ਲੋਕਾਂ ਦੇ ਕੰਮਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ : ਨਵਜੋਤ ਸਿੰਘ ਸਿੱਧੂ
ਸਮੇਂ ਸਿਰ ਵਿਕਾਸ ਕਾਰਜਾਂ ਦੇ ਟੈਂਡਰ ਨਾ ਲਗਾਉਣ ਦੀ ਹੋਵੇਗੀ ਜਾਂਚ
5 Dariya News
ਅੰਮ੍ਰਿਤਸਰ 23-Nov-2021
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਜਿਲ੍ਹਾ ਪ੍ਰਬੰਧਕੀ ਹਾਲ ਵਿਖੇ ਪੂਰਬੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ।ਸ: ਸਿੱਧੂ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਦੇ ਟੈਂਡਰ ਇਕ ਵਾਰ ਹੀ ਲੱਗਣੇ ਚਾਹੀਦੇ ਹਨ ਅਤੇ ਬਾਰ ਬਾਰ ਟੈਂਡਰ ਲਗਾਉਣ ਵਾਲੇ ਅਧਿਕਾਰੀਆਂ ਦੀ ਜਾਂਚ ਕੀਤੀ ਜਾਵੇਗੀ ਕਿ ਵਾਰ-ਵਾਰ ਟੈਂਡਰ ਲਗਾ ਕੇ ਸਮਾਂ ਕਿਉਂ ਖ਼ਰਾਬ ਕੀਤਾ ਗਿਆ? ਸ: ਸਿੱਧੂ ਨੇ ਕਿਹਾ ਕਿ ਉਹ ਛੇਤੀ ਹੀ ਫਿਰ ਮੀਟਿੰਗ ਕਰਨਗੇ ਅਤੇ ਜਿਹੜੇ ਅਧਿਕਾਰੀਆਂ ਵੱਲੋਂ ਫੰਡਾਂ ਦੀ ਵਰਤੋਂ ਨਹੀਂ ਕੀਤੀ ਗਈ ਉਨਾਂ ਦੀ ਜਵਾਬਦੇਹੀ ਨਿਸ਼ਚਿਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਂਦੀ ਪਰ ਕੁਝ ਅਧਿਕਾਰੀਆਂ ਵਲੋਂ ਜਾਣ-ਬੁੱਝ ਕੇ ਵਿਕਾਸ ਕਾਰਜ ਦੇਰੀ ਨਾਲ ਕੀਤੇ ਜਾਂਦੇ ਹਨ, ਜੋ ਕਿ ਬਰਦਾਸ਼ਤਯੋਗ ਨਹੀਂ ਹਨ। ਉਨਾਂ ਕਿਹਾ ਕਿ ਅਗਲੀ ਹੋਣ ਵਾਲੀ ਮੀਟਿੰਗ ਵਿਚ ਅਧਿਕਾਰੀ ਇਹ ਰਿਪੋਰਟ ਲੈ ਕੇ ਆਉਣ ਕਿ ਕਿਥੇ ਕੰਮ ਰੁਕਿਆ ਜਾਂ ਸ਼ੁਰੂ ਕਿਉਂ ਨਹੀਂ ਹੋਇਆ?ਸ: ਸਿੱਧੂ ਨੇ ਕਿਹਾ ਕਿ ਹਲਕਾ ਪੂਰਬੀ ਵਿੱਚ ਸਭ ਤੋਂ ਪਹਿਲਾਂ ਗੋਲਡਨ ਗੇਟ ਤੋਂ ਲੈ ਕੇ ਹੁਸੈਨਪੁਰਾ ਚੌਂਕ ਤੱਕ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਰਸਤੇ ਵਿੱਚ ਕਿਤੇ ਵੀ ਰੇਤ ਦੀਆਂ ਟਰਾਲੀਆਂ ਖੜ੍ਹੀਆਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨਾਂ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਤੁਰੰਤ ਸ਼ੁਰੂ ਕਰਵਾਉਣ ਤਾਂ ਜੋ ਬਾਹਰੋਂ ਆਉਣ ਵਾਲੇ ਯਾਤਰੂਆਂ ’ਤੇ ਇਸਦਾ ਚੰਗਾ ਪ੍ਰਭਾਵ ਪਵੇ।
