5 Dariya News

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਚਨਾਰਥਲ ਖੁਰਦ ਵਿਖੇ ਸੀਚੇਵਾਲ ਮਾਡਲ ਤਹਿਤ ਗੰਦੇ ਪਾਣੀ ਦੀ ਨਿਕਾਸੀ ਲਈ ਟੋਭਾ ਨਿਰਮਾਣ ਉਪਰੰਤ ਲੋਕ ਅਰਪਣ

ਪਿੰਡ ਦੇ ਨਵੇਂ ਟੋਭੇ ਵਿੱਚ ਸਾਫ ਕਰ ਕੇ ਪਾਇਆ ਜਾ ਰਿਹਾ ਹੈ ਪਾਣੀ ਸਿੰਜਾਈ ਲਈ ਵਰਤਿਆ ਜਾਵੇਗਾ

5 Dariya News

ਫ਼ਤਹਿਗੜ੍ਹ ਸਾਹਿਬ 18-Nov-2021

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਗ੍ਰਾਮ ਪੰਚਾਇਤ ਪਿੰਡ ਚਨਾਰਥਲ ਖੁਰਦ ਵਿਖੇ ਸੀਚੇਵਾਲ ਮਾਡਲ ਪ੍ਰੋਜੈਕਟ ਤਹਿਤ ਗੰਦੇ ਪਾਣੀ ਦੀ ਨਿਕਾਸੀ ਲਈ ਟੋਭੇ ਦਾ ਕੰਮ ਮੁਕੰਮਲ ਹੋਣ ਉਪਰੰਤ ਪਿੰਡ ਵਾਸੀਆ ਨੂੰ ਲੋਕ ਅਰਪਣ ਕੀਤਾ ਗਿਆ।ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਪੁਰਾਣੇ ਟੋਭੇ ਦਾ ਪਾਣੀ ਓਵਰ ਫਲੋ ਹੋਣ ਕਾਰਨ ਘਰਾਂ ਤੇ ਸਕੂਲ ਵਿੱਚ ਵੜ ਜਾਂਦਾ ਸੀ ਪਰ ਹੁਣ ਸੀਚੇਵਾਲ ਮਾਡਲ ਤਹਿਤ ਇਸ ਟੋਭੇ ਵਿੱਚ ਆਉਣ ਵਾਲਾ ਪਾਣੀ ਵਿਸ਼ੇਸ਼ ਖੂਹਾਂ ਵਿੱਚੋਂ ਹੁੰਦਾ ਹੋਇਆ ਸਾਫ਼ ਹੋਣ ਉਪਰੰਤ ਨਵੇਂ ਤਿਆਰ ਕੀਤੇ ਟੋਭੇ ਵਿੱਚ ਪੈਂਦਾ ਹੈ ਤੇ ਇਸ ਪਾਣੀ ਦੀ ਵਰਤੋਂ ਸਿੰਜਾਈ ਲਈ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਇਸ ਮੌਕੇ ਉਹਨਾਂ ਨੇ ਭਰੋਸਾ ਦਿੱਤਾ ਕਿ ਬਕਾਇਆ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਪਿੰਡ ਦੇ ਸਰਪੰਚ ਗੁਰਬਾਜ ਸਿੰਘ ਰਾਜੂ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ ਲੱਖੀ,ਜਗਤਾਰ ਸਿੰਘ ਫੌਜੀ,ਗੁਰਜੀਤ ਸਿੰਘ ਬੋਬੀ,ਗੁਰਿੰਦਰ ਸਿੰਘ ਡਿੰਪੀ,ਗੁਰਪ੍ਰੀਤ ਸਿੰਘ,ਕੁਲਵਿੰਦਰ ਕੌਰ ਸਾਰੇ ਪੰਚ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।