਾ ਰਿਹਾ ਮਾਣ ਭੱਤਾ ਬਹੁਤ ਘੱਟ ਹੈ ਅਤੇ ਇਸ ਵਿਚ ਵਾਧਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਵੇਲੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਨੇ ਕੋਰੋਨਾ ਵਾਰੀਅਰਜ ਵਾਂਗ ਕੰਮ ਕੀਤਾ  ਪਰ ਇਹਨਾਂ ਨੁੰ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।