ਸ: ਸਿੱਧੂ ਨੇ ਪੂਰਬੀ ਹਲਕੇ ਵਿੱਚ ਸਟਰੀਟ ਲਾਈਟਾਂ ਅਤੇ ਮੁਧਲ ਰੋਡ ਤੇ ਬਣਨ ਵਾਲੀ ਸੜ੍ਹਕ ਵਿੱਚ ਦੇਰੀ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧ ਵਿੱਚ ਉਹ ਆਪਣਾ ਲਿਖ਼ਤੀ ਜਵਾਬ ਪੇਸ਼ ਕਰਨ ਕਿ ਅਜੇ ਤੱਕ ਸਟਰੀਟ ਲਾਈਟਾਂ ਕਿਉਂ ਨਹੀਂ ਲੱਗੀਆਂ, ਜਦਕਿ ਪੂਰੇ ਫੰਡਜ਼ ਆਏ ਹੋਏ ਹਨ ਅਤੇ ਇਸੇ ਤਰ੍ਹਾਂ ਹੀ ਮੁਧਲ ਸੜ੍ਹਕ ਦੇ ਕੰਮ ਵਿੱਚ ਦੇਰੀ ਕਿਉਂ ਹੋਈ ਹੈ। ਉਨਾਂ ਕਿਹਾ ਕਿ ਪੂਰਬੀ ਹਲਕੇ ਵਿੱਚ ਸਟਰੀਟ ਲਾਈਟਾਂ ਲਈ ਇੱਕ ਕਰੋੜ ਰੁਪਏ ਦਿੱਤੇ ਗਏ ਸਨ। ਪਰ ਫਿਰ ਵੀ ਅਜੇ ਤੱਕ ਸਟਰੀਟ ਲਾਟੀਟਾਂ ਦਾ ਕੰਮ ਮੁਕੰਮਲ ਕਿਉਂ ਨਹੀਂ ਹੋਇਆ।ਸ: ਸਿੱਧੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਕੋਡ ਆਫ਼ ਕੰਡਕ ਲੱਗਣ ਤੋਂ ਪਹਿਲਾਂ ਪਹਿਲਾਂ ਸਾਰੇ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਅਤੇ ਸਮਾਬੱਧ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇ। ਉਨਾਂ ਕਿਹਾ ਕਿ ਖਾਸ ਕਰਕੇ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦਸਿਆ ਕਿ ਪੂਰਬੀ ਹਲਕੇ ਵਿੱਚ 265 ਕੰਮਾਂ ਵਿਚੋਂ 29 ਕੰਮ ਮੁਕੰਮਲ ਹੋ ਚੁੱਕੇ ਹਨ ਅਤੇ 120 ਦੇ ਟੈਂਡਰ ਲੱਗ ਚੁੱਕੇ ਹਨ ਅਤੇ 116 ਕੰਮਾਂ ’ਤੇ ਕੰਮ ਚਲ ਰਿਹਾ ਹੈ। ਉਨਾਂ ਦੱਸਿਆ ਕਿ ਪੂਰਬੀ ਹਲਕੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਕੰਮ ਕਰਵਾਉਣ ਵਾਲੀਆਂ ਸਬੰਧਤ ਏਜੰਸੀਆਂ ਨੂੰ ਫੰਡ ਅਲਾਟ ਕਰ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ: ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਐਸ.ਡੀ.ਐਮ. ਸ੍ਰੀ ਟੀ ਬੈਨਿਥ ਅਤੇ ਰਾਜੇਸ਼ ਸ਼ਰਮਾ, ਐਕਸੀਅਨ ਸ: ਇੰਦਰਜੀਤ ਸਿੰਘ, ਨਗਰ ਨਿਗਮ ਦੇ ਐਸ.ਸੀ. ਸ੍ਰੀ ਮਹਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।