ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਨੌਜਵਾਨ ਵਰਗ ਨੂੰ ਵੋਟਾਂ ਬਣਾਉਣ,ਲਈ ਪ੍ਰੇਰਿਤ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦਾ ਸੱਦਾ
ਨੌਜਵਾਨਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਦੇ ਸਰਵੋਤਮ ਪੋਸਟਰ ਦੇ ਜੇਤੂ ਨੂੰ ਕੀਤਾ ਜਾਵੇਗਾ ਸਨਮਾਨਿਤ:ਥਿੰਦ
5 ਦਰਿਆ ਨਿਊਜ਼
ਐਸ.ਏ.ਐਸ ਨਗਰ 10-Mar-2014
ਚੋਣ ਕਮਿਸ਼ਨ ਭਾਰਤ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਤਹਿਤ 18 ਤੋਂ 20 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਅਤੇ ਆਪਣੀ ਵੋਟ ਦਾ ਸਮਝਦਾਰੀ ਨਾਲ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਕੈਂਪਸ ਅੰਬੈਸਡਰ ਨਿਯੁਕਤ ਕੀਤੇ ਗਏ ਹਨ ਜਿਹੜੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਵਿੱਚ ਵੋਟਾਂ ਪ੍ਰਤੀ ਸਾਕਾਰਾਤਮਕ ਰੁਝਾਨ ਪੈਦਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। '' ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਜ਼ਿਲ੍ਹਾ ਚੋਣ ਅਫਸਰ ਐਸ.ਏ.ਐਸ ਨਗਰ ਸ਼੍ਰੀ ਪ੍ਰਵੀਨ ਥਿੰਦ ਨੇ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚੋਂ ਚੁਣੇ ਗਏ ਕੈਂਪਸ ਅੰਬੈਸਡਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਵੋਟਾਂ ਬਣਾਉਣ ਲਈ ਲਾਮਬੰਦ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਵਿਦਿਆਰਥੀ ਆਪਣਾ ਨਾਮ ਜ਼ਰੂਰ ਦੇਖਣ ਕਿਉਂਕਿ ਵੋਟਰ ਸੂਚੀ ਵਿੱਚ ਨਾਮ ਨਾ ਦਰਜ ਹੋਣ ਦੀ ਸੂਰਤ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਜ਼ਿਲ੍ਹਾ ਚੋਣ ਅਫਸਰ ਨੇ ਕੈਂਪਸ ਅੰਬੈਸਡਰਾਂ ਨੂੰ ਅਪੀਲ ਕੀਤੀ ਕਿ ਵਿਦਿਅਕ ਅਦਾਰਿਆਂ ਵਿੱਚ ਇੱਕ ਸਰਵੇਖਣ ਕਰਕੇ ਇਹ ਪਤਾ ਲਗਾਇਆ ਜਾਵੇ ਕਿ ਹਾਲੇ ਤੱਕ ਕਿੰਨੇ ਬਾਲਗ ਵਿਦਿਆਰਥੀਆਂ ਨੇ ਵੋਟਾਂ ਨਹੀਂ ਬਣਵਾਈਆਂ ਤਾਂ ਜੋ ਉਨ੍ਹਾਂ ਨੂੰ ਇਸ ਅਹਿਮ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾ ਸਕੇ।
ਥਿੰਦ ਨੇ ਕਿਹਾ ਕਿ ਨੌਜਵਾਨ ਵਰਗ ਸਮਾਜ ਨੂੰ ਦਿਸ਼ਾ ਦੇਣ ਦੇ ਸਮਰੱਥ ਹੈ ਅਤੇ ਜਿਸ ਕਰਕੇ ਨੌਜਵਾਨ ਵਰਗ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਵਿਦਿਆਰਥੀ ਵਰਗ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਇਰਾਦੇ ਨਾਲ ਪੋਸਟਰ ਬਣਾਉਣ ਸਬੰਧੀ ਇੱਕ ਪ੍ਰਤੀਯੋਗਤਾ ਵੀ ਉਲੀਕੀ ਗਈ ਹੈ ਜਿਸ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਅਤੇ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਬਾਰੇ ਉਤਸ਼ਾਹਿਤ ਕਰਦਾ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਨਮਾਨਿਤ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਕੈਂਪਸ ਅੰਬੈਸਡਰਾਂ ਨੂੰ ਕਿਹਾ ਕਿ ਜੇ ਜ਼ਿਲ੍ਹਾ ਐਸ.ਏ.ਐਸ ਨਗਰ ਅੰਦਰ ਕਿਤੇ ਵੀ ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਜਾਂ ਐਸ.ਡੀ.ਐਮਜ਼ ਨੂੰ ਇਸ ਬਾਰੇ ਸੂਚਿਤ ਕਰਨ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਵੋਟ ਦੇ ਅਧਿਕਾਰ ਤੋਂ ਵਾਂਝੇ ਵਿਦਿਆਰਥੀਆਂ ਦੀਆਂ ਵੋਟਾਂ ਬਣਵਾਉਣ ਦੀ ਅੰਤਿਮ ਤਾਰੀਖ 28 ਮਾਰਚ ਹੈ ਇਸ ਲਈ ਨੌਜਵਾਨ ਵਰਗ ਨੂੰ ਵਿਆਪਕ ਪੱਧਰ 'ਤੇ ਜਾਗਰੂਕ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਸ਼੍ਰੀਮਤੀ ਨਰੇਸ਼ ਕਿਰਨ ਸਮੇਤ ਵੱਖ-ਵੱਖ ਕਾਲਜਾਂ ਦੇ ਕੈਂਪਸ ਅੰਬੈਸਡਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।