5 Dariya News

ਕੁਲਵੰਤ ਸਿੰਘ ਅਤੇ ਜੀਤੀ ਸਿੱਧੂ ਨੇ ਮੇਅਰ ਰਹਿੰਦੇ ਹੋਏ ਪਿੰਡਾਂ ਦਾ ਕੋਈ ਵਿਕਾਸ ਨਹੀਂ ਕੀਤਾ: ਰਵਨੀਤ ਬਰਾੜ

ਬਰਾੜ ਨੇ ਕੀਤਾ ਪਿੰਡਾਂ ਵਿਚ ਚੋਣ ਪ੍ਰਚਾਰ ਹੋਰ ਤੇਜ

5 Dariya News

ਮੋਹਾਲੀ 30-Jan-2022

ਸੰਯੁਕਤ ਸਮਾਜ ਮੋਰਚੇ ਦੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਇਸ ਮੌਕੇ ਪਿੰਡਾਂ ਦੇ ਵਸਨੀਕਾਂ ਵੱਲੋਂ ਪਿੰਡਾਂ ਵਿੱਚ ਨਾਹ ਦੇ ਬਰਾਬਰ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ ਅਤੇ ਰਵਾਇਤੀ ਪਾਰਟੀਆਂ ਨੂੰ ਜੰਮ ਕੇ ਕੋਸਿਆ ਗਿਆ।

ਬਰਾੜ ਨੇ ਹਲਕੇ ਦੇ ਪਿੰਡਾਂ ਕੁੰਭੜਾ, ਸੋਹਾਣਾ ਅਤੇ ਮੌਲੀ ਬੈਦਵਾਨ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਪਿੰਡਾਂ ਦੀ ਮਾੜੀ ਹਾਲਤ ਦੇਖ ਕੇ ਮੌਜੂਦਾ ਮੇਅਰ ਜੀਤੀ ਸਿੱਧੂ, ਜੋ ਕਿ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਭਰਾ ਹਨ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਜੋ ਕਿ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ, ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਮੇਅਰ ਰਹਿੰਦਿਆਂ ਆਪਣੀਆਂ ਜੇਬਾਂ ਭਰਨ ਵੱਲ ਹੀ ਧਿਆਨ ਦਿੱਤਾ ਜਦਕਿ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸਾਫ ਦੇਖੀ ਜਾ ਸਕਦੀ ਹੈ।ਬਰਾੜ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਰਹਿੰਦੇ ਹੋਏ ਭ੍ਰਿਸ਼ਟਾਚਾਰ ਕਰਨ ਵਿੱਚ ਰੁੱਝੇ ਰਹੇ ਅਤੇ ਮੋਹਾਲੀ ਸ਼ਹਿਰ ਦੇ ਵਿਕਾਸ ਵੱਲ ਉਨ੍ਹਾਂ ਨੇ ਕੋਈ ਧਿਆਨ ਨਹੀਂ ਦਿੱਤਾ। 

ਇਸੇ ਤਰ੍ਹਾਂ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਨੇ ਵੀ ਮੋਹਾਲੀ ਦੇ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਬਲਕਿ ਆਪਣੀਆਂ ਜੇਬਾਂ ਭਰਨ ਵੱਲ ਹੀ ਧਿਆਨ ਦਿੱਤਾ। ਇਸ ਦੇ ਨਾਲ ਹੀ ਬਰਾੜ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਤੇ ਵਰਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਵੀ ਆਪਣੇ ਕਾਰਜਕਾਲ ਵਿੱਚ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੁਲਵੰਤ ਨੇ ਮੌਕਾਪ੍ਰਸਤੀ ਦੀ ਸਿਆਸਤ ਕਰਦੇ ਹੋਏ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਤਤਕਾਲੀਨ ਸੱਤਾਧਾਰੀ ਪਾਰਟੀਆਂ ਨਾਲ ਸਮਝੌਤੇ ਕੀਤੇ। ਪਹਿਲਾਂ ਉਹ ਅਕਾਲੀ ਦਲ ਦੀ ਕਿਸ਼ਤੀ ਵਿੱਚ ਸਵਾਰ ਸਨ, ਜਿਸਤੋਂ ਬਾਅਦ ਕਾਂਗਰਸ ਨਾਲ ਵੀ ਸਮਝੋਤਾ ਕਰਕੇ ਮੇਅਰ ਬਣੇ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਚੋਣਾਂ ਲੜ ਰਹੇ ਹਨ। ਬਰਾੜ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਵਜੋਂ ਉਹ ਮੋਹਾਲੀ ਤੋਂ ਜਿੱਤਦੇ ਹਨ ਤਾਂ ਕਿਸਾਨੀ ਭਾਈਚਾਰੇ ਤੋਂ ਹੋਣ ਕਾਰਨ ਉਨ੍ਹਾਂ ਨੂੰ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਭਲੀਭਾਂਤ ਜਾਣਕਾਰੀ ਹੈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ।