5 Dariya News

ਮੁੱਖ ਮੰਤਰੀ ਚੰਨੀ ਵੱਲੋਂ ਗੜੇਮਾਰੀ ਕਾਰਨ ਬਾਸਮਤੀ ਦੇ ਹੋਏ ਨੁਕਸਾਨ ਲਈ ਵੀ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ

ਅੰਦੋਲਨ ਦੌਰਾਨ ਦਿੱਲੀ ਪੁਲਿਸ ਅਤੇ ਆਰਪੀਐਫ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਕਰਵਾਉਣ ਲਈ ਮਾਮਲਾ ਅਮਿਤ ਸਾਹ ਕੋਲ ਉਠਾਉਣਗੇ

5 Dariya News

ਚੰਡੀਗੜ੍ਹ 28-Dec-2021

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਨਾਂ ਬਾਸਮਤੀ ਉਤਪਾਦਕਾਂ ਨੂੰ ਵੀ 17000 ਰੁਪਏ ਪ੍ਰਤੀ ਏਕੜ ਦੀ ਰਾਹਤ ਦੇਣ ਦਾ ਫੈਸਲਾ ਕੀਤਾ, ਜਿਨਾਂ ਦੀਆਂ ਫਸਲਾਂ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ ਗੜੇਮਾਰੀ ਕਾਰਨ ਕਾਫੀ ਨੁਕਸਾਨੀਆਂ ਗਈਆਂ ਸਨ। ਮੁੱਖ ਮੰਤਰੀ ਦੇ ਇਸ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਆਪਣਾ ਰੇਲ ਰੋਕੋ ਅੰਦੋਲਨ ਤੁਰੰਤ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਆਏ ਵਫਦ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਉਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਉਨਾਂ ਦੀਆਂ ਮੁਸ਼ਕਲਾਂ ਅਤੇ ਚਿੰਤਾਵਾਂ ਤੋਂ ਜਾਣੂ ਹੈ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਨੇ ਪਹਿਲਾਂ ਹੀ ਸੂਬੇ ਭਰ ਵਿੱਚ ਯੂਰੀਆ ਅਤੇ ਡੀਏਪੀ ਦੀ ਸਪਲਾਈ ਨੂੰ ਪ੍ਰਭਾਵਿਤ ਕੀਤਾ ਹੈ ਜਿਸ ਨਾਲ ਮੌਜੂਦਾ ਹਾੜੀ ਸੀਜ਼ਨ ਦੌਰਾਨ ਉਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।ਇਸ ਮੌਕੇ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰਾਂ ਕੀਤਾ ਗਿਆ ਜਿਹਨਾਂ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਿੱਲੀ ਪੁਲਿਸ ਅਤੇ ਆਰ.ਪੀ.ਐਫ ਵੱਲੋਂ ਦਰਜ ਕੀਤੇ ਗਏ ਕੇਸ, ਕਰਜ਼ਾ ਮੁਆਫੀ, ਕਿਸਾਨ ਅੰਦੋਲਨ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ, ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ, ਫਸਲੀ ਬੀਮਾ ਕਰਵਾਉਣ ਅਤੇ ਆਬਾਦਕਾਰ (ਕਿਸਾਨ ਜੋ ਲੰਬੇ ਸਮੇਂ ਤੋਂ ਬਿਨਾਂ ਕਿਸੇ ਮਾਲਕੀ ਅਧਿਕਾਰ ਦੇ ਜ਼ਮੀਨ ਤੇ ਖੇਤੀ ਕਰ ਰਹੇ ਹਨ) ਲਈ ਭੁਗਤਾਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਸ਼ਾਮਲ ਹਨ।ਵਿਚਾਰ ਚਰਚਾ ਨੂੰ ਸਮਾਪਤ ਕਰਦਿਆਂ ਮੁੱਖ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਅੰਦੋਲਨ ਦੌਰਾਨ ਦਿੱਲੀ ਪੁਲਿਸ ਅਤੇ ਆਰਪੀਐਫ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਤੁਰੰਤ ਵਾਪਸ ਲੈਣ ਲਈ ਇਹ ਮਾਮਲਾ ਜਲਦ ਹੀ ਗ੍ਰਹਿ ਮੰਤਰੀ ਅਮਿਤ ਸਾਹ ਕੋਲ ਉਠਾਉਣਗੇ। ਉਨਾਂ ਕਿਹਾ ਕਿ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਦੀਆਂ ਜਮੀਨਾਂ ਲਈ ਕਿਸਾਨਾਂ ਦਾ ਬਣਦਾ ਮੁਆਵਜ਼ਾ ਜਲਦ ਦੇਣ ਦਾ ਮਾਮਲਾ ਵੀ ਉਹ ਕੇਂਦਰ ਸਰਕਾਰ ਕੋਲ ਉਠਾਉਣਗੇ।

ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਆਪਣੀ ਸਰਕਾਰ ਦੀ ਇਕਜੁੱਟਤਾ ਦੁਹਰਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਅਜਿਹੇ ਕਿਸਾਨਾਂ ਦੀ ਸੂਚੀ ਵਿੱਚੋਂ ਬਹੁਤੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਵਿੱਤੀ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਬਾਰੇ ਪਹਿਲਾਂ ਹੀ ਵਿਚਾਰ ਕੀਤਾ ਜਾ ਚੁੱਕਾ ਹੈ।ਵਫਦ ਦੀ ਬੇਨਤੀ ‘ਤੇ, ਮੁੱਖ ਮੰਤਰੀ ਚੰਨੀ ਨੇ ਸਾਲ ਭਰ ਚੱਲੇ ਕਿਸਾਨ ਸੰਘਰਸ਼ ਤੋਂ ਪਹਿਲਾਂ ਇਕ ਹੋਰ ਅੰਦੋਲਨ ਦੌਰਾਨ ਮਾਰੇ ਗਏ ਤਿੰਨ ਕਿਸਾਨਾਂ ਦੇ ਨਾਂ ਵਿਸ਼ੇਸ਼ ਮਾਮਲੇ ਵਜੋਂ ਵਿੱਤੀ ਮੁਆਵਜ਼ੇ ਅਤੇ ਉਨਾਂ ਦੇ ਯੋਗ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਵਾਸਤੇ ਸਾਮਲ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ।ਆਬਾਦਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਲੋਨਾਈਜੇਸ਼ਨ ਵਿਭਾਗ ਨੂੰ ਇਸ ਸਬੰਧੀ ਚਾਰ ਕਿਸ਼ਤਾਂ ਵਿੱਚ ਅਦਾਇਗੀ ਕਰਨ ਦੀ ਇਜਾਜ਼ਤ ਦੇਣ ਉਪਰੰਤ ਲੰਬੇ ਸਮੇਂ ਤੋਂ ਜ਼ਮੀਨਾਂ ‘ਤੇ ਕਾਬਜ਼ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਲਈ ਰੂਪ ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।ਵਫਦ ਦੀ ਇੱਕ ਹੋਰ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਨੂੰ ਉਨਾਂ ਦੀ ਉਪਜ ਦਾ ਬਿਹਤਰ ਭਾਅ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਜਲਦ ਹੀ ਉਨਾਂ ਸਾਰੀਆਂ ਫਸਲਾਂ ਨੂੰ ਸੂਬੇ ਦੇ ਘੱਟੋ-ਘੱਟ ਸਮਰਥਨ ਮੁੱਲ ਅਧੀਨ ਲਿਆਉਣ ਲਈ ਨੀਤੀ ਤਿਆਰ ਕਰੇਗੀ ਜੋ ਮੌਜੂਦਾ ਸਮੇਂ ਕੇਂਦਰ ਦੇ ਘੱਟੋ-ਘੱਟ ਸਮਰਥਨ ਮੁੱਲ ਅਧੀਨ ਨਹੀਂ ਆਉਂਦੀਆਂ। ਇਸੇ ਤਰਾਂ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨੂੰ ਉਹਨਾਂ ਦੀ ਫਸਲਾਂ ਦੇ ਬਿਹਤਰ ਭਾਅ ਪ੍ਰਦਾਨ ਕਰਨ ਅਤੇ ਫਸਲੀ ਵਿਭਿੰਨਤਾ ਵੱਲ ਹੁਲਾਰਾ ਦੇਣ ਦੇ ਦੋਹਰੇ ਉਦੇਸਾਂ ਨਾਲ ਵਿਸਵ ਭਰ ਵਿੱਚ ਬਾਸਮਤੀ ਦੀ ਬਰਾਮਦ ਨੂੰ ਯਕੀਨੀ ਬਣਾਉਣ ਵਾਸਤੇ ਬਾਸਮਤੀ ਟ੍ਰੇਡਿੰਗ ਕਾਰਪੋਰੇਸ਼ਨ ਬਣਾਉਣ ਸਬੰਧੀ ਵਫਦ ਦੇ ਵਿਚਾਰ ਦਾ ਵੀ ਸਵਾਗਤ ਕੀਤਾ। ਦੋਵਾਂ ਮੁੱਦਿਆਂ ‘ਤੇ, ਮੁੱਖ ਮੰਤਰੀ ਚੰਨੀ ਨੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਇਸ ਸਬੰਧੀ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਵਿਸਥਾਰਪੂਰਵਕ ਅਧਿਐਨ ਕਰਨ ਲਈ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਏਸੀਐਸ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸਨਰ ਖੇਤੀਬਾੜੀ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਮੌਜੂਦ ਸਨ